ਪੱਤਰ ਪ੍ਰੇਰਕ
ਭਗਤਾ ਭਾਈ, 1 ਜਨਵਰੀ
ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਵੱਲੋਂ ਨਵੇਂ ਸਾਲ ਮੌਕੇ ਸਰਬੱਤ ਦੇ ਭਲੇ ਲਈ ਇਤਿਹਾਸਕ ਗੁਰਦੁਆਰਾ ਤਾਰੂਆਣਾ ਸਾਹਿਬ ਮਲੂਕਾ ਵਿੱਚ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਿੱਚ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸ੍ਰੀ ਮਲੂਕਾ ਨੇ ਸੰਗਤ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ। ਇਸ ਉਪਰੰਤ ਮੀਟਿੰਗ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਾਂਗਰਸ ਸਰਕਾਰ ‘ਤੇ ਬਦਲਾਖੋਰੀ ਦੀ ਪਿਰਤ ਪਾਉਣ ਦੇ ਦੋਸ਼ ਲਗਾਏ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਬੇਅਦਬੀ ’ਤੇ ਸਿਆਸਤ ਕਰਨ ਤੇ ਝੂਠੀਆਂ ਸਹੁੰਆਂ ਖਾ ਕੇ ਸੱਤਾ ਹਾਸਲ ਕਰਨ ਦੀ ਸਜ਼ਾ ਮਿਲੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਕਾਂਗਰਸ ਸਰਕਾਰ ਵੱਲੋਂ ਬੰਦ ਕੀਤੀਆਂ ਸਾਰੀਆਂ ਸਹੂਲਤਾਂ ਮੁੜ ਚਾਲੂ ਕੀਤੀਆਂ ਜਾਣਗੀਆਂ। ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਮਲੂਕਾ ਨੇ ਕਿਹਾ ਕਿ ਨੌਜਵਾਨ ਵਰਗ ਚੋਣਾਂ ਦੌਰਾਨ ਅਕਾਲੀ-ਬਸਪਾ ਦੀ ਜਿੱਤ ਲਈ ਅਹਿਮ ਭੂਮਿਕਾ ਨਿਭਾਵੇਗਾ। ਇਸ ਮੌਕੇ ਹਲਕਾ ਰਾਮਪੁਰਾ ਨਾਲ ਸਬੰਧਿਤ ਅਕਾਲੀ ਦਲ ਤੇ ਬਸਪਾ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ।