ਜਸਵੀਰ ਸਿੰਘ ਭੁੱਲਰ
ਦੋਦਾ, 18 ਸਤੰਬਰ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ਉੱਤੇ ਪਿੰਡ ਸੂਰਵਾਲਾ ਵਿੱਚ ਬਲਾਕ ਆਗੂ ਗਗਨ ਮੱਲਣ ਦੀ ਅਗਵਾਈ ਹੇਠ ਮਨਜੀਤ ਕੌਰ, ਸਵਰਨਜੀਤ ਕੌਰ, ਕੁਲਦੀਪ ਕੌਰ, ਸਿਮਰਜੀਤ ਕੌਰ, ਪਰਮਜੀਤ ਕੌਰ ਆਦਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ ਗਈ। ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਈਜੀਐੱਸ ਵਾਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਗਿਆ ਹੈ, ਜਦਕਿ ਵਰਕਰਾਂ ਨਰਸਰੀ ਟੀਚਰ ਦਾ ਦਰਜ ਲੈਣ ਲਈ ਪਿਛਲੇ ਲੰਮੇ ਸਮੇਂ ਸੰਘਰਸ਼ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਹਿਲਾਂ ਸਰਕਾਰ ਨੇ ਆਂਗਣਵਾੜੀ ਸੈਟਰਾਂ ਦੇ ਬੱਚੇ ਖੋਹ ਕੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਦਾਖਲ ਕਰ ਲਏ ਅਤੇ ਹੋਏ ਸਮਝੌਤੇ ਅਨੁਸਾਰ ਵਾਪਸ ਨਹੀਂ ਕੀਤੇ ਗਏ ਤੇ ਹੁਣ ਨਰਸਰੀ ਟੀਚਰ ਦਾ ਦਰਜਾ ਵੀ ਖੋਹਿਆ ਜਾ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਰੋਸ ਵਜੋਂ 2 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ। ਆਗੂਆਂ ਦੀ ਮੰਗ ਹੈ ਕਿ 3 ਤੋਂ 6 ਸਾਲ ਤੱਕ ਦੇ ਬੱਚੇ ਜੋ ਸਰਕਾਰ ਨੇ 2017 ਵਿੱਚ ਖੋਹ ਕੇ ਸਕੂਲਾਂ ਵਿੱਚ ਭੇਜ ਦਿੱਤੇ ਸਨ, ਉਹ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜੇ ਜਾਣ, ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ, ਪੰਜਾਬ ਦੀਆਂ ਵਰਕਰਾਂ ਅਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਾਣਭੱਤਾ ਦਿੱਤਾ ਜਾਵੇ।
ਭੁੱਚੋ ਮੰਡੀ (ਪਵਨ ਗੋਇਲ): ਪਿੰਡ ਚੱਕ ਬਖਤੂ ਅਤੇ ਕਰਤਾਰਪੁਰ ਥਾਂਦੇ ਦੀਆਂ ਆਂਗਣਵਾੜੀ ਵਰਕਰਾਂ ਅਤੇ ਆਸ਼ਾ ਵਰਕਰਾਂ ਨੇ ਪਿੰਡ ਚੱਕ ਬਖਤੂ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਅਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਂਗਣਵਾੜੀ ਵਰਕਰ ਯੂਨੀਅਨ ਦੀ ਆਗੂ ਜਸਵਿੰਦਰ ਕੌਰ ਚੱਕ ਫਤਿਹ ਸਿੰਘ ਵਾਲਾ, ਪਰਮਜੀਤ ਕੌਰ, ਸੁਖਵਿੰਦਰ ਕੌਰ, ਬਲਜੀਤ ਕੌਰ ਅਤੇ ਮਨਿੰਦਰ ਕੌਰ ਹਾਜ਼ਰ ਸਨ।
ਧਨੌਲਾ (ਪੁਨੀਤ ਮੈਨਨ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਸੂਬਾ ਕਮੇਟੀ ਦੇ ਸੱਦੇ ’ਤੇ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਵੱਲੋਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਸਰਕਲ ਧਨੌਲਾ ਵਿੱਚ ਪ੍ਰਧਾਨ ਅੰਮ੍ਰਿਤਪਾਲ ਕੌਰ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਸੁਖਵਿੰਦਰ ਕੌਰ, ਹਰਦੀਪ ਕੌਰ, ਮਨਜੀਤ ਕੌਰ, ਕਿਰਨ ਸ਼ਰਮਾ, ਗਗਨ ਸ਼ਰਮਾ, ਵੀਰਪਾਲ ਕੌਰ, ਨਰਿੰਦਰ ਦੇਵੀ, ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।ਮਮਦੋਟ (ਜਸਵੰਤ ਸਿੰਘ ਥਿੰਦ): ਕਸਬਾ ਮਮਦੋਟ ਦੇ ਸੈਂਟਰ 7 ਅਤੇ 8 ਵਿੱਚ ਯੂਨੀਅਨ ਦੀ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਦੀ ਅਗਵਾਈ ਹੇਠ ਇਕੱਠੀਆਂ ਹੋਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਯੂਨੀਅਨ ਦੀ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਈਜੀਐੱਸ ਵਾਲੰਟੀਅਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਦੇ ਦਿੱਤਾ ਗਿਆ ਹੈ ਜਦੋਂਕਿ ਆਂਗਣਵਾੜੀ ਵਰਕਰਾਂ ਨਰਸਰੀ ਟੀਚਰ ਦਾ ਦਰਜਾ ਲੈਣ ਲਈ ਪਿਛਲੇ ਲੰਮੇ ਸਮੇਂ ਤੋਂ ਸੰਘਰਸ਼ ਕਰਦੀਆਂ ਆ ਰਹੀਆਂ ਹਨ। ਇਸ ਮੌਕੇ ਸਰਕਲ ਪ੍ਰਧਾਨ ਪਰਮਜੀਤ ਕੌਰ, ਪਵਨਦੀਪ ਕੌਰ, ਬਲਵਿੰਦਰ ਕੌਰ, ਕੁਲਵੰਤ ਕੌਰ, ਮੰਨੂ ਅਤੇ ਸੁਖਦੀਪ ਕੌਰ ਸਮੇਤ ਵੱਡੀ ਗਿਣਤੀ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰ ਹਾਜ਼ਰ ਸਨ।