ਸ਼ਗਨ ਕਟਾਰੀਆ
ਬਠਿੰਡਾ, 15 ਸਤੰਬਰ
ਅੱਜ ਆਂਗਣਵਾੜੀ ਵਰਕਰਾਂ ਵੱਲੋਂ ਸਰਕਾਰ ਦੇ ਪੁਤਲੇ ਸਾੜੇ ਗਏ। ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਦਾਅਵਾ ਕੀਤਾ ਹੈ ਕਿ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਰੋਸ ਵਜੋਂ ਲੰਘੇ ਤਿੰਨ ਦਿਨਾਂ ਦੌਰਾਨ ਪਿੰਡਾਂ ’ਚ 1500 ਥਾਈਂ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਉਨ੍ਹਾਂ ਕਿਹਾ ਕਿ ਗੂੰਗੀ-ਬੋਲੀ ਕੈਪਟਨ ਸਰਕਾਰ ਵੱਲੋਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਕੋਈ ਮੰਗ ਨਹੀਂ ਮੰਨੀ ਜਾ ਰਹੀ ਜਿਸ ਕਰਕੇ ਜਥੇਬੰਦੀ ਨੂੰ ਸੰਘਰਸ਼ ਦੇ ਅਖਾੜੇ ’ਚ ਆਉਣਾ ਪਿਆ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਸਰਕਾਰ ਦੇ ਪੁਤਲੇ ਫੂਕਣ ਦਾ ਪ੍ਰੋਗਰਾਮ ਦੋ ਹਫ਼ਤਿਆਂ ਦਾ ਹੈ ਅਤੇ ਰੋਜ਼ਾਨਾ 500 ਪਿੰਡਾਂ ਵਿੱਚ ਪੁਤਲੇ ਫੂਕੇ ਜਾਣਗੇ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਆਂਗਣਵਾੜੀ ਸੈਂਟਰਾਂ ਵਿੱਚੋਂ ਪ੍ਰੀ ਨਰਸਰੀ ਕਲਾਸਾਂ ਵਿਚ ਲਏ ਬੱਚਿਆਂ ਨੂੰ ਵਾਪਸ ਕੇਂਦਰਾਂ ’ਚ ਭੇਜੇ। ਆਂਗਣਵਾੜੀ ਵਰਕਰਾਂ ਨੂੰ ਨਰਸਰੀ ਟੀਚਰ ਦਾ ਦਰਜਾ ਦਿੱਤਾ ਜਾਵੇ। ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ’ਤੇ ਮਿਹਨਤਾਨਾ ਰਾਸ਼ੀ ਦੇਵੇ। ਉਨ੍ਹਾਂ ਮੰਗਾਂ ਨਾ ਮੰਨਣ ਦੀ ਸੂਰਤ ਵਿੱਚ ਕਾਂਗਰਸ ਨੂੰ ਆਗ਼ਾਮੀ ਵਿਧਾਨ ਸਭਾ ਚੋਣਾਂ ’ਚ ਵੱਡਾ ਸਬਕ ਸਿਖਾਉਣ ਦੀ ਗੱਲ ਕਹੀ।
ਮਮਦੋਟ (ਜਸਵੰਤ ਸਿੰਘ ਥਿੰਦ): ਅੱਜ ਮਮਦੋਟ ਬਲਾਕ ਦੇ ਜ਼ਿਆਦਾਤਰ ਪਿੰਡਾਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ। ਜਾਣਕਾਰੀ ਦਿੰਦਿਆਂ ਯੂਨੀਅਨ ਦੀ ਬਲਾਕ ਪ੍ਰਧਾਨ ਪ੍ਰਕਾਸ਼ ਕੌਰ ਨੇ ਦੱਸਿਆ ਕਿ ਆਂਗਨਵਾੜੀ ਵਰਕਰਾਂ ਵੱਲੋਂ ਅੱਜ ਪਿੰਡ ਬੇਟੂ ਕਦੀਮ, ਗੁੱਦੜ ਢੰਡੀ ,ਹਾਮਦ, ਅਹਿਮਦ ਢੰਡੀ , ਦੋਨਾਂ ਮੱਤੜ੍ਹ, ਮੱਤੜ ਉਤਾੜ, ਬਸਤੀ ਹਜ਼ਾਰਾਂ ਸਿੰਘ, ਲੋਹੜਾ ਨਵਾਬ, ਝੋਕ ਟਹਿਲ ਸਿੰਘ ਅਤੇ ਲਾਲਚੀਆਂ ਵਿੱਚ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਗਏ ਹਨ।
ਦੋਦਾ (ਜਸਵੀਰ ਸਿੰਘ ਭੁੱਲਰ): ਇਥੇ ਪਿੰਡ ਗੁੜੀਸੰਘਰ ਵਿੱਚ ਬਲਾਕ ਆਗੂ ਗਗਨ ਮੱਲਣ ਦੀ ਅਗਵਾਈ ਹੇਠ ਜਸਦੀਪ ਕੌਰ, ਭੁਪਿੰਦਰ ਕੌਰ, ਪਰਮਜੀਤ ਕੌਰ, ਸ਼ਕੁੰਤਲਾ ਦੇਵੀ, ਕੁਲਵਿੰਦਰ ਕੌਰ ਅਤੇ ਬਲਵਿੰਦਰ ਕੌਰ ਆਦਿ ਆਂਗਣਵਾੜੀ ਵਰਕਰਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਨਾਆਰੇਬਾਜ਼ੀ ਕਰਦਿਆਂ ਪੁਤਲਾ ਫੂਕਿਆ ਗਿਆ।
ਦੋ ਅਕਤੂਬਰ ਨੂੰ ਚੰਡੀਗੜ੍ਹ ’ਚ ਸੂਬਾ ਪੱਧਰੀ ਰੈਲੀ ਦਾ ਐਲਾਨ
ਭਾਈਰੂਪਾ (ਅਵਤਾਰ ਸਿੰਘ ਧਾਲੀਵਾਲ): ਇਥੇ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ, ਜਸਵਿੰਦਰ ਕੌਰ ਬਲਾਕ ਪ੍ਰਧਾਨ ਅਤੇ ਸਰਕਲ ਪ੍ਰਧਾਨ ਆਰਤੀ ਸ਼ਰਮਾਂ ਦੀ ਅਗਵਾਈ ਹੇਠ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਦਿਆਲਪੁਰਾ ਭਾਈਕਾ ਅਤੇ ਕਾਂਗੜ ਵਿੱਚ ਪੰਜਾਬ ਸਰਕਾਰ ਦਾ ਪੁਤਲੇ ਫੂਕੇ ਗਏ। ਜ਼ਿਲ੍ਹਾ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਨੇ ਕਿਹਾ ਕਿ ਭਖ਼ਦੀਆਂ ਮੰਗਾਂ ਸਬੰਧੀ ਜਥੇਬੰਦੀ ਵੱਲੋਂ 2 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਸੂਬਾ ਪੱਧਰੀ ਰੈਲੀ ਕੀਤੀ ਜਾ ਰਹੀ ਹੈ ਜਿਸ ਵਿੱਚ ਵੱਡੀ ਗਿਣਤੀ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹਿੱਸਾ ਲੈਣਗੀਆਂ।