ਪੱਤਰ ਪ੍ਰੇਰਕ
ਮਾਨਸਾ, 3 ਜੁਲਾਈ
ਪੰਜਾਬ ਸਰਕਾਰ ਦੇ ਬਜਟ ’ਚ ਅੰਗਹੀਣ ਵਰਗ ਦੀਆਂ ਮੰਗਾਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਫਿਜ਼ੀਕਲੀ ਹੈਂਡੀਕੈਪਡ ਐਸੋਸੀਏਸ਼ਨ ਵੱਲੋਂ ਇੱਥੇ ਜ਼ਿਲ੍ਹਾ ਕਚਹਿਰੀਆਂ ਦੇ ਗੇਟ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ ਗਿਆ। ਇਸ ਦੌਰਾਨ ਅੰਗਹੀਣਾਂ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਤੋਂ ਪਹਿਲਾਂ ਬਾਲ ਭਵਨ ਵਿੱਚ ਇਕੱਠੇ ਹੋਏ ਅੰਗਹੀਣਾਂ ਨੇ ਦਰਪੇਸ਼ ਮੁਸ਼ਕਲਾਂ ’ਤੇ ਵਿਚਾਰ ਚਰਚਾ ਕਰਦਿਆਂ ਜਥੇਬੰਦੀ ਪ੍ਰਧਾਨ ਅਵਿਨਾਸ਼ ਸ਼ਰਮਾ ਨੇ ਕਿਹਾ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਵੱਲੋਂ ਹਰ ਮਹੀਨੇ ਸਮੇਂ ਸਿਰ ਪੈਨਸ਼ਨ ਨਾ ਦਿੱਤੇ ਜਾਣ ਕਾਰਨ 15 ਜੁਲਾਈ ਨੂੰ ਅਧਿਕਾਰੀ ਦਾ ਘਿਰਾਓ ਕਰਨ ਦਾ ਫ਼ੈਸਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਕਾਰਨ ਸਤਾਏ ਅੰਗਹੀਣਾਂ ਨੂੰ ਹੁਣ ‘ਆਪ’ ਸਰਕਾਰ ਵੱਲੋਂ ਅਣਗੌਲਿਆ ਕਰਨ ਦੀ ਉਮੀਦ ਨਹੀਂ ਸੀ। ਉਨ੍ਹਾਂ ਮੰਗ ਕੀਤੀ ਕਿ ਪੰਜਾਬ ਸਰਕਾਰ ਅੰਗਹੀਣਾਂ ਦੇ ਜੀਵਨ ਦੀ ਆਜ਼ਾਦੀ, ਮਾਨ-ਸਨਮਾਣ, ਸਮਾਜਿਕ ਅਤੇ ਆਰਥਿਕ ਬਰਾਬਰਤਾ ਲਈ ਰੁਜ਼ਗਾਰ ਗਾਰੰਟੀ ਕਾਨੂੰਨ ਬਣਾਇਆ ਜਾਵੇ, ਆਰਪੀਡਬਲਯੂਡੀ ਐਕਟ 2016 ਲਾਗੂ ਕੀਤਾ ਜਾਵੇ, ਪੈਨਸ਼ਨ ਰਕਮ ਵਧਾ ਕੇ 5000 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇ।
ਬਾਘਾ ਪੁਰਾਣਾ (ਪੱਤਰ ਪ੍ਰੇਰਕ): ਪੰਜਾਬ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਸਬ-ਡਿਵੀਜ਼ਨ ਬਾਘਾ ਪੁਰਾਣਾ ਦੀ ਮਹੀਨਾਵਾਰ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਪਰਮਜੀਤ ਸਿੰਘ ਦੀ ਪ੍ਰਧਾਨਗੀ ਹੇਠ ਨਗਰ ਕਮੇਟੀ ਦੇ ਦਫ਼ਤਰ ਵਿੱਚ ਹੋਈ। ਜਥੇਬੰਦੀ ਦੇ ਮੁੱਖ ਬੁਲਾਰਿਆਂ ਸੁਰਿੰਦਰ ਰਾਮ ਕੁੱਸਾ, ਬਚਿੱਤਰ ਸਿੰਘ ਕੋਟਲਾ, ਅਮਰਜੀਤ ਮਾਣੂੰਕੇ, ਸੁਰਿੰਦਰ ਪਾਲ ਸਿੰਘ, ਜਸਵੰਤ ਸਿੰਘ ਕੋਟਲਾ, ਗੁਰਦੇਵ ਸਿੰਘ ਲੰਡੇ ਨੇ ਪੰਜਾਬ ਸਰਕਾਰ ਦੇ ਬਜਟ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਕਰਾਰ ਦਿੱਤਾ।
ਮੰਤਰੀ ਬਲਜੀਤ ਕੌਰ ਦੇ ਬਿਆਨ ਦੀ ਨਿਖੇਧੀ
ਭਗਤਾ ਭਾਈ (ਰਾਜਿੰਦਰ ਸਿੰਘ ਮਰਾਹੜ): ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੀ ਮੰਤਰੀ ਡਾ. ਬਲਜੀਤ ਕੌਰ ਦੇ ਉਸ ਬਿਆਨ ਦੀ ਨਿਖੇਧੀ ਕੀਤੀ ਹੈ ਜਿਸ ਵਿੱਚ ਉਨ੍ਹਾਂ ਕਿਹਾ ਹੈ ਕਿ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਵਾਧਾ ਕਰਨ ਦੀ ਕੋਈ ਯੋਜਨਾ ਨਹੀਂ ਹੈ। ਯੂਨੀਅਨ ਦੀ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ਼ਿੰਦਰਪਾਲ ਕੌਰ ਦਿਆਲਪੁਰਾ ਭਾਈਕਾ ਨੇ ਕਿਹਾ ਕਿ ਜਦੋਂ ‘ਆਪ’ ਨੇ ਵੋਟਾਂ ਲੈਣੀਆਂ ਸਨ ਤਾਂ ਉਸ ਵੇਲੇ ਆਗੂਆਂ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਤਨਖ਼ਾਹਾਂ ਵਧਾਉਣ ਬਾਰੇ ਕਿਹਾ ਸੀ। ਹੁਣ ਸਰਕਾਰ ਬਣਨ ਤੋਂ ਬਾਅਦ ‘ਆਪ’ ਦੇ ਮੰਤਰੀ ਅਜਿਹੇ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਐਨਜੀਓ ਬਲਾਕਾਂ ਅਧੀਨ ਕੰਮ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਕਰੈੱਚ ਵਰਕਰਾਂ ਤੇ ਹੈਲਪਰਾਂ ਨੂੰ ਪਿਛਲੇ ਤਿੰਨ ਸਾਲਾਂ ਤੋਂ ਤਨਖਾਹਾਂ ਨਹੀਂ ਮਿਲੀਆਂ। ਜਥੇਬੰਦੀ ਨੇ ਮੰਤਰੀ ਡਾ. ਬਲਜੀਤ ਕੌਰ ਦੇ ਫ਼ਰੀਦਕੋਟ ਵਾਲੇ ਘਰ ਅੱਗੇ ਪ੍ਰਦਰਸ਼ਨ ਕਰਨ ਦੀ ਚਿਤਾਵਨੀ ਦਿੱਤੀ।