ਪੱਤਰ ਪ੍ਰੇਰਕ
ਮਾਨਸਾ, 23 ਸਤੰਬਰ
ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਰੇਟਾ ਨੇ ਮਾਨਸਾ ਜ਼ਿਲ੍ਹੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪਿਛਲੇ ਕਰੀਬ ਛੇ ਮਹੀਨਿਆਂ ਤੋਂ ਮਾਣਭੱਤਾ ਨਾ ਮਿਲਣ ਦਾ ਨੋਟਿਸ ਲਿਆ ਹੈ। ਇਸ ਦੌਰਾਨ ਉਨ੍ਹਾਂ ਐਲਾਨ ਕੀਤਾ ਹੈ ਕਿ ਜੇਕਰ 26 ਸਤੰਬਰ ਤੱਕ ਮਾਣਭੱਤਾ ਨਾ ਖਾਤਿਆਂ ਵਿੱਚ ਪਾਇਆ ਗਿਆ ਤਾਂ 27 ਸਤੰਬਰ ਨੂੰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਰਕਾਰ ਇੱਕ ਪਾਸੇ ਸਤੰਬਰ ਦੇ ਪੂਰੇ ਮਹੀਨੇ ਨੂੰ ਪੋਸ਼ਣ ਮਾਹ ਦੇ ਰੂਪ ਵਿੱਚ ਮਨਾਇਆ ਜਾ ਰਿਹਾ ਹੈ ਅਤੇ ਦੂਜੇ ਪਾਸੇ ਆਂਗਣਵਾੜੀ ਮੁਲਾਜ਼ਮਾਂ ਨੂੰ ਤਨਖਾਹ ਨਾ ਦੇਕੇ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਣਭੱਤੇ ਦੀ ਨਿਗੂਣੀ ਜਿਹੀ ਰਾਸ਼ੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਪਿਛਲੇ ਛੇ ਮਹੀਨਿਆਂ ਤੋਂ ਨਹੀਂ ਦਿੱਤੀ ਜਾ ਰਹੀ ਹੈ।