Anganwadi Workers Union ਨੇ ਕਾਲਾ ਦਿਵਸ ਮਨਾਇਆ
ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਨਾਅਰੇਬਾਜ਼ੀ; ਵਾਅਦਾਖਿਲਾਫ਼ੀ ਦੇ ਦੋਸ਼ ਲਾਏ
ਆਂਗਣਵਾੜੀ ਕਰਮਚਾਰੀ ਯੂਨੀਅਨ ਵੱਲੋਂ ਅੱਜ ‘ਮੰਗ ਪੱਤਰ ਦਿਵਸ’ ਕਾਲੇ ਦਿਵਸ ਵਜੋਂ ਮਨਾਇਆ ਗਿਆ। ਆਂਗਣਵਾੜੀ ਮੁਲਾਜ਼ਮਾਂ ਵੱਲੋਂ ਇੱਥੇ ਜ਼ਿਲ੍ਹਾ ਕਚਹਿਰੀਆਂ ਵਿੱਚ ਸਰਕਾਰ ਖਿਲਾਫ਼ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਉਹ ਤਿੱਖੇ ਅੰਦੋਲਨ ਲਈ ਮਜਬੂਰ ਹੋਣਗੀਆਂ। ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਅਣਦੇਖਿਆ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਪਹਿਲਾਂ ਆਂਗਣਵਾੜੀ ਕਰਮਚਾਰੀਆਂ ਦੇ ਮਾਣਭੱਤੇ ਵਿੱਚ ਵਾਧਾ ਕੀਤਾ ਸੀ ਅਤੇ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਇਹ ਮਾਣਭੱਤਾ ਦੁੱਗਣਾ ਕਰਨ ਦਾ ਵਾਅਦਾ ਕੀਤਾ, ਜੋ ਅਜੇ ਤੱਕ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਤੋਂ ਐੱਫ ਆਰ ਐੱਸ ਯੋਜਨਾ ਬੰਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਂਗਣਵਾੜੀ ਕੇਂਦਰਾਂ ਵਿੱਚ ਬੱਚਿਆਂ ਦਾ ਭੋਜਨ ਵੰਡਣ ਸਮੇਂ ਆਧਾਰ ਕਾਰਡ ਲਿੰਕ ਨਾ ਹੋਣ ਕਾਰਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਔਰਤਾਂ ਨੂੰ 1000 ਰੁਪਏ ਦੇਣ ਦੀ ਯੋਜਨਾ ਵਿੱਚੋਂ ਆਂਗਣਵਾੜੀ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਅਣਦੇਖਿਆ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਖੀਆਂ ਨੂੰ ਪ੍ਰਤੀ ਫਾਰਮ 300 ਰੁਪਏ ਦਿੱਤੇ ਜਾ ਰਹੇ ਹਨ, ਜਦੋਂਕਿ ਉਹ ਕਈ ਥਾਵਾਂ ’ਤੇ ਆਂਗਣਵਾੜੀ ਹੈਲਪਰਾਂ ਦੀ ਸਹਾਇਤਾ ਤੋਂ ਬਿਨਾਂ ਕੰਮ ਨਹੀਂ ਕਰ ਸਕਦੀ। ਉਨ੍ਹਾਂ ਕਿਹਾ ਕਿ ਜੇ ਮੰਗਾਂ ਦਾ ਹੱਲ ਨਾ ਹੋਇਆ ਤਾਂ ਸਰਕਾਰ ਖਿਲਾਫ਼ ਤਿੱਖਾ ਅੰਦੋਲਨ ਵਿੱਢਿਆ ਜਾਵੇਗਾ। ਇਸ ਮੌਕੇ ਸੋਨਮ ਗੁਪਤਾ, ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।

