ਪੱਤਰ ਪ੍ਰੇਰਕ
ਭਗਤਾ ਭਾਈ, 15 ਮਈ
ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦਾ ਵਫ਼ਦ ਯੂਨੀਅਨ ਦੇ ਸੂਬਾ ਆਗੂ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਬਲਕਾਰ ਸਿੰਘ ਸਿੱਧੂ ਨੂੰ ਮਿਲਿਆ। ਇਸ ਮੌਕੇ ਆਂਗਣਵਾੜੀ ਵਰਕਰਾਂ ਨੇ ਆਪਣੀਆਂ ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਸਬੰਧੀ ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਨਾਮ ’ਤੇ ਵਿਧਾਇਕ ਸਿੱਧੂ ਨੂੰ ਆਪਣਾ ਮੱਗ ਪੱਤਰ ਦਿੱਤਾ। ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਨੇ ਕਿਹਾ ਕਿ ਲੰਬੇ ਸਮੇਂ ਤੋਂ ਮੰਗਾਂ ਦਾ ਨਿਪਟਾਰਾ ਨਾ ਹੋਣ ਕਰਕੇ ਪੰਜਾਬ ਦੀਆਂ ਹਜ਼ਾਰਾਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਇਸ ਵੇਲੇ ਪ੍ਰੇਸ਼ਾਨੀ ਦੇ ਆਲਮ ’ਚੋਂ ਲੰਘ ਰਹੀਆਂ ਹਨ। ਉਨ੍ਹਾਂ ਕਿਹਾ ਕਿ ਯੂਨੀਅਨ ਨੇ ਫ਼ੈਸਲਾ ਕੀਤਾ ਹੈ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਦਾ 10 ਦਿਨਾਂ ਦੇ ਅੰਦਰ ਪੰਜਾਬ ਸਰਕਾਰ ਨੇ ਹੱਲ ਨਾ ਕੀਤਾ ਗਿਆ ਤਾਂ ਉਹ ਵਿਭਾਗ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਕਰੇਗੀ।