ਦਰਿਆਈ ਪਾਣੀਆਂ ਦੇ ਮਸਲੇ ’ਤੇ ਕਨਵੈਨਸ਼ਨ ਦਾ ਐਲਾਨ
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹਲਕੇ ਦੇ ਪਿੰਡ ਚੀਮਾ ਵਿੱਚ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਮਹਿਲਾ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਣੀਆਂ...
ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ਸੂਬਾ ਪੱਧਰੀ ਮੀਟਿੰਗ ਅੱਜ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹਲਕੇ ਦੇ ਪਿੰਡ ਚੀਮਾ ਵਿੱਚ ਹੋਈ। ਮੀਟਿੰਗ ਵਿੱਚ ਸਾਰੇ ਜ਼ਿਲ੍ਹਿਆਂ ਦੇ ਪ੍ਰਧਾਨ, ਸਕੱਤਰ ਅਤੇ ਮਹਿਲਾ ਆਗੂਆਂ ਨੇ ਸ਼ਮੂਲੀਅਤ ਕੀਤੀ। ਮੀਟਿੰਗ ਦੌਰਾਨ ਪਾਣੀਆਂ ਦੇ ਗੰਭੀਰ ਸੰਕਟ, ਜਥੇਬੰਦਕ ਚੋਣਾਂ ਅਤੇ ਕਿਸਾਨੀ ਮੰਗਾਂ ਸਬੰਧੀ ਅਹਿਮ ਫੈਸਲੇ ਲਏ ਗਏ। ਮੀਟਿੰਗ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਪਾਣੀਆਂ ਦੇ ਵੰਡ ਦੇ ਸਵਾਲ, ਦਰਿਆਈ ਪਾਣੀਆਂ ਦੇ ਮਸਲੇ ਅਤੇ ਇਸ ਦੇ ਸਹੀ ਹੱਲ ਨੂੰ ਲੋਕਾਂ ਦੀ ਕਚਹਿਰੀ ਵਿੱਚ ਰੱਖਣ ਲਈ 10 ਮਈ ਨੂੰ ਇੱਕ ਵੱਡੀ ਕਨਵੈਨਸ਼ਨ ਕੀਤੀ ਜਾਵੇਗੀ। ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਆਸੀ ਪਾਰਟੀਆਂ ਪਾਣੀਆਂ ਦੇ ਮਸਲੇ ਨੂੰ ਹੱਲ ਕਰਨ ਦੀ ਬਜਾਏ ਕਿਸਾਨਾਂ ਨੂੰ ਆਪਸ ਵਿੱਚ ਲੜਾ ਕੇ ਆਪਣਾ ਸਿਆਸੀ ਉੱਲੂ ਸਿੱਧਾ ਕਰ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਾਣੀਆਂ ’ਤੇ ਕਾਰਪੋਰੇਟ ਘਰਾਣਿਆਂ ਦਾ ਕਬਜ਼ਾ ਕਰਵਾਇਆ ਜਾ ਰਿਹਾ ਹੈ। ਦੂਸ਼ਿਤ ਹੋ ਰਹੇ ਪਾਣੀ ਅਤੇ ਅਜਾਈਂ ਜਾ ਰਹੇ ਸਰੋਤਾਂ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ। ਕਿਸਾਨੀ ਏਕਤਾ ਨੂੰ ਤੋੜਨ ਲਈ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨਾਂ ਨਾਲ ਟਕਰਾਅ ਪੈਦਾ ਕੀਤਾ ਜਾ ਰਿਹਾ ਹੈ। ਜਥੇਬੰਦੀ ਨੇ ਫੈਸਲਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 15 ਮਈ ਨੂੰ ਚੰਡੀਗੜ੍ਹ ਵਿੱਚ ਪਾਣੀਆਂ ਦੇ ਮਸਲੇ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਬੈਠਕ ਦੌਰਾਨ ਲੰਮੇ ਸਮੇਂ ਤੋਂ ਲਟਕ ਰਹੀ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਲਈ ਮਈ ਮਹੀਨੇ ਦੌਰਾਨ ਪਿੰਡ ਇਕਾਈਆਂ ਦੀਆਂ ਚੋਣਾਂ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿੱਚ ਇੱਕ ਮਤਾ ਪਾਸ ਕਰਕੇ ਸੁਸਾਇਟੀਆਂ ਵੱਲੋਂ ਕਿਸਾਨਾਂ ਦਾ ਲੈਣ-ਦੇਣ ਰੋਕੇ ਜਾਣ ਦੀ ਸਖ਼ਤ ਨਿਖੇਧੀ ਕੀਤੀ ਗਈ। ਚਿਤਾਵਨੀ ਦਿੱਤੀ ਗਈ ਕਿ ਜੇ ਪੰਜਾਬ ਸਰਕਾਰ ਨੇ ਜਲਦ ਹੱਲ ਨਾ ਕੱਢਿਆ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਮੀਟਿੰਗ ਦੀ ਸ਼ੁਰੂਆਤ ਵਿੱਚ ਜਮਹੂਰੀ ਹੱਕਾਂ ਦੇ ਕਾਰਕੁਨ ਐਡਵੋਕੇਟ ਐੱਨ ਕੇ ਜੀਤ ਦੀ ਲੋਕ-ਪੱਖੀ ਘਾਲਣਾ ਨੂੰ ਸਲਾਮ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਇਸ ਮੌਕੇ ਜਗਤਾਰ ਸਿੰਘ ਕਾਲਾਝਾੜ, ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਮਹਿਲਾ ਆਗੂ ਹਰਿੰਦਰ ਬਿੰਦੂ, ਕੁਲਦੀਪ ਕੌਰ ਕੁੱਸਾ ਸਮੇਤ ਵੱਖ-ਵੱਖ ਜ਼ਿਲ੍ਹਿਆਂ ਦੇ ਅਹੁਦੇਦਾਰ ਹਾਜ਼ਰ ਸਨ।

