ਮੋਗਾ ’ਚ ਅਕਾਲੀ ਦਲ ਦੀ ਲੀਡਰਸ਼ਿਪ ਸੁਖਬੀਰ ਦੀ ਪਿੱਠ ’ਤੇ ਆਈ
ਸ਼੍ਰੋਮਣੀ ਅਕਾਲੀ ਦਲ ਇਸ ਸਮੇਂ ਗੰਭੀਰ ਸਿਆਸੀ ਸੰਕਟ ’ਚੋਂ ਲੰਘ ਰਿਹਾ ਹੈ ਪਰ ਇਸ ਦੇ ਬਾਵਜੂਦ ਅਕਾਲੀ ਵਰਕਰਾਂ ਤੇ ਆਗੂਆਂ ਵਿੱਚ ਸਾਲ 2027 ਦੀਆਂ ਚੋਣਾਂ ਲਈ ਪੂਰਾ ਉਤਸ਼ਾਹ ਹੈ।
ਇਥੇ ਧਰਮਕੋਟ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਦਾਅਵੇਦਾਰ ਰਾਜਿੰਦਰ ਸਿਘ ਡੱਲਾ ਦੀ ਅਗਵਾਈ ਹੇਠ ਮੀਟਿੰਗ ਕਰ ਕੇ ਸੁਖਬੀਰ ਦੀ ਅਗਵਾਈ ’ਚ ਭਰੋਸਾ ਪ੍ਰਗਟਾਇਆ ਗਿਆ। ਪਾਰਟੀ ਦੇ ਨਵੇਂ ਜਥੇਬੰਧਕ ਢਾਂਚੇ ਵਿੱਚ ਨਵ ਨਿਯੁਕਤ ਤਿੰਨ ਜ਼ਿਲ੍ਹਾ ਪ੍ਰਧਾਨਾਂ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਚੰਦ ਸਿੰਘ ਡੱਲਾ, ਜ਼ਿਲ੍ਹਾ ਮੋਗਾ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਅਤੇ ਮਰਹੂਮ ਸਾਬਕਾ ਕੈਬਨਿਟ ਮੰਤਰੀ ਅਜੀਤ ਸਿੰਘ ਕੋਹਾੜ ਦੇ ਪੋਤਰੇ ਜਲੰਧਰ ਦਿਹਾਤੀ ਦੇ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਨੂੰ ਸਨਮਾਨਿਤ ਕੀਤਾ ਗਿਆ।
ਅਕਾਲੀ ਆਗੂ ਰਾਜਿੰਦਰ ਸਿੰਘ ਡੱਲਾ ਨੇ ਕਿਹਾ ਕਿ ਪੰਜਾਬ ਦਾ ਅਸਲੀ ਵਾਰਸ ਸ਼੍ਰੋਮਣੀ ਅਕਾਲੀ ਦਲ ਹੈ। ਬਾਕੀ ਧਿਰਾਂ ਇੱਥੇ ਰਾਜ ਕਰਨ ਲਈ ਆਉਂਦੀਆਂ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਇੱਥੇ ਸੇਵਾ ਕਰਨ ਲਈ ਆਉਂਦਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਬਿਹਤਰੀ ਲਈ ਸੁਖਬੀਰ ਸਿੰਘ ਬਾਦਲ ਦੇ ਨਾਲ ਚਟਾਨ ਵਾਂਗ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਸ੍ਰੀ ਬਾਦਲ ਹੀ ਪੰਥ ਅਤੇ ਪੰਜਾਬ ਦੀ ਅਗਵਾਈ ਕਰਨ ਦੇ ਸਮਰੱਥ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਖਾਸਕਰ ਨੌਜਵਾਨ ਵਰਗ ਆਪਣੀ ਖੇਤਰੀ ਪਾਰਟੀ ਨਾਲ ਜੁੜਿਆ।
ਮੋਗਾ ਜ਼ਿਲ੍ਹੇ ਦੇ ਪ੍ਰਧਾਨ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਨੂੰ ਹੋਰ ਬੁਲੰਦੀਆਂ ’ਤੇ ਲਿਜਾਣ ਲਈ ਪਾਰਟੀ ਦੀ ਮਜ਼ਬੂਤੀ ਲਈ ਇੱਕਜੁਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੀ ਮਿਹਨਤ ਤੋਂ ਵਿਰੋਧੀ ਧਿਰਾਂ ਬੁਖਲਾਹਟ ਵਿੱਚ ਹਨ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਚੋਣਾਂ ਵਿੱਚ, ਪੰਜਾਬ ਦੇ ਲੋਕਾਂ ਦੇ ਸਮਰਥਨ ਨਾਲ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਵਿੱਚ ਸਰਕਾਰ ਬਣਨ ਤੋਂ ਕੋਈ ਵੀ ਤਾਕਤ ਨਹੀਂ ਰੋਕ ਸਕਦੀ।
ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਬਤੌਰ ਪਾਰਟੀ ਪ੍ਰਧਾਨ ਚੋਣ ਵੱਡੇ ਡੈਲੀਗੇਸ਼ਨ ਅਤੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਮੈਂਬਰਸ਼ਿਪ ਦੇ ਲੱਖਾਂ ਵਰਕਰਾਂ ਦੇ ਤਹਿਤ ਹੀ ਹੋਈ ਹੈ ਜੋ ਵਿਰੋਧੀ ਪਾਰਟੀਆਂ ਵੱਲੋਂ ਜਾਣਬੁੱਝ ਕੇ ਸੁਖਬੀਰ ਸਿੰਘ ਬਾਦਲ ਤੇ ਕਈ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ।
ਜਲੰਧਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਨੂੰ ਨਾਲ ਲੈ ਕੇ ਪੰਜਾਬ ਦਾ ਵੱਡਾ ਵਿਕਾਸ ਕੀਤਾ ਗਿਆ ਹੈ। ਹੁਣ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ ਜੋ ਪਹਿਲਾਂ ਦੀ ਵਾਂਗ ਹੁਣ ਫੇਰ ਆਪਣੀ ਜ਼ਿੰਮੇਦਾਰੀ ਨੂੰ ਨਿਭਾਉਣਗੇ।
ਇਸ ਮੌਕੇ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸੰਨੀ ਗਿੱਲ, ਸੀਨੀਅਰ ਆਗੂ ਤੇ ਬ੍ਰਾਹਮਣ ਸਭਾ ਪੰਜਾਬ ਦੇ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਰਾਜਵੰਤ ਸਿੰਘ ਮਾਹਲਾ ਅਤੇ ਬੂਟਾ ਸਿੰਘ ਦੌਲਤਪੁਰਾ ਰਵਦੀਪ ਸਿੰਘ ਦਾਰਾਪੁਰ, ਹਰੁਬੰਸ ਸਿੰਘ ਖਾਲਸਾ ਤੇ ਹੋਰ ਸੀਨੀਅਰ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਦਿਨੋ ਦਿਨ ਮਜਬੂਤ ਹੋ ਰਿਹਾ ਹੈ।