ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ’ਚੋਂ ਲੋੜਵੰਦਾਂ ਨੂੰ ਚੈੱਕ ਸੌਂਪੇ
ਮਾਨਸਾ ਦੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀਆਂ ਮੁਸ਼ਕਲਾਂ ਦਾ ਹੱਲ ਪਹਿਲ ਦੇ ਆਧਾਰ ’ਤੇ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇਗਾ। ਉਹ ਅੱਜ ਇਥੇ ਜ਼ਿਲ੍ਹਾ ਸੈਨਿਕ ਬੋਰਡ ਮਾਨਸਾ ਦੀ ਤਿਮਾਹੀ ਮੀਟਿੰਗ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਦੌਰਾਨ ਡਿਪਟੀ ਕਮਿਸ਼ਨਰ, ਮਾਨਸਾ ਨੂੰ ਲੇਪਲ ਬੈਜ ਲਗਾਕੇ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ-2025 ਦੀ ਸ਼ੁਰੂਆਤ ਕੀਤੀ ਗਈ।
ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਜ਼ਿਲ੍ਹੇ ਦੇ ਸਮੂਹ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ, ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਸੁਣਨ ਉਪਰੰਤ ਪਹਿਲ ਦੇ ਆਧਾਰ ’ਤੇ ਹੱਲ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਨੇ ਦੋ ਲੋੜਵੰਦ ਲਾਭਪਾਤਰੀਆਂ ਨੂੰ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ਵਿੱਚੋਂ 20-20 ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈੱਕ ਭੇਂਟ ਕੀਤੇ। ਉਨ੍ਹਾਂ ਵੱਲੋਂ ਹਥਿਆਰਬੰਦ ਸੈਨਾਵਾਂ ਝੰਡਾ ਦਿਵਸ ਫੰਡ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਲਈ ਕਿਹਾ ਗਿਆ।
ਜ਼ਿਲ੍ਹਾ ਸੈਨਿਕ ਬੋਰਡ ਦੇ ਸਕੱਤਰ ਕਮਾਂਡਰ ਦਿਲਪ੍ਰੀਤ ਸਿੰਘ ਕੰਗ ਵੱਲੋਂ ਸਮੂਹ ਸ਼ਹੀਦ ਸੈਨਿਕਾਂ ਨੂੰ ਸ਼ਰਧਾਂਜਲੀ ਦੇਣ ਉਪਰੰਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਮਾਨਸਾ ਦੀ ਕਾਰਗੁਜ਼ਾਰੀ ਰਿਪੋਰਟ ਪੇਸ਼ ਕੀਤੀ ਗਈ।
