ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 21 ਨਵੰਬਰ
ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ‘ਆਪ’ ਵੱਲੋਂ ਵਿਧਾਨ ਸਭਾ ਚੋਣਾਂ ਲਈ ਐਲਾਨੇ ਉਮੀਦਵਾਰ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਸਮਰਥਕਾਂ ਸਣੇ ਤਖ਼ਤ ਸ੍ਰੀ ਦਮਦਮਾ ਸਾਹਿਬ ’ਤੇ ਨਤਮਸਤਕ ਹੋ ਕੇ ਅਰਦਾਸ ਕਰ ਕੇ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ।
ਇੱਥੇ ਵੱਡੀ ਗਿਣਤੀ ਪਾਰਟੀ ਆਗੂ ਤੇ ਵਰਕਰ ਪਹਿਲਾਂ ਹੀ ਇਕੱਠੇ ਹੋ ਗਏ ਸਨ। ਇਸ ਮੌਕੇ ਵਿਧਾਇਕਾ ਬਲਜਿੰਦਰ ਕੌਰ ਨੇ ਕਿਹਾ ਕਿ ਪਾਰਟੀ ਦੇ ਵਰਕਰ ਅੱਜ ਤੋਂ ਹੀ ਚੋਣ ਪ੍ਰਚਾਰ ਲਈ ਕਮਰਕਸੇ ਕੱਸ ਲੈਣ। ਇਸ ਮਗਰੋਂ ਪ੍ਰੋ. ਬਲਜਿੰਦਰ ਕੌਰ ‘ਸ਼ਕਤੀ ਪ੍ਰਦਰਸ਼ਨ ਕਰਦਿਆਂ’ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ। ਉਨ੍ਹਾਂ ਟਿਕਟ ਮਿਲਣ ਦੀ ਖ਼ੁਸ਼ੀ ਵਿਚ ਪਰਮਾਤਮਾ ਦਾ ਸ਼ੁਕਰਾਨਾ ਕੀਤਾ ਤੇ ਸਫ਼ਲਤਾ ਲਈ ਅਰਦਾਸ ਕਰਦਿਆਂ ਚੋਣ ਮੁਹਿੰਮ ਆਰੰਭ ਕੀਤੀ। ਪਾਰਟੀ ਵਰਕਰਾਂ ਨੇ ਉਨ੍ਹਾਂ ਨੂੰ ਸਿਰੋਪਾਓ ਭੇਟ ਕੀਤਾ।
ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕਾ ਨੇ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਖ਼ਤਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੇ ਪੌਣੇ ਪੰਜ ਸਾਲ ਦੇ ਕਾਰਜਕਾਲ ਵਿੱਚ ਲੋਕਾਂ ਨਾਲ ਚੋਣਾਂ ਦੌਰਾਨ ਕੀਤੇ ਵਾਅਦਿਆਂ ਵਿੱਚੋਂ ਇੱਕ ਵੀ ਪੂਰਾ ਨਹੀਂ ਕੀਤਾ। ਚੋਣਾਂ ਨੇੜੇ ਆ ਜਾਣ ’ਤੇ ਧੜਾਧੜ ਐਲਾਨ ਕਰ ਕੇ ਲੋਕਾਂ ਨੂੰ ਭਰਮਾਉਣ ਦੀ ਕੋਸ਼ਿਸ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਤੇ ਕਾਂਗਰਸੀ ਇੱਕੋ ਤਰ੍ਹਾਂ ਦੀ ਰਾਜਨੀਤੀ ਕਰਦੇ ਆਏ ਹਨ। ਦੋਵੇਂ ਪਾਰਟੀਆਂ ਇਸ ਵਾਰ ਬੌਖ਼ਲਾਹਟ ਵਿੱਚ ਹਨ ਤੇ ‘ਆਪ’ ਖ਼ਿਲਾਫ਼ ਭੰਡੀ ਪ੍ਰਚਾਰ ਕਰਨ ਵਿੱਚ ਲੱਗੀਆਂ ਹੋਈਆਂ ਹਨ।