ਜਸਵੰਤ ਜੱਸ
ਫਰੀਦਕੋਟ, 27 ਅਪਰੈਲ
ਯੂਥ ਅਕਾਲੀ ਦਲ ਦੇ ਆਗੂ ਤੇ ਐਡਵੋਕੇਟ ਗੁਰਪਾਲ ਸਿੰਘ ਸੰਧੂ ਨੇ ਪਰਿਵਾਰ ਸਮੇਤ ‘ਆਪ’ ਦੇ ਉਮੀਦਵਾਰ ਕਰਮਜੀਤ ਅਨਮੋਲ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਹਾਜ਼ਰੀ ਵਿੱਚ ਚੋਣ ਮੀਟਿੰਗ ਦੌਰਾਨ ਆਪ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਜਿਨ੍ਹਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਉਮੀਦਵਾਰ ਕਰਮਜੀਤ ਅਨਮੋਲ ਨੇ ਭਰਵਾਂ ਸੁਆਗਤ ਕੀਤਾ। ਗੁਰਪਾਲ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ, ਵਿਕਾਸ ਕਾਰਜਾਂ ਅਤੇ ਲੋਕ ਪੱਖੀ ਨੀਤੀਆਂ ਨੂੰ ਵੇਖਦਿਆਂ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਵਿਧਾਇਕ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਗੂਆਂ ਤੇ ਵਰਕਰਾਂ ਦੇ ਹਿੱਤਾਂ ਦੇ ਨਾਲ-ਨਾਲ ਪੰਜਾਬ ਦੇ ਸਮੁੱਚੇ ਵਰਗਾਂ ਲਈ ਖਿਆਲ ਰੱਖਦਿਆਂ ਪੰਜਾਬ ਦੇ ਵਿਕਾਸ ਤੇ ਤਰੱਕੀ ਦੀਆਂ ਲੀਹਾਂ ਉੱਪਰ ਤੋਰਨ ਲਈ ਵਚਨਬੱਧ ਹੈ। ਉਮੀਦਵਾਰ ਕਰਮਜੀਤ ਅਨਮੋਲ ਨੇ ਕਿਹਾ ਕਿ ਉਹ ਲੋਕ ਸਭਾ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਕੇ ਸੰਸਦ ਵਿੱਚ ਲੋਕਾਂ ਦੀ ਹਿੱਤਾਂ ਲਈ, ਖਾਸ ਕਰ ਸਿੱਖਿਆ, ਸਿਹਤ ਅਤੇ ਰੁਜ਼ਗਾਰ ਨੂੰ ਪ੍ਰਫੁੱਲਿਤ ਕਰਨ ਲਈ ਆਵਾਜ਼ ਬੁਲੰਦ ਕਰਨਗੇ।