ਪਰਮਜੀਤ ਸਿੰਘ
ਫਾਜ਼ਿਲਕਾ, 3 ਨਵੰਬਰ
ਦੀ ਕਲਾਸ ਫੋਰ ਗੋਰਮਿੰਟ ਇੰਪਲਾਈਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਧਰਨਾ ਅਤੇ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ ਜਿਸ ਦੀ ਪ੍ਰਧਾਨਗੀ ਯੂਨੀਅਨ ਪ੍ਰਧਾਨ ਜੋਗਿੰਦਰ ਸਿੰਘ ਅਤੇ ਸੀਨੀਅਰ ਮੀਤ ਪ੍ਰਧਾਨ ਓਮ ਪ੍ਰਕਾਸ਼ ਨੇ ਕੀਤੀ।
ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਆਨਲਾਈਨ ਹਾਜ਼ਰੀਆਂ ਲਗਾਉਣ ਸਬੰਧੀ ਫਿਰ ਤੋਂ ਪੱਤਰ ਜਾਰੀ ਕੀਤਾ ਗਿਆ ਹੈ ਕਿ ਫੀਲਡ ਸਟਾਫ਼ ਵੱਲੋਂ ਆਨਲਾਈਨ ਹਾਜ਼ਰੀਆਂ ਲਗਾਉਣ ਲਈ ਐਮ.ਸੇਵਾ ਐਪ ਦੀ ਵਰਤੋਂ ਕੀਤੀ ਜਾਵੇ, ਪਰ ਦਰਜਾ ਚਾਰ ਮੁਲਾਜ਼ਮਾਂ ਨੂੰ ਐਮ.ਸੇਵਾ.ਐਪ ’ਤੇ ਹਾਜ਼ਰੀ ਲਗਾਉਣੀ ਨਹੀਂ ਆਉਂਦੀ ਜਿਸ ਦੇ ਵਿਰੋਧ ’ਚ ਅੱਜ ਪੂਰੇ ਪੰਜਾਬ ’ਚ ਦਰਜਾ ਚਾਰ ਕਰਮਚਾਰੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਪੁਰਾਣੀ ਪੈਨਸ਼ਨ ਸਕੀਮ 1 ਜਨਵਰੀ 2004 ਤੋਂ ਬੰਦ ਕੀਤੀ ਗਈ ਸੀ ਅਤੇ ਪਿਛਲੇ ਦਿਨੀਂ ਪੰਜਾਬ ਸਰਕਾਰ ਵੱਲੋਂ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦਾ ਐਲਾਨ ਕੀਤਾ ਗਿਆ ਸੀ, ਪਰ ਅਜੇ ਤੱਕ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਕਤ ਨੋਟੀਫਿਕੇਸ਼ਨ ਜਲਦ ਜਾਰੀ ਨਾ ਕੀਤਾ ਗਿਆ ਤਾਂ 16 ਅਤੇ 17 ਨਵੰਬਰ 2022 ਨੂੰ ਭੁੱਖ ਹੜਤਾਲ ਕੀਤੀ ਜਾਵੇਗੀ। ਇਸ ਮੌਕੇ ਜਨਰਲ ਸਕੱਤਰ ਸੁਖਦੇਵ ਸਿੰਘ, ਹਰੀ ਚੰਦ, ਗੁਰਵਿੰਦਰ ਸਿੰਘ, ਭਾਗ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਰਮਚਾਰੀਆਂ ਦੀਆਂ ਮੰਗਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ।