ਸਰਬ ਭਾਰਤ ਨੌਜਵਾਨ ਸਭਾ ਵੱਲੋਂ ਫਾਜ਼ਿਲਕਾ ’ਚ ਡੀਸੀ ਦਫ਼ਤਰ ਅੱਗੇ ਮੁਜ਼ਾਹਰਾ
ਪਰਮਜੀਤ ਸਿੰਘ
ਫਾਜ਼ਿਲਕਾ, 27, ਜੂਨ
ਸਰਬ ਭਾਰਤ ਨੌਜਵਾਨ ਸਭਾ ਅਤੇ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਵੱਲੋਂ ਬਨੇਗਾ ਪ੍ਰਾਪਤੀ ਮੁਹਿੰਮ ਦੇ ਬੈਨਰ ਹੇਠ ਡੀਸੀ ਅੱਗੇ ਮੁਜ਼ਾਹਰਾ ਕੀਤਾ ਗਿਆ। ਇਸ ਦੌਰਾਨ ਹਫ਼ਤੇ ’ਚ 90 ਘੰਟੇ ਕੰਮ ਦੀ ਤਜਵੀਜ਼ ਵਿਰੋਧ ਕੀਤਾ ਗਿਆ। ਧਰਨਾਕਾਰੀਆਂ ਨੇ ਭਗਤ ਸਿੰਘ ਕੌਮੀ ਰੁਜ਼ਗਾਰ ਗਾਰੰਟੀ ਕਾਨੂੰਨ ਬਣਾਉਣ ਅਤੇ 6 ਘੰਟੇ ਦੀ ਦਿਹਾੜੀ ਕਰਨ ਦੀ ਮੰਗ ਕੀਤੀ। ਇਸ ਪ੍ਰਦਰਸ਼ਨ ਦੀ ਅਗਵਾਈ ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਰਮਨ ਧਰਮੂ ਵਾਲਾ, ਜ਼ਿਲ੍ਹਾ ਸਕੱਤਰ ਸਟਾਲਿਨ ਲਮੋਚੜ, ਸਰਬ ਭਾਰਤ ਨੌਜਵਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਸੁਬੇਗ ਝੰਗੜ ਭੈਣੀ, ਜ਼ਿਲ੍ਹਾ ਸਕੱਤਰ ਹਰਭਜਨ ਛੱਪੜੀ ਵਾਲਾ, ਨੌਜਵਾਨ ਆਗੂ ਨਰਿੰਦਰ ਢਾਬਾਂ, ਗੁਰਦਿਆਲ ਢਾਬਾਂ, ਕੁਲਦੀਪ ਬੱਖੂ ਸ਼ਾਹ ਅਤੇ ਸੋਨੂ ਧੁਨਕੀਆਂ ਨੇ ਕੀਤੀ।
ਸਾਥੀ ਰਮਨ ਧਰਮੂ ਵਾਲਾ ਅਤੇ ਸੁਬੇਗ ਝੰਗੜ ਭੈਣੀ ਨੇ ਕਿਹਾ ਕਿ ਮੌਜੂਦਾ ਕੇਂਦਰ ਸਰਕਾਰ ਅਤੇ ਦੇਸ਼ ਦੇ ਪੂੰਜੀਪਤੀਆਂ ਵੱਲੋਂ 12 ਘੰਟੇ ਕੰਮ ਦੀ ਦਿਹਾੜੀ ਅਤੇ ਹਫ਼ਤੇ ’ਚ 90 ਘੰਟੇ ਕੰਮ ਦੀ ਨੀਤੀਆਂ ਲਾਗੂ ਕਰਨਾ ਮਜ਼ਦੂਰਾਂ ਲਈ ਬਹੁਤ ਘਾਤਕ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਜਿਥੇ ਕੰਮ ਦਾ ਬੋਝ ਵਧੇਗਾ, ਉਥੇ ਐਤਵਾਰ ਦੀ ਛੁੱਟੀ ਵੀ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਚਾਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਆਗੂਆਂ ਨੇ ਕਿਹਾ ਪੰਜਾਬ ’ਚ ਲਗਾਤਾਰ ਵੱਧ ਰਹੇ ਨਸ਼ਿਆਂ ਨੂੰ ਰੋਕਣ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤਾ ਜਾ ਰਿਹਾ ਹੈ ਪਰ ਇਸ ਦੇ ਨਤੀਜੇ ਚੰਗੇ ਨਹੀਂ ਆ ਰਹੇ। ਆਗੂਆਂ ਨੇ ਕਿਹਾ ਕਿ ਰੁਜ਼ਗਾਰ ਦੀ ਗਾਰੰਟੀ ਕਰਨ ਨਾਲ ਹੀ ਦੇਸ਼ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਮੁਕੰਮਲ ਤੌਰ ’ਤੇ ਕੱਢਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਮੰਗਾਂ ਮੰਨੇ ਜਾਣ ਤੱਕ ਸੰਘਰਸ਼ ਜਾਰੀ ਰਹੇਗਾ।