ਜੀਜੀਐੱਸ ਕਾਲਜ ’ਚ ਸਾਲਾਨਾ ਇਨਾਮ ਵੰਡ ਸਮਾਰੋਹ
ਪੱਤਰ ਪ੍ਰੇਰਕ
ਗਿੱਦੜਬਾਹਾ, 6 ਮਈ
ਸਥਾਨਕ ਗੁਰੂ ਗੋਬਿੰਦ ਸਿੰਘ ਕਾਲਜ ਆਫ਼ ਮੈਨੇਜਮੈਂਟ ਅਤੇ ਟੈਕਨਾਲੋਜੀ ’ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ। ਮੁੱਖ ਮਹਿਮਾਨ ਵਜੋਂ ਐੱਸਐੱਸਡੀ ਕਾਲਜ ਬਠਿੰਡਾ ਦੇ ਪ੍ਰਿੰਸੀਪਲ ਡਾ. ਨੀਰੂ ਗਰਗ ਸ਼ਾਮਲ ਹੋਏ ਜਦਕਿ ਡੀਏਵੀ ਕਾਲਜ ਮਲੋਟ ਦੇ ਪ੍ਰਿੰਸੀਪਲ ਐੱਸਕੇ ਗਰੋਵਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ। ਸੰਸਥਾ ਦੇ ਡਾਇਰੈਕਟਰ ਕਰਨਲ ਸੁਧਾਂਸ਼ੂ ਆਰੀਆ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਤੇ ਪ੍ਰਿੰਸੀਪਲ ਡਾ. ਆਰਕੇ ਉੱਪਲ ਨੇ ਕਾਲਜ ਦੀਆਂ ਪ੍ਰਾਪਤੀਆਂ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਮਰਹੂਮ ਬੀਬੀ ਸੁਰਿੰਦਰ ਕੌਰ ਬਾਦਲ ਨੇ ਇਸ ਗੁਰੂ ਗੋਬਿੰਦ ਸਿੰਘ ਕਾਲਜ ਦਾ ਬੂਟਾ ਲਾਇਆ ਸੀ ਜੋ ਅੱਜ ਵੱਡਾ ਦਰੱਖਤ ਬਣ ਕੇ ਗਿੱਦੜਬਾਹਾ ਅਤੇ ਆਸ-ਪਾਸ ਦੇ ਖੇਤਰਾਂ ਨੂੰ ਵਿੱਦਿਆ ਦਾ ਚਾਨਣ ਵੰਡ ਰਿਹਾ ਹੈ। ਮੁੱਖ ਮਹਿਮਾਨ ਡਾ. ਨੀਰੂ ਗਰਗ ਨੇ ਕਿਹਾ ਕਿ ਉਨ੍ਹਾਂ ਨੂੰ ਇੱਥੇ ਆ ਕੇ ਬੇਹੱਦ ਖ਼ੁਸ਼ੀ ਹੋਈ ਹੈ ਅਤੇ ਉਸ ਤੋਂ ਵੀ ਜ਼ਿਆਦਾ ਖ਼ੁਸ਼ੀ ਇਹ ਜਾਣ ਕੇ ਹੋਈ ਕੇ ਕਾਲਜ ਵਿੱਚ ਲੜਕੀਆਂ ਦੀ ਗਿਣਤੀ ਵਧੇਰੇ ਹੈ। ਉਨ੍ਹਾਂ ਕਿਹਾ ਕਿ ਅੱਜ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਟੀਚਾ ਤੈਅ ਕਰਨਾ ਚਾਹੀਦਾ ਹੈ ਜਿਸ ’ਤੇ ਧਿਆਨ ਕੇਂਦਰਿਤ ਕਰ ਕੇ ਹੀ ਅੱਗੇ ਵਧਣਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਸਬੰਧੀ ਵੀ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਪ੍ਰਿੰਸੀਪਲ ਐੱਸਕੇ ਗਰੋਵਰ, ਡੀਏਵੀ ਕਾਲਜ ਗਿੱਦੜਬਾਹਾ ਦੇ ਸੇਵਾਮੁਕਤ ਪ੍ਰਿੰਸੀਪਲ ਭੁਪਿੰਦਰ ਸਿੰਘ ਜੱਸਲ ਤੇ ਪੱਲਵੀ ਚਲਾਣਾ ਨੇ ਆਪਣੇ ਵਿਚਾਰ ਸਾਂਝੇ ਕੀਤੇ। ਅੰਤ ਵਿੱਚ ਪੜ੍ਹਾਈ ਦੇ ਨਾਲ-ਨਾਲ ਹੋਰਨਾਂ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।