ਮਹਿੰਦਰ ਸਿੰਘ ਰੱਤੀਆਂ
ਮੋਗਾ, 19 ਨਵੰਬਰ
ਇਲਾਕੇ ਵਿੱਚ ਸਖਤੀ ਦੇ ਬਾਵਜੂਦ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਵੱਧਦੇ ਜਾ ਰਹੇ ਹਨ। ਹਵਾ ਵਿਚ ਪ੍ਰਦੂਸ਼ਣ ਦੀ ਮਾਤਰਾ ਤੇਜ਼ੀ ਨਾਲ ਵਧਣ ਕਾਰਨ ਦਮਾ ਤੇ ਸਾਹ ਦੇ ਮਰੀਜ਼ਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੂਜੇ ਪਾਸੇ ਪ੍ਰਸ਼ਾਸਨ ਤੇ ਪੁਲੀਸ ਅਧਿਕਾਰੀ ਜ਼ਮੀਨੀ ਪੱਧਰ ’ਤੇ ਖੇਤਾਂ ਵਿੱਚ ਲਾਈ ਜਾ ਰਹੀ ਅੱਗ ਬੁਝਾਉਣ ਲਈ ਪੱਬਾਂ-ਭਾਰ ਹੋ ਗਏ ਹਨ। ਫ਼ਰੀਦਕੋਟ ਰੇਂਜ ਦੇ ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਅੱਜ ਜ਼ਿਲ੍ਹਾ ਮੋਗਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਅਤੇ ਐੱਸਐੱਸਪੀ ਜੇ. ਏਲਨਚੇਜ਼ੀਅਨ ਤੇ ਹੋਰ ਅਧਿਕਾਰੀ ਵੀ ਸਨ। ਇਸ ਮੌਕੇ ਆਈਜੀ ਨੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਇਸ ਮੌਕੇ ਆਈਜੀ ਸੰਧੂ ਨੇ ਦੱਸਿਆ ਕਿ ਮੋਗਾ ਜ਼ਿਲ੍ਹੇ ਵਿਚ 128 ਕਿਸਾਨਾਂ ਖ਼ਿਲਾਫ਼ ਐੱਫ਼ਆਈਆਰ ਦਰਜ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਉਨ੍ਹਾਂ ਦੇ ਧਿਆਨ ਵਿਚ ਲਿਆਂਦਾ ਕਿ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿਚ ਲਾਲ ਐਂਟਰੀ ਤੋਂ ਇਲਾਵਾ ਕਰੀਬ 10 ਲੱਖ ਰੁਪਏ ਜ਼ੁਰਮਾਨਾ ਵਸੂਲੀ ਲਈ ਨੋਟਿਸ ਜਾਰੀ ਕੀਤੇ ਗਏ ਹਨ। ਆਈਜੀ ਸੰਧੂ ਨੇ ਕਿਹਾ ਕਿ ਕਿਸਾਨਾਂ ਨੂੰ ਵੀ ਆਪਣੀ ਜ਼ਿੰਮੇਵਾਰੀ ਸਮਝਣੀ ਚਾਹੀਦੀ ਹੈ। ਉਨ੍ਹਾਂ ਹਦਾਇਤਾਂ ਦਿੱਤੀਆਂ ਕਿ ਜਿੱਥੇ ਕਿਤੇ ਵੀ ਝੋਨੇ ਦੀ ਪਰਾਲੀ ਬਾਕੀ ਪਈ ਹੈ ਜਾਂ ਕਿਤੇ ਝੋਨੇ ਦੀ ਕਟਾਈ ਬਾਕੀ ਰਹਿੰਦੀ ਹੈ, ਉੱਥੇ ਵਧੇਰੇ ਚੌਕਸੀ ਵਰਤੀ ਜਾਵੇ ਅਤੇ ਡਿਊਟੀ ’ਤੇ ਤਾਇਨਾਤ ਅਧਿਕਾਰੀ ਆਪਣੀ 100 ਫ਼ੀਸਦੀ ਹਾਜ਼ਰੀ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਨੈਸ਼ਨਲ ਗਰੀਨ ਟ੍ਰਿਬਿਊਨਲ ਦੀ ਹਦਾਇਤਾਂ ਅਨੁਸਾਰ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਮੂਹ ਪੁਲੀਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਕਿਤੇ ਵੀ ਕੋਈ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਏ। ਸਿਹਤ ਮਾਹਰਾਂ ਵੱਲੋਂ ਲੋਕਾਂ ਨੂੰ ਘਰ ਅੰਦਰ ਰਹਿਣ ਅਤੇ ਬਾਹਰੀ ਗਤੀਵਿਧੀਆਂ ਦੌਰਾਨ ਮਾਸਕ ਪਹਿਨਣ ਦੀ ਸਲਾਹ ਦਿੱਤੀ ਜਾ ਰਹੀ ਹੈ ਕਿਉਂਕਿ ਕਿਸਾਨਾਂ ਵੱਲੋਂ ਪਰਾਲੀ ਸਾੜਨ ਕਾਰਨ ਪਿੰਡਾਂ ਅਤੇ ਸ਼ਹਿਰਾਂ ਦੀ ਹਵਾ ਗੁਣਵੱਤਾ ਕਾਫੀ ਪ੍ਰਭਾਵਿਤ ਹੋ ਰਹੀ ਹੈ।
ਫਤਹਿਗੜ੍ਹ ਪੰਜਤੂਰ (ਹਰਦੀਪ ਸਿੰਘ): ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਕਣਕ ਦੀ ਸਿੱਧੀ ਬਿਜਾਈ ਨੂੰ ਉਤਸ਼ਾਹਿਤ ਕਰਨ ਲਈ ਖੁਦ ਖੇਤਾਂ ਵੱਲ ਨਿਕਲ ਤੁਰੇ ਹਨ। ਲੰਘੀ ਸ਼ਾਮ ਉਨ੍ਹਾਂ ਇੱਥੋਂ ਨਜ਼ਦੀਕੀ ਪਿੰਡ ਤੋਤਾ ਸਿੰਘ ਵਾਲਾ ਵਿੱਚ ਕਿਸਾਨ ਸੁਖਪਾਲ ਸਿੰਘ ਢਿੱਲੋਂ ਦੇ ਖੇਤਾਂ ਦਾ ਅਚਨਚੇਤੀ ਦੌਰਾ ਕੀਤਾ, ਜਿੱਥੇ ਖੇਤ ਵਿੱਚ ਕਣਕ ਦੀ ਹੈਪੀ ਸੀਡਰ ਅਤੇ ਸੁਪਰ ਸੀਡਰ ਨਾਲ ਸਿੱਧੀ ਬਿਜਾਈ ਕੀਤੀ ਜਾ ਰਹੀ ਸੀ। ਡਿਪਟੀ ਕਮਿਸ਼ਨਰ ਨੇ ਕਿਸਾਨ ਵੱਲੋਂ ਕਣਕ ਦੀ ਸਿੱਧੀ ਬਿਜਾਈ ਦਾ ਨਿਰੀਖਣ ਕੀਤਾ ਅਤੇ ਕਿਸਾਨ ਦੀ ਸ਼ਲਾਘਾ ਕੀਤੀ। ਇਸ ਮੌਕੇ ਡੀਸੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਣਕ ਦੀ ਸਿੱਧੀ ਬਿਜਾਈ ਲਈ ਕਿਸਾਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਸਬੰਧਤ ਬਿਜਾਈ ਸੰਦਾਂ ਉਪਰ ਵੀ ਸਬਸਿਡੀ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪਰਾਲੀ ਨੂੰ ਅੱਗ ਨਾ ਲਗਾਉਣ ਸਗੋਂ ਕਣਕ ਦੀ ਬਿਜਾਈ ਲਈ ਅਜਿਹੀ ਤਕਨੀਕ ਦੀ ਵਰਤੋਂ ਕਰਨ। ਉਨ੍ਹਾਂ ਕਿਹਾ ਕਿ ਉਕਤ ਕਿਸਾਨ ਸੁਖਪਾਲ ਸਿੰਘ ਦਾ 26 ਜਨਵਰੀ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਕਿਸਾਨ ਸੁਖਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਸਿੱਧੀ ਬਿਜਾਈ ਨਾਲ ਜਿੱਥੇ ਖੇਤਾਂ ਵਿੱਚ ਮਿੱਤਰ ਕੀੜਿਆਂ ਦਾ ਬਚਾਅ ਹੋ ਜਾਂਦਾ ਹੈ, ਉੱਥੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਵੱਧਦੀ ਹੈ।
ਪਿੰਡਾਂ ਵਿੱਚ ਜਾ ਕੇ ਪਰਾਲੀ ਨੂੰ ਲਾਈ ਅੱਗ ਬੁਝਵਾਈ
ਮਾਨਸਾ (ਪੱਤਰ ਪ੍ਰੇਰਕ): ਸਖ਼ਤੀ ਦੇ ਬਾਵਦੂਜ ਜਿੱਥੇ ਕਿਸਾਨ ਪਰਾਲੀ ਨੂੰ ਅੱਗ ਲਾਉਣ ’ਤੇ ਅੜੇ ਹੋਏ ਹਨ, ਉਥੇ ਹੀ ਹੁਣ ਅਧਿਕਾਰੀ ਵੀ ਅੱਗ ਬੁਝਾਉਣ ਲਈ ਖੇਤਾਂ ਵਿੱਚ ਦਾ ਉਤਰੇ ਹਨ। ਮਾਨਸਾ ਦੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਸਿੰਘ ਨੇ ਦੱਸਿਆ ਕਿ ਅੱਜ ਪਿੰਡ ਬੁਰਜ ਹਰੀ, ਰੱਲਾ, ਅਨੂਪਗੜ੍ਹ, ਜੋਗਾ, ਭੈਣੀਬਾਘਾ, ਮਾਖਾ, ਤਾਮਕੋਟ, ਖੋਖਰ ਕਲਾਂ, ਖੋਖਰ ਖੁਰਦ, ਰਮਦਿੱਤੇ ਵਾਲਾ, ਬਹਿਣੀਵਾਲ, ਗੁਰਨੇ ਖੁਰਦ, ਅੱਕਾਂਵਾਲੀ, ਬੁਰਜ ਹਰੀ, ਤਲਵੰਡੀ ਅਕਲੀਆ, ਦਾਨੇਵਾਲਾ, ਦਲੇਲ ਵਾਲਾ, ਰੋੜਕੀ ਵਿੱਚ ਪਰਾਲੀ ਨੂੰ ਲਗਾਈ ਜਾ ਰਹੀ ਅੱਗ ਨੂੰ ਅਧਿਕਾਰੀਆਂ ਵੱਲੋਂ ਮੌਕੇ ’ਤੇ ਜਾ ਕੇ ਬੁਝਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿਵਲ ਤੇ ਪੁਲੀਸ ਅਧਿਕਾਰੀ ਪਿੰਡਾਂ ਵਿਚ ਲਗਾਤਾਰ ਦੌਰਾ ਕਰ ਕੇ ਕਿਸਾਨ ਮਿਲਣੀਆਂ ਕਰ ਰਹੇ ਹਨ ਤਾਂ ਜੋ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਵੇ। ਇਸ ਤੋਂ ਇਲਾਵਾ ਜਿੱਥੇ ਕਿਤੇ ਵੀ ਪਰਾਲੀ ਨੂੰ ਲੱਗੀ ਅੱਗ ਦਾ ਮਾਮਲਾ ਸਾਹਮਣੇ ਆਉਂਦਾ ਹੈ, ਉਸ ’ਤੇ ਤੁਰੰਤ ਕਾਰਵਾਈ ਕਰਦਿਆਂ ਅੱਗ ਨੂੰ ਬੁਝਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਬਹੁਤ ਸਾਰੇ ਕਿਸਾਨ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਕਰਦਿਆਂ ਪਰਾਲੀ ਦਾ ਆਧੁਨਿਕ ਤਕਨੀਕਾਂ ਨਾਲ ਨਿਪਟਾਰਾ ਕਰ ਰਹੇ ਹਨ ਪਰ ਫਿਰ ਵੀ ਜਿੱਥੇ ਕਿਤੇ ਵੀ ਪਰਾਲੀ ਨੂੰ ਅੱਗ ਲਗਾਈ ਜਾਂਦੀ ਹੈ ਤਾਂ ਉੱਥੇ ਤਾਇਨਾਤ ਸਬੰਧਤ ਅਧਿਕਾਰੀਆਂ ਵੱਲੋਂ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਂਦੀ ਹੈ।
ਜਥੇਬੰਦੀ ਨੇ ਪਰਾਲੀ ਸਾੜਨ ਦੇ ਮਾਮਲੇ ’ਚ ਥਾਣੇ ਡੱਕਿਆ ਕਿਸਾਨ ਛੁਡਵਾਇਆ
ਬਰਨਾਲਾ (ਪਰਸ਼ੋਤਮ ਬੱਲੀ): ਝੋਨੇ ਦੀ ਪਰਾਲੀ ਸਾੜਨ ਦੇ ਮਾਮਲੇ ’ਚ ਥਾਣਾ ਧਨੌਲਾ ਵੱਲੋਂ ਹਿਰਾਸਤ ’ਚ ਲਏ ਪਿੰਡ ਉੱਪਲੀ ਦੇ ਕਿਸਾਨ ਨਿਰਭੈ ਸਿੰਘ ਉੱਪਲੀ ਨੂੰ ਬੀਕੇਯੂ ਡਕੌਂਦਾ (ਧਨੇਰ) ਦੀ ਅਗਵਾਈ ਹੇਠ ਕੱਲ੍ਹ ਸ਼ਾਮ ਛੁਡਵਾ ਲਿਆ ਗਿਆ ਹੈ। ਜਥੇਬੰਦੀ ਦੇ ਬਲਾਕ ਪ੍ਰਧਾਨ ਬਾਬੂ ਸਿੰਘ ਖੁੱਡੀ ਕਲਾਂ ਤੇ ਆਗੂ ਕੁਲਵਿੰਦਰ ਸਿੰਘ ਉੱਪਲੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੀ ਆੜ ਹੇਠ ਪੁਲੀਸ ਕਿਸਾਨਾਂ ਨੂੰ ਲਗਾਤਾਰ ਤੰਗ ਪ੍ਰੇਸ਼ਾਨ ਕਰ ਰਹੀ ਹੈ। ਕਿਹਾ ਕਿ ਇਸੇ ਦੇ ਚਲਦਿਆਂ ਕਿਸਾਨ ਨਿਰਭੈ ਸਿੰਘ ਉੱਪਲੀ ਨੂੰ ਧਨੌਲਾ ਥਾਣੇ ਦੀ ਪੁਲੀਸ ਜਬਰੀ ਫੜ ਕੇ ਲੈ ਗਈ। ਉਨ੍ਹਾਂ ਦੱਸਿਆ ਕਿ ਇਸ ਦੀ ਭਿਣਕ ਪੈਣ ’ਤੇ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਟਰਾਲੀਆਂ ਭਰ ਕੇ ਥਾਣੇ ਧਨੌਲਾ ਵੱਲ ਚਾਲੇ ਪਾ ਦਿੱਤੇ ਤੇ ਉੱਪਲੀ ਦੀ ਰਿਹਾਈ ਲਈ ਪੁਲੀਸ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿਨਾਂ ਸ਼ਰਤ ਰਿਹਾਅ ਕਰਨ ਦੀ ਮੰਗ ਕੀਤੀ। ਇਸ ਮੌਕੇ ਪੁੱਜੇ ਸੂਬਾ ਖਜ਼ਾਨਚੀ ਬਲਵੰਤ ਸਿੰਘ ਉੱਪਲੀ, ਸੁਖਮਿੰਦਰ ਸਿੰਘ ਅਤੇ ਰਣ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਫੈਸਲੇ ਨੂੰ ਸਹੀ ਸੰਦਰਭ ਵਿੱਚ ਲਾਗੂ ਕਰਨ ਦੀ ਥਾਂ ਵੱਖ-ਵੱਖ ਸਰਕਾਰਾਂ ਦੀਆਂ ਕਿਸਾਨ ਵਿਰੋਧੀ ਨੀਤੀਆਂ ਕਾਰਨ ਕਰਜ਼ੇ ਦੇ ਸੰਕਟ ਦਾ ਸਾਹਮਣਾ ਕਰ ਰਹੇ ਕਿਸਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾ ਰਹੀ ਹੈ।