ਅਕਾਲੀ ਦਲ ਅਤੇ ਭਾਜਪਾ ਉਮੀਦਵਾਰਾਂ ਨੂੰ ਕਾਗਜ਼ ਦਾਖ਼ਲ ਕਰਨ ਰੋਕਿਆ
ਕਾਂਗਰਸ ਦੇ ਦੋ ਉਮੀਦਵਾਰ ਹੀ ਨਾਮਜ਼ਦਗੀ ਦਾਖ਼ਲ ਕਰ ਸਕੇ; ਹਾਈ ਕੋਰਟ ’ਚ ਚੋਣ ਰੱਦ ਕਰਨ ਦੀ ਅਪੀਲ ਕਰਾਂਗੇ: ਜ਼ੀਰਾ
ਇੱਥੇ ਤਹਿਸੀਲਦਾਰ ਦਫ਼ਤਰ ਵਿੱਚ ਬਲਾਕ ਸਮਿਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੇ ਆਖ਼ਰੀ ਦਿਨ ਕੁੱਲ 96 ਉਮੀਦਵਾਰਾਂ ਨੇ ਕਾਗਜ਼ ਦਾਖ਼ਲ ਕੀਤੇ। ਇਸ ਦੌਰਾਨ ਕਾਂਗਰਸ ਦੇ ਦੋ ਉਮੀਦਵਾਰ ਹੀ ਨਾਮਜ਼ਦਗੀ ਦਾਖ਼ਲ ਕਰ ਸਕੇ ਜਦਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਉਮੀਦਵਾਰਾਂ ਨੂੰ ‘ਆਪ’ ਵਰਕਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਰੋਕ ਦਿੱਤਾ। ਇਸ ਦੌਰਾਨ ਅਕਾਲੀ ਦਲ ਦੇ ਵਰਕਰਾਂ ਨੇ ਰੋਸ ਜ਼ਾਹਿਰ ਕੀਤਾ। ਸਾਬਕਾ ਵਿਧਾਇਕ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਾਂਗਰਸ ਪ੍ਰਧਾਨ ਕੁਲਬੀਰ ਸਿੰਘ ਜ਼ੀਰਾ ਨੇ ਕਿਹਾ ਕਿ ਕੱਲ੍ਹ ਉਨ੍ਹਾਂ ਦੇ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਟੋਕਨ ਨਹੀਂ ਦਿੱਤੇ ਗਏ ਸਨ ਜਿਸ ਦੇ ਰੋਸ ਵਜੋਂ ਉਨ੍ਹਾਂ ਵੱਲੋਂ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਧਰਨੇ ਦੌਰਾਨ ਅਫ਼ਸਰਾਂ ਨੇ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਨੂੰ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਖੁਦ ਕਾਂਗਰਸੀ ਉਮੀਦਵਾਰਾਂ ਨੂੰ ਨਾਲ ਲਿਜਾ ਕੇ ਰਿਟਰਨਿੰਗ ਅਫ਼ਸਰ ਕੋਲ ਕਾਗਜ਼ ਦਾਖ਼ਲ ਕਰਵਾਉਣਗੇ ਜਿਸ ਕਾਰਨ ਉਨ੍ਹਾਂ ਰਾਤ 10 ਵਜੇ ਧਰਨਾ ਸਮਾਪਤ ਕਰ ਦਿੱਤਾ ਸੀ। ਅੱਜ ਪੁਲੀਸ ਅਤੇ ਪ੍ਰਸ਼ਾਸਨ ਵੱਲੋਂ ਕਾਂਗਰਸੀ ਉਮੀਦਵਾਰਾਂ ਨੂੰ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਲਈ ਆਪਣੀ ਨਿਗਰਾਨੀ ਹੇਠ ਤਹਿਸੀਲਦਾਰ ਦਫ਼ਤਰ ਜ਼ੀਰਾ ਵਿੱਚ ਲਿਜਾਇਆ ਗਿਆ ਪਰ ਉੱਥੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਉਨ੍ਹਾਂ ਨੂੰ ਕਤਾਰ ਵਿਚ ਨਹੀਂ ਲੱਗਣ ਦਿੱਤਾ ਅਤੇ ਉਨ੍ਹਾਂ ਨਾਲ ਕਥਿਤ ਧੱਕੇਸ਼ਾਹੀ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਹਾਈ ਕੋਰਟ ਵਿੱਚ ਉਮੀਦਵਾਰਾਂ ਦੇ ਕਾਗਜ਼ ਦਾਖ਼ਲ ਨਾ ਕੀਤੇ ਜਾਣ ਦੇ ਵਿਰੋਧ ਵਿੱਚ ਪਟੀਸ਼ਨ ਪਾਈ ਸੀ। ਹਾਈ ਕੋਰਟ ਵੱਲੋਂ ਬਣਾਏ ਗਏ ਕਮਿਸ਼ਨ ਦੇ ਮੈਂਬਰਾਂ ਦੀ ਹਾਜ਼ਰੀ ਵਿੱਚ ਪਿੰਡ ਲਹੁਕੇ ਕਲਾਂ ਤੋਂ ਕਾਂਗਰਸ ਦੇ ਉਮੀਦਵਾਰ ਲਵਪ੍ਰੀਤ ਕੌਰ ਪਤਨੀ ਜਗਸੀਰ ਸਿੰਘ ਅਤੇ ਕੁਲਦੀਪ ਕੌਰ ਪਤਨੀ ਬਲਵਿੰਦਰ ਸਿੰਘ ਦੇ ਨਾਮਜ਼ਦਗੀ ਪੱਤਰ ਜਮ੍ਹਾਂ ਕਰਵਾਏ ਗਏ ਜਦਕਿ ਬਾਕੀ ਉਮੀਦਵਾਰਾਂ ਨੂੰ ਟੋਕਨ ਤਾਂ ਵੰਡ ਦਿੱਤੇ ਗਏ ਪਰ 3 ਵਜੇ ਤੱਕ ਕਾਗਜ਼ ਦਾਖ਼ਲ ਨਹੀਂ ਕਰਨ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹਾਈ ਕੋਰਟ ਤੋਂ ਬਲਾਕ ਜ਼ੀਰਾ ਦੀਆਂ ਚੋਣਾਂ ਰੱਦ ਕਰਨ ਦੀ ਮੰਗ ਕੀਤੀ ਜਾਵੇਗੀ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਹਰਪ੍ਰੀਤ ਸਿੰਘ ਹੀਰੋ ਅਤੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕਰਵਾਉਣ ਤੋਂ ਰੋਕ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਪੁਲੀਸ ਅਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ‘ਆਪ’ ਉਮੀਦਵਾਰਾਂ ਤੇ ਪੁਲੀਸ ਵਿਚਾਲੇ ਝੜਪਾਂ ਵੀ ਹੋਈਆਂ ਜਿਸ ਕਾਰਨ ਸਥਿਤੀ ਤਣਾਅਪੂਰਨ ਹੋ ਗਈ। ਇਸ ਦੌਰਾਨ ਹਰਪਾਲ ਕੌਰ ਪਤਨੀ ਸਤਨਾਮ ਸਿੰਘ ਪਿੰਡ ਸੇਖਵਾਂ ਬੇਹੋਸ਼ ਹੋ ਗਈ ਜਿਸ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।

