ਨਿਰੰਜਣ ਬੋਹਾ
ਬੋਹਾ, 19 ਜੂਨ
ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਦੀਆਂ ਮੰਗਾਂ ਤੇ ਮਸਲਿਆਂ ਨੂੰ ਨਜ਼ਰਅੰਦਾਜ਼ ਕਰਨ ਤੇ ਮਜ਼ਦੂਰ ਜਥੇਬੰਦੀਆਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਮੀਟਿੰਗ ਨਾ ਕਰਨ ਦੇ ਰੋਸ ਵਜੋਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 18 ਤੋਂ 22 ਜੂਨ ਤੱਕ ਪੰਜਾਬ ਸਰਕਾਰ ਦੀਆਂ ਅਰਥੀਆਂ ਸਾੜਨ ਦਾ ਸੱਦਾ ਦਿੱਤਾ ਗਿਆ ਹੈ। ਇਸ ਤਹਿਤ ਅੱਜ ਬੋਹਾ ਵਿੱਚ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ ਕਾਮਰੇਡ ਜੀਤ ਸਿੰਘ ਤੇ ਸੁਖਵਿੰਦਰ ਸਿੰਘ ਬੋਹਾ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਇਸ ਦੌਰਾਨ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।
ਇਸ ਸਮੇਂ ਮਜ਼ਦੂਰ ਆਗੂਆਂ ਨੇ ਕਿਹਾ ਕਿ ਤਿੰਨ ਮਹੀਨਿਆਂ ਦੇ ਰਾਜ ਕਾਲ ਦੌਰਾਨ ਮੁੱਖ ਮੰਤਰੀ ਨੇ ਮਜ਼ਦੂਰਾਂ ਦੇ ਮਸਲਿਆਂ ਤੇ ਮੰਗਾਂ ਸਬੰਧੀ ਆਪਣੀ ਜੁਬਾਨ ਨਹੀਂ ਖੋਲ੍ਹੀ। ਮਜ਼ਦੂਰ ਜਥੇਬੰਦੀਆਂ ਦੇ ਆਗੂਆਂ ਨੂੰ ਮੀਟਿੰਗ ਲਈ ਬੁਲਾਕੇ ਵੀ ਮੀਟਿੰਗ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਪਰਦ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਆਮ ਆਦਮੀ ਦੀ ਗੱਲਾਂ ਕਰਨ ਵਾਲੇ ਮੁੱਖ ਮੰਤਰੀ ਨੂੰ ਸਿਰਫ਼ ਧਨਾਢਾਂ ਤੇ ਪੂੰਜੀਪਤੀਆਂ ਦੀ ਹੀ ਚਿੰਤਾ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਦੋ ਸਾਲਾਂ ਤੋ ਮਜ਼ਦੂਰਾਂ ਦੀ ਰੋਕੀ ਹੋਈ ਦਿਹਾੜੀ ਰੇਟ ਲਿਸਟ ਜਾਰੀ ਕੀਤੀ ਜਾਵੇ। ਉਨ੍ਹਾਂ ਮਜ਼ਦੂਰਾਂ ਨੂੰ 24 ਜੂਨ ਨੂੰ ਚੰਡੀਗੜ੍ਹ ਵਿਧਾਨ ਸਭਾ ਵੱਲ ਕੀਤੇ ਜਾਣ ਵਾਲੇ ਮਜ਼ਦੂਰ ਮਾਰਚ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਣੇ ਪਹੁੰਚਣ ਦੀ ਅਪੀਲ ਵੀ ਕੀਤੀ। ਇਸ ਸਮੇਂ ਕਰਨੈਲ ਸਿੰਘ, ਜਗਜੀਤ ਸਿੰਘ, ਛਿੰਦਾ ਸਿੰਘ ਤੇ ਸੀਰਾ ਸਿੰਘ ਆਦਿ ਵੀ ਹਾਜ਼ਰ ਸਨ।
ਨਥਾਣਾ (ਭਗਵਾਨ ਦਾਸ ਗਰਗ): ਮਜ਼ਦੂਰ ਮੁਕਤੀ ਮੋਰਚਾ ਵੱਲੋਂ ਪਿੰਡ ਪੂਹਲੀ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਪੂਹਲੀ ਨੇ ਕਿਹਾ ਕਿ ਬੀਤੇ ਤਿੰਨ ਮਹੀਨਿਆਂ ਦੇ ਰਾਜ ਕਾਲ ਦੌਰਾਨ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਮਜ਼ਦੂਰ ਮਸਲਿਆਂ ਨੂੰ ਪੂਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ ਹੈ। ਮੁੱਖ ਮੰਤਰੀ ਵੱਲੋਂ ਉਨ੍ਹਾਂ ਦੀਆਂ ਮੰਗਾਂ ਮੰਨਣ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਇਸ ਨਾਲ ਮੌਜੂਦਾ ਸਰਕਾਰ ਦਾ ਮਜ਼ਦੂਰ ਵਿਰੋਧੀ ਚਿਹਰਾ ਬੇਪਰਦ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਦੀਆ ਗੱਲਾਂ ਕਰਨ ਵਾਲਾ ਮੁੱਖ ਮੰਤਰੀ ਇਸ ਸਮੇ ਤਨਾਢਾ ਤੇ ਪੂਜੀਪਤੀਆਂ ਦੇ ਚੁੰਗਲ ਵਿੱਚ ਆ ਗਿਆ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬੀਤੇ ਦੋ ਸਾਲਾਂ ਤੋਂ ਰੋਕੀ ਹੋਈ ਮਜ਼ਦੂਰਾਂ ਦੀ ਦਿਹਾੜੀ ਰੇਟ ਲਿਸਟ ਜਾਰੀ ਕੀਤੀ ਜਾਵੇ। ਮਨਰੇਗਾ ਕਾਨੂੰਨ ਤਹਿਤ ਹਰ ਮਜ਼ਦੂਰ ਨੂੰ ਸਾਲ ਵਿੱਚ ਦੋ ਸੌ ਦਿਨ ਕੰਮ ਦੀ ਗਾਰੰਟੀ ਦਿੱਤੀ ਜਾਵੇ। ਇਸ ਮੌਕੇ ਡੀਸੀ ਸਿੰਘ ਕੋਟੜਾ, ਰਾਜ ਸਿੰਘ ਅਤੇ ਜਸਵਿੰਦਰ ਸਿੰਘ ਪੂਹਲੀ ਨੇ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 24 ਜੂਨ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਰੋਸ ਮਾਰਚ ਵਿੱਚ ਪਰਿਵਾਰਾਂ ਸਣੇ ਪੁੱਜਣ।