ਪੱਤਰ ਪ੍ਰੇਰਕ
ਗਿੱਦੜਬਾਹਾ, 20 ਮਈ
ਆਂਗਣਵਾੜੀ ਮੁਲਾਜ਼ਮ ਯੂਨੀਅਨ ਸੀਟੂ ਵੱਲੋਂ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਪਾਲ ਕੌਰ ਚਹਿਲ ਦੀ ਅਗਵਾਈ ਹੇਠ ਵਰਕਰਾਂ ਨੇ ਰੋਸ ਪ੍ਰਗਟ ਕਰਦਿਆਂ ਮੰਗਾਂ ਸਬੰਧੀ ਮੰਗ ਪੱਤਰ ਸੀਡੀਪੀਓ ਨੂੰ ਦਿੱਤਾ। ਸੀਡੀਪੀਓ ਦੇ ਦਫਤਰ ਵਿੱਚ ਕਲਰਕ ਸ਼ਮਸ਼ੇਰ ਸਿੰਘ ਨੇ ਮੰਗ ਪੱਤਰ ਪ੍ਰਾਪਤ ਕੀਤਾ। ਇਸ ਮੌਕੇ ਅੰਮ੍ਰਿਤਪਾਲ ਕੌਰ ਚਹਿਲ ਨੇ ਦੱਸਿਆ ਕਿ ਆਂਗਣਵਾੜੀ ਮੁਲਾਜ਼ਮ ਅਤੇ ਹੈਲਪਰ ਬਹੁਤ ਹੀ ਨਿਗੂਣੇ ਮਾਣ ਭੱਤੇ ’ਤੇ ਕੰਮ ਕਰ ਰਹੀਆਂ ਹਨ ਅਤੇ ਪਿਛਲੇ ਤਿੰਨ ਮਹੀਨੇ ਤੋਂ ਮਾਣ ਭੱਤਾ ਨਾ ਮਿਲਣ ਕਾਰਨ ਉਹ ਪ੍ਰੇਸ਼ਾਨ ਹਨ। ਉਨ੍ਹਾਂ ਮੰਗ ਕੀਤੀ ਕਿ ਆਂਗਣਵਾੜੀ ਸੈਂਟਰਾਂ ਦੇ ਰੁਕੇ ਕਿਰਾਏ, ਵਰਦੀ, ਫਲੈਕਸੀ ਫੰਡ ਪ੍ਰਧਾਨ ਮੰਤਰੀ ਮਾਤਰਾ ਵੰਦਨਾ ਦੇ ਪੈਸੇ ਅਤੇ ਪੋਸ਼ਣ ਅਭਿਆਨ ਦੇ ਬਕਾਏ ਜਲਦੀ ਜਾਰੀ ਕੀਤੇ ਜਾਣ।
ਆਂਗਣਵਾੜੀ ਵਰਕਰਾਂ ਵੱਲੋਂ ਧਰਨਾ ਭਲਕੇ
ਤਲਵੰਡੀ ਸਾਬੋ (ਪੱਤਰ ਪ੍ਰੇਰਕ): ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ 22 ਮਈ ਨੂੰ ਵਿਭਾਗ ਦੀ ਮੰਤਰੀ ਡਾ. ਬਲਜੀਤ ਕੌਰ ਦੀ ਫ਼ਰੀਦਕੋਟ ਰਿਹਾਇਸ਼ ਅੱਗੇ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਦੀਆਂ ਤਿਆਰੀਆਂ ਜਾਰੀ ਹਨ। ਇਸ ਸਬੰਧੀ ਯੂਨੀਅਨ ਦੀ ਬਲਾਕ ਪ੍ਰਧਾਨ ਸਤਵੰਤ ਕੌਰ ਨੇ ਕਿਹਾ ਕਿ ਬਲਾਕ ਤਲਵੰਡੀ ਸਾਬੋ ਵਿੱਚੋਂ ਵੱਡੀ ਗਿਣਤੀ ਵਿੱਚ ਵਰਕਰਾਂ ਤੇ ਹੈਲਪਰਾਂ ਪ੍ਰਦਰਸ਼ਨ ਵਿੱਚ ਸ਼ਾਮਲ ਹੋਣਗੀਆਂ।