ਐੱਨ ਓ ਸੀ ਨਾ ਮਿਲਣ ’ਤੇ ਭੜਕੇ ਅਕਾਲੀ ਤੇ ਕਾਂਗਰਸੀ
ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸਮਿਤੀ ਲਈ ਚਾਹਵਾਨ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖਲ ਕਰਨ ਵਾਸਤੇ ਲੋੜੀਂਦੀ ਐੱਨ ਓ ਸੀ ਨਾ ਦੇਣ ਕਰਕੇ ਰੋਹ ਵਿੱਚ ਆਏ ਅਕਾਲੀ ਅਤੇ ਕਾਂਗਰਸ ਆਗੂਆਂ ਨੇ ਇਕੱਠਿਆਂ ਪ੍ਰੈੱਸ ਕਾਨਫਰੰਸ ਕਰਕੇ ਸੱਤਧਾਰੀਆਂ ਦੇ ਕਥਿਤ ਇਸ਼ਾਰੇ ’ਤੇ ਅਧਿਕਾਰੀਆਂ ਵੱਲੋਂ ਪ੍ਰੇਸ਼ਾਨ ਕਰਨ ਦੇ ਇਲਜ਼ਾਮ ਲਾਏ ਗਏ। ਇਸ ਬਾਰੇ ਉਨ੍ਹਾਂ ਪੰਜਾਬ ਦੇ ਚੋਣ ਕਮਿਸ਼ਨਰ ਨੂੰ ਵੀ ਸ਼ਿਕਾਇਤ ਭੇਜ ਦਿੱਤੀ ਹੈ।
ਆਗੂਆਂ ਨੇ ਐਲਾਨ ਕੀਤਾ ਹੈ ਕਿ ਜੇ ਮੰਗਲਵਾਰ ਤੱਕ ਉਨ੍ਹਾਂ ਨੂੰ ਐੱਨ ਓ ਸੀ ਜਾਰੀ ਨਹੀਂ ਕੀਤੀ ਗਈ ਤਾਂ ਉਹ ਸੜਕਾਂ ਜਾਮ ਕਰ ਦੇਣਗੇ। ਬਲਾਕ ਵਿਕਾਸ ਪੰਚਾਇਤ ਅਫਸਰ ਕੋਟਕਪੂਰਾ ਦੇ ਦਫ਼ਤਰ ਵਿੱਚ ਆਪਣੇ-ਆਪਣੇ ਉਮੀਦਵਾਰਾਂ ਨਾਲ ਪਹੁੰਚੇ ਅਕਾਲੀ ਦਲ ਦੇ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਅਤੇ ਕਾਂਗਰਸ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਅਜੈਪਾਲ ਸਿੰਘ ਸੰਧੂ ਨੇ ਪੱਤਰਕਾਰਾਂ ਨੂੰ ਦਫਤਰ ਵਿੱਚ ਮੁਲਾਜ਼ਮਾਂ ਦੀਆਂ ਖਾਲੀ ਪਈਆਂ ਕੁਰਸੀਆਂ ਦਿਖਾਈਆਂ। ਉਨ੍ਹਾਂ ਕਿਹਾ ਕਿ ਚੋਣਾਂ ਦਾ ਅਮਲ ਸ਼ੁਰੂ ਹੋਣ ’ਤੇ ਜਦੋਂ ਮੁਲਾਜ਼ਮਾਂ ਨੂੰ ਦਫਤਰਾਂ ਵਿੱਚ ਹਾਜ਼ਰ ਰਹਿਣ ਦੀਆਂ ਹਦਾਇਤਾਂ ਕੀਤੀਆਂ ਹੁੰਦੀਆਂ ਹਨ, ਪਰ ਇੱਥੇ ਐੱਨ ਓ ਸੀ ਦੇਣ ਲਈ ਕੋਈ ਵੀ ਮੁਲਾਜ਼ਮ ਮੌਜੂਦ ਨਹੀਂ ਹੈ। ਉਨ੍ਹਾਂ ਕਿਹਾ ਕਿ ਐੱਨ ਓ ਸੀ ਨਾ ਮਿਲਣ ਕਰਕੇ ਸੋਮਵਾਰ ਨੂੰ ਪਹਿਲੇ ਦਿਨ ਉਨ੍ਹਾਂ ਦੀਆਂ ਪਾਰਟੀਆਂ ਦਾ ਕੋਈ ਵੀ ਉਮੀਦਵਾਰ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰ ਸਕਿਆ। ਉਨ੍ਹਾਂ ਚੋਣ ਕਮਿਸ਼ਨਰ ਨੂੰ ਪੱਤਰ ਭੇਜ ਕੇ ਮੰਗ ਕੀਤੀ ਕਿ ਨਾਮਜ਼ਦਗੀਆਂ ਲੈਣ ਦਾ ਇੱਕ ਦਿਨ ਵਧਾਇਆ ਜਾਵੇ ਅਤੇ ਗੈਰ ਹਾਜ਼ਰ ਮੁਲਾਜ਼ਮਾਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ। ਇਸ ਸਬੰਧੀ ਵਿਕਾਸ ਕੁਮਾਰ ਬਲਾਕ ਵਿਕਾਸ ਪੰਚਾਇਤ ਅਫਸਰ ਕੋਟਕਪੂਰਾ ਨੇ ਕਿਹਾ ਕਿ ਸਰਕਾਰ ਨੇ ਪੱਤਰ ਜਾਰੀ ਕੀਤਾ ਹੈ ਕਿ ਨਾਮਜ਼ਦਗੀ ਲਈ ਐੱਨ ਓ ਸੀ ਦੀ ਜ਼ਰੂਰਤ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਇਹ ਪੱਤਰ ਸਾਰਿਆਂ ਨੂੰ ਦੇ ਦਿੱਤਾ ਜਾਵੇਗਾ, ਇਸ ਲਈ ਹੁਣ ਕਿਸੇ ਵੀ ਤਰ੍ਹਾਂ ਦਾ ਕੋਈ ਮੁੱਦਾ ਨਹੀਂ ਰਹਿ ਗਿਆ।
