ਪਰਮਜੀਤ ਸਿੰਘ
ਫਾਜ਼ਿਲਕਾ, 6 ਨਵੰਬਰ
ਅੱਜ ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਫਾਜ਼ਿਲਕਾ ਵਿੱਚ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਨੂੰ ਸੰਬੋਧਨ ਕਰਨ ਪੁੱਜੇ ਅਤੇ ਉਨ੍ਹਾਂ ਨੇ ਜ਼ਿਲ੍ਹੇ ਨਾਲ ਸਬੰਧਤ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਵਿਧਾਇਕ ਬੈਂਸ ਭਰਾਵਾਂ ਅਤੇ ਸੁਖਪਾਲ ਖਹਿਰਾ ਨੇ ਸੂਬਾ ਸਰਕਾਰ ਨਾਲ ਨਵੀਂ ਦਿੱਲੀ ਜੰਤਰ ਮੰਤਰ ਵਿੱਚ ਖੇਤੀ ਕਾਨੂੰਨਾਂ ਖ਼ਿਲਾਫ਼ ਧਰਨਾ ਲਗਾ ਕੇ ਕਿਸਾਨ ਹਿਤੈਸ਼ੀ ਹੋਣ ਦਾ ਸਬੂਤ ਦਿੱਤਾ ਹੈ। ਦੂਜੇ ਪਾਸੇ ਪੰਜਾਬ ਵਿੱਚ ਲੰਮਾ ਸਮਾਂ ਰਾਜ ਕਰਨ ਵਾਲੇ ਅਤੇ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਕਹਾਉਣ ਵਾਲੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੇ ਕੇਂਦਰ ਦੀ ਮੋਦੀ ਸਰਕਾਰ ਅੱਗੇ ਗੋਡੇ ਟੇਕ ਦਿੱਤੇ ਹਨ। ਸ੍ਰੀ ਸਿੱਧੂੁ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਹਮੇਸ਼ਾ ਖੜ੍ਹੀ ਹੈ ਅਤੇ ਖੜ੍ਹੀ ਰਹੇਗੇ। ਨਗਰ ਕੌਂਸਲ ਚੋਣਾਂ ਬਾਰੇ ਉਨ੍ਹਾਂ ਕਿਹਾ ਕਿ ਕੋਵਿਡ 19 ਕਰਕੇ ਚੋਣਾਂ ਲੇਟ ਹੋ ਗਈਆਂ ਹਨ। ਜਲਦੀ ਨਗਰ ਕੌਂਸਲ ਦੀਆਂ ਚੋਣਾਂ ਦਾ ਐਲਾਨ ਹੋ ਜਾਵੇਗਾ।
ਪੰਜਾਬ ਨੂੰ ਬਚਾਉਣ ਲਈ ਸਾਰੀਆਂ ਪਾਰਟੀਆਂ ਅੱਗੇ ਆਉਣ: ਕਮਾਲੂ
ਮੌੜ ਮੰਡੀ (ਜਗਤਾਰ ਅਣਜਾਣ): ਜੰਤਰ-ਮੰਤਰ ਵਿੱਚ ਮੁੱਖ ਮੰਤਰੀ ਸਮੇਤ ਧਰਨਾ ਦੇ ਕੇ ਆਏ ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਜਗਦੇਵ ਸਿੰਘ ਕਮਾਲੂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਜਦੋਂ ਪੰਜਾਬ ਅਤੇ ਪੰਜਾਬ ਦੀ ਕਿਸਾਨੀ ਨਾਲ ਬਦਲਾਖੋਰੀ ਵਾਲੀ ਨੀਤੀ ਅਪਣਾ ਰਹੀ ਹੈ, ਉਸ ਸਮੇਂ ਅਕਾਲੀ ਤੇ ‘ਆਪ’ ਨੇ ਵੀ ਪੰਜਾਬ ਨਾਲ ਧ੍ਰੋਹ ਕਮਾਇਆ ਹੈ। ਉਨ੍ਹਾਂ ਕਿਹਾ ਕਿ ਇਹ ਸਮਾਂ ਵੋਟਾਂ ਲਈ ਸਿਆਸਤ ਚਮਕਾਉਣ ਦਾ ਨਹੀ, ਸਗੋਂ ਸਾਰੀਆਂ ਪਾਰਟੀਆਂ ਨੂੰ ਪੰਜਾਬ ਨੂੰ ਬਚਾਉਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇ ਪੰਜਾਬ ਦੇ ਵਿਧਾਇਕ ਕਿਸਾਨ ਨੂੰ ਬਚਾਉਣ ਲਈ ਅਸਤੀਫ਼ੇ ਦਿੰਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਅਸਤੀਫ਼ਾ ਦੇਣ ਲਈ ਅੱਗੇ ਆਉਣਗੇ।