ਕਿਸਾਨਾਂ ਖ਼ਿਲਾਫ਼ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਦੇ ਘਿਰਾਓ ਦਾ ਐਲਾਨ
ਪੰਜਾਬ ਕਿਸਾਨ ਯੂਨੀਅਨ ਵੱਲੋਂ ਪ੍ਰਸ਼ਾਸਨ ਨਾਲ ਨਜਿੱਠਣ ਲਈ ਟਾਸਕ ਫੋਰਸ ਤਿਆਰ
ਪੰਜਾਬ ਕਿਸਾਨ ਯੂਨੀਅਨ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰਨ ਵਾਲੇ ਅਧਿਕਾਰੀਆਂ ਦਾ ਖੇਤਾਂ ਵਿੱਚ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ। ਜਥੇਬੰਦੀ ਵੱਲੋਂ ਇਹ ਫੈਸਲਾ ਅੱਜ ਇਥੇ ਯੂਨੀਅਨ ਦੀ ਅੱਜ ਇਥੇ ਹੋਈ ਮੀਟਿੰਗ ਦੌਰਾਨ ਲਿਆ ਗਿਆ।
ਜਥੇਬੰਦੀ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਝੋਨੇ ਦੀ ਪਰਾਲੀ ਦਾ ਸਰਕਾਰ ਵੱਲੋਂ ਕੋਈ ਹੱਲ ਕੱਢਣ ਦੀ ਬਜਾਏ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਪਰਚੇ ਦਰਜ ਕਰਨੇ ਜੇਲ੍ਹਾਂ ਵਿੱਚ ਡੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਮਸਲੇ ਨੂੰ ਗੰਭੀਰਤਾ ਨਾਲ਼ ਲੈਂਦਿਆਂ ਜਥੇਬੰਦੀ ਵੱਲੋਂ ਪਿੰਡਾਂ ਵਿੱਚ ਕਿਸਾਨਾਂ ਨੂੰ ਲਾਮਬੰਦ ਕਰਕੇ ਪ੍ਰਸ਼ਾਸਨ ਨਾਲ ਦੋ ਹੱਥ ਕਰਨ ਲਈ ਟਾਸਕ ਫੋਰਸ ਤਿਆਰ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਕਿਸੇ ਵੀ ਕਿਸਾਨ ਨੂੰ ਗ੍ਰਿਫ਼ਤਾਰ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਲ੍ਹਾਂ ਤਾਂ ਦੂਰ, ਪੁਲੀਸ ਥਾਣਿਆਂ ਵਿੱਚ ਬੰਦ ਕਰਨ ਵਾਲੇ ਅਧਿਕਾਰੀਆਂ ਦਾ ਖੇਤਾਂ ਵਿੱਚ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਕਿਸਾਨਾਂ ਦੇ ਖੇਤਾਂ ਵਿੱਚੋਂ ਝੋਨੇ ਦੀ ਪਰਾਲੀ ਚੁੱਕਣ ਦਾ ਪ੍ਰਬੰਧ ਕਰੇ ਜਾਂ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਪਰਾਲੀ ’ਤੇ ਬੋਨਸ ਦੇਵੇ। ਇਸ ਮੌਕੇ ਅਜੈਬ ਸਿੰਘ ਨੰਗਲ ਕਲਾਂ, ਜਸਪਾਲ ਸਿੰਘ ਉੱਭਾ, ਜਸਵਿੰਦਰ ਸਿੰਘ, ਜਰਨੈਲ ਸਿੰਘ ਨਛੱਤਰ ਸਿੰਘ ਖਿਆਲਾ, ਹਿੰਮਤ ਸਿੰਘ ਮਾਨਬੀਬੜਿਆ, ਸਤਪਾਲ ਸਿੰਘ, ਲੱਖਾ ਸਿੰਘ ਤੇ ਅੰਗਰੇਜ਼ ਸਿੰਘ ਮੌਜੂਦ ਸਨ।