ਖੇਤਰੀ ਪ੍ਰਤੀਨਿਧ
ਬਰਨਾਲਾ, 11 ਨਵੰਬਰ
ਕੇਂਦਰੀ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਇੱਥੇ ਰੇਲਵੇ ਸਟੇਸ਼ਨ ’ਤੇ ਲੱਗੇ ਸਾਂਝੇ ਕਿਸਾਨ ਧਰਨੇ ਦੌਰਾਨ ਅੱਜ ਬੁਲਾਰਿਆਂ ਨੇ ਬੀਤੇ ਦਿਨ ਫਿਰੋਜ਼ਪੁਰ ਵਿੱਚ ਅਕਾਲੀ ਆਗੂਆਂ ਵੱਲੋਂ ਕਿਸਾਨਾਂ ’ਤੇ ਗੋਲੀਆਂ ਚਲਾਉਣ ਅਤੇ ਕਾਰ ਹੇਠ ਦਰੜਨ ਦੀ ਕੋਸ਼ਿਸ਼ ਦੀ ਕਾਰਵਾਈ ਦੀ ਸਖ਼ਤ ਨਿਖੇਧੀ ਕੀਤੀ ਅਤੇ ਦੋਸ਼ੀਆਂ ਵਿਰੁੱਧ ਢੁੱਕਵੀਆਂ ਧਾਰਾਵਾਂ ਅਧੀਨ ਕੇਸ ਦਰਜ ਕਰਕੇ ਗ੍ਰਿਫਤਾਰ ਕਰਨ ਦੀ ਮੰਗ ਕੀਤੀ। ਆਗੂਆਂ ਕਿਹਾ ਕਿ ਕਿਸਾਨ ਅਕਾਲੀ ਆਗੂ ਹਰਸਿਮਰਤ ਕੌਰ ਬਾਦਲ ਤੋਂ ਖੇਤੀ ਕਾਨੂੰਨਨਾਂ ਬਾਰੇ ਸਵਾਲ ਪੁੱਛਣ ਲਈ ਇਕੱਠੇ ਹੋਏ ਸਨ। ਜਵਾਬ ਦੇਣ ਦਾ ਵਾਅਦਾ ਕਰਕੇ ਕਿਸਾਨਾਂ ਨੂੰ ਦੋ ਘੰਟੇ ਤੱਕ ਰੋਕੀ ਰੱਖਿਆ। ਪਰ ਬਾਅਦ ਵਿੱਚ ਜਵਾਬ ਦੇਣ ਦੀ ਥਾਂ ਇੱਕ ਹੋਰ ਲਖੀਮਪੁਰ ਖੀਰੀ ਕਾਂਡ ਰਚਣ ਦੀ ਕੋਝੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਆਗੂਆਂ ਅਕਾਲੀ ਦਲ ਨੂੰ ਚਿਤਾਵਨੀ ਦਿੱਤੀ ਕਿ ਉਹ ਕਿਸਾਨ ਸੰਘਰਸ਼ ਵਿਰੋਧੀ ਕੋਝੀਆਂ ਕੋਸ਼ਿਸ਼ਾਂ ਤੋਂ ਬਾਜ਼ ਆਵੇ। ਧਰਨੇ ਨੂੰ ਕਰਨੈਲ ਸਿੰਘ ਗਾਂਧੀ, ਰਣਧੀਰ ਸਿੰਘ ਰਾਜਗੜ੍ਹ, ਬਲਜੀਤ ਸਿੰਘ ਚੌਹਾਨਕੇ, ਕੁਲਵਿੰਦਰ ਕੌਰ ਖੁੱਡੀ, ਕੁਲਵੰਤ ਸਿੰਘ ਠੀਕਰੀਵਾਲਾ ਨੇ ਸੰਬੋਧਨ ਕੀਤਾ। ਬੁਲਾਰਿਆਂ ਨੇ ਗੁਲਾਬੀ ਸੁੰਡੀ ਪੀੜ੍ਹਤ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਅਜੇ ਤੱਕ ਵੀ ਮੁਆਵਜ਼ਾ ਨਾ ਮਿਲਣ ਬਾਰੇ ਚਰਚਾ ਵੀ ਕੀਤੀ।
ਰਾਮਪੁਰਾ ਫੂਲ (ਪੱਤਰ ਪ੍ਰੇਰਕ): ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਵਾਲਾ ਕਾਨੂੰਨ ਬਨਾਉਣ ਦੀ ਮੰਗ ਨੂੰ ਲੈ ਕੇ ਬੀਕੇਯੂ ਏਕਤਾ ਡਕੌਂਦਾ ਦੀ ਅਗਵਾਈ ਵਿੱਚ ਰਾਮਪੁਰਾ ਰੇਲਵੇ ਸਟੇਸ਼ਨ ’ਤੇ ਲੱਗਿਆ ਪੱਕਾ ਮੋਰਚਾ ਅੱਜ 403ਵੇੱ ਦਿਨ ਵੀ ਜੋਸ਼ੋ ਖਰੋਸ਼ ਨਾਲ ਜਾਰੀ ਰਿਹਾ। ਇਸ ਮੌਕੇ ਬੁਲਾਰਿਆਂ ਨੇ ਪੰਜਾਬ ਸਰਕਾਰ ਦੇ ਮੰਡੀਆਂ ਖ਼ਤਮ ਕਰਨ ਦੇ ਫੈਸਲੇ ਦੀ ਦੀ ਨਿਖੇਧੀ ਕੀਤੀ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਡੀਏਪੀ ਖਾਦ ਦੇ ਕੋਈ ਪੁਖਤਾ ਪ੍ਰਬੰਧ ਨਾ ਕਰਨ ਦੀ ਵੀ ਨਿਖੇਧੀ ਕੀਤੀ।
ਮਹਿਲ ਕਲਾਂ (ਪੱਤਰ ਪ੍ਰੇਰਕ): ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਖੇਤੀ ਕਾਨੂੰਨਾਂ ਖਿਲਾਫ ਮਹਿਲ ਕਲਾਂ ਵਿੱਚ ਕਿਸਾਨਾਂ ਦਾ ਪੱਕਾ ਮੋਰਚਾ ਜਾਰੀ ਹੈ। ਅੱਜ ਕੇਂਦਰ ਸਰਕਾਰ ਦੇ ਨਾਲ ਨਾਲ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਸੂਬਾ ਸਰਕਾਰ ’ਤੇ ਕਣਕ ਦੀ ਬਿਜਾਈ ਲਈ ਡੀਏਪੀ ਪੂਰਾ ਕਰਨ ਵਿੱਚ ਅਸਫਸਲ ਰਹਿਣ ਦੇ ਦੋਸ਼ ਲਗਾਏ। ਇਸ ਮੌਕੇ ਜਗਰਾਜ ਹਰਦਾਸਪੁਰਾ,ਮਲਕੀਤ ਸਿੰਘ ਮਹਿਲ ਕਲਾਂ ਨੇ ਕਿਹਾ ਕਿ ਫਿਰੋਜ਼ਪੁਰ ਵਿੱਚ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਸਵਾਲ ਪੁੱਛਣ ਪਹੁੰਚੇ ਕਿਸਾਨਾਂ ’ਤੇ ਹਮਲਾ ਕਰਨ ਵਾਲੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ। ਇਸੇ ਤਰ੍ਹਾਂ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਅਗਵਾਈ ਹੇਠ ਬਰਨਾਲਾ ਲੁਧਿਆਣਾ ਮੁੱਖ ਮਾਰਗ ‘ਤੇ ਭੱਦਲਵੱਡ ਨੇੜੇ ਰਿਲਾਇੰਸ ਪੈਟਰੋਲ ਪੰਪ ਅੱਗੇ ਕਿਸਾਨਾਂ ਦਾ ਪੱਕਾ ਧਰਨਾ ਜਾਰੀ ਹੈ।