ਅਬੋਹਰ ਵਿੱਚ ਹਥਿਆਰ ਤਸਕਰ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ
ਪੱਤਰ ਪ੍ਰੇਰਕ
ਅਬੋਹਰ, 18 ਅਪਰੈਲ
ਪੁਲੀਸ ਨੇ ਇੱਕ ਵੱਡੇ ਹਥਿਆਰ ਤਸਕਰ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਸੀਆਈਏ-2 ਅਬੋਹਰ ਅਤੇ ਕਾਊਂਟਰ ਇੰਟੈਲੀਜੈਂਸ ਮਾਨਸਾ ਵੱਲੋਂ ਕੀਤੇ ਗਏ ਇੱਕ ਸਾਂਝੇ ਅਪਰੇਸ਼ਨ ਵਿੱਚ, ਮਨਪ੍ਰੀਤ ਸਿੰਘ ਉਰਫ਼ ਮਨੀ ਵਾਸੀ ਮਿਆਣੀ ਬਸਤੀ ਫਾਜ਼ਿਲਕਾ ਨੂੰ ਦੋ ਦੇਸੀ ਪਿਸਤੌਲ 32 ਬੋਰ ਸਟਾਰ ਬ੍ਰਾਂਡ ਅਤੇ ਚਾਰ ਮੈਗਜ਼ੀਨਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਇਸ ਮਾਮਲੇ ਵਿੱਚ ਧਾਰਾ 25/54/59 ਤਹਿਤ ਪੁਲੀਸ ਸਟੇਸ਼ਨ ਸਦਰ ਅਬੋਹਰ ਵਿਚ ਕੇਸ ਦਰਜ ਕੀਤਾ ਗਿਆ ਹੈ।
ਐੱਸਐੱਸਪੀ ਵਰਿੰਦਰ ਬਰਾੜ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਪਿਛਲੇ ਤਿੰਨ ਸਾਲਾਂ ਤੋਂ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ ਅਤੇ ਉਸ ਵਿਰੁੱਧ ਵੱਖ-ਵੱਖ ਰਾਜਾਂ ਵਿੱਚ ਪਹਿਲਾਂ ਹੀ ਪੰਜ ਮਾਮਲੇ ਦਰਜ ਹਨ। ਉਸ ਦੀਆਂ ਗਤੀਵਿਧੀਆਂ ’ਤੇ ਲੰਮੇ ਸਮੇਂ ਤੋਂ ਨਜ਼ਰ ਰੱਖੀ ਜਾ ਰਹੀ ਸੀ। ਗੁਪਤ ਸੂਚਨਾ ਦੇ ਆਧਾਰ ’ਤੇ ਪੁਲੀਸ ਨੇ ਛਾਪਾ ਮਾਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਬਰਾਮਦ ਕੀਤੇ ਗਏ ਹਥਿਆਰਾਂ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਨ੍ਹਾਂ ਨੂੰ ਕਿਹੜੇ ਅਪਰਾਧਾਂ ਵਿੱਚ ਵਰਤਿਆ ਜਾਣਾ ਸੀ। ਐੱਸਐੱਸਪੀ ਨੇ ਦੱਸਿਆ ਕਿ ਮਨਪ੍ਰੀਤ ਹਿਸਟਰੀ ਸ਼ੀਟਰ ਹੈ ਅਤੇ ਉਹ ਹਥਿਆਰਾਂ ਦੀ ਗੈਰ-ਕਾਨੂੰਨੀ ਸਪਲਾਈ ਦਾ ਮੁੱਖ ਸਰੋਤ ਸੀ। ਇਸ ਗ੍ਰਿਫ਼ਤਾਰੀ ਨਾਲ ਇਲਾਕੇ ਵਿੱਚ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਨੂੰ ਤੋੜਨ ਵਿੱਚ ਮਦਦ ਮਿਲੇਗੀ। ਪੁਲੀਸ ਹੁਣ ਉਸ ਦੇ ਸਾਥੀਆਂ ਅਤੇ ਹਥਿਆਰਾਂ ਦੇ ਸਰੋਤ ਦੀ ਭਾਲ ਕਰ ਰਹੀ ਹੈ। ਜਾਂਚ ਜਾਰੀ ਹੈ।