ਨਵਕਿਰਨ ਸਿੰਘ
ਮਹਿਲ ਕਲਾਂ, 12 ਮਈ
ਭਾਜਪਾ ਉਮੀਦਵਾਰਾਂ ਨੂੰ ਸਵਾਲ ਪੁੱਛਣ ਵਾਲੇ ਕਿਸਾਨ ਆਗੂਆਂ ਦੀਆਂ ਗ੍ਰਿਫ਼ਤਾਰੀਆਂ ਖਿਲਾਫ਼ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਧਨੇਰ ਗਰੁੱਪ ਵੱਲੋਂ ਮਹਿਲ ਕਲਾਂ ਨੇੜਲੇ ਪਿੰਡਾਂ ਕੁਰੜ ਤੇ ਠੁੱਲੀਵਾਲ ਵਿੱਚ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ। ਇਸ ਮੌਕੇ ਨਾਅਰੇਬਾਜ਼ੀ ਕਰਦਿਆਂ ਕਿਸਾਨਾਂ ਨੇ ਕਿਹਾ ਕਿ ਭਾਜਪਾ ਦੇ ਇਸ਼ਾਰੇ ਤਹਿਤ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀਆਂ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਕਰਕੇ ਕੇਂਦਰ ਤੇ ਸੂਬਾ ਸਰਕਾਰ ਦੀਆਂ ਅਰਥੀਆਂ ਫੂਕੀਆਂ ਗਈਆਂ ਹਨ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰਾ, ਗੁਰਦੇਵ ਸਿੰਘ ਮਾਂਗੇਵਾਲ, ਨਾਨਕ ਸਿੰਘ ਅਮਲਾ ਸਿੰਘ ਵਾਲਾ ਤੇ ਅਮਰਜੀਤ ਸਿੰਘ ਠੁੱਲੀਵਾਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਦੇ ਸੱਦੇ ਤਹਿਤ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਵਰਕਰ ਸੂਬਾ ਸਕੱਤਰ ਹਰਨੇਕ ਸਿੰਘ ਮਹਿਮਾ ਦੀ ਅਗਵਾਈ ਹੇਠ ਭਾਜਪਾ ਦੇ ਫਿਰੋਜ਼ਪੁਰ ਤੋਂ ਉਮੀਦਵਾਰ ਗੁਰਮੀਤ ਸਿੰਘ ਰਾਣਾ ਸੋਢੀ ਨੂੰ ਸਵਾਲ ਪੁੱਛਣ ਜਾ ਰਹੇ ਸਨ ਤਾਂ ਪੁਲੀਸ ਵੱਲੋਂ ਹਰਨੇਕ ਸਿੰਘ ਮਹਿਮਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਮੰਗ ਕੀਤੀ ਕਿ ਹਰਨੇਕ ਸਿੰਘ ਮਹਿਮਾ ਸਮੇਤ ਬਾਕੀ ਕਿਸਾਨ ਜਥੇਬੰਦੀਆਂ ਦੇ ਗ੍ਰਿਫ਼ਤਾਰ ਆਗੂਆਂ ਨੂੰ ਫੌਰੀ ਰਿਹਾਅ ਕੀਤਾ ਜਾਵੇ। ਆਗੂਆਂ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਿਸਾਨਾਂ ਨੂੰ ਗ੍ਰਿਫ਼ਤਾਰ ਕਰ ਕੇ ਭਾਜਪਾ ਨੂੰ ਖੁਸ਼ ਕੀਤਾ ਜਾ ਰਿਹਾ ਹੈ।