ਅਰੁਣ ਨਾਰੰਗ ਵੱਲੋਂ ਸਿਸੋਦੀਆ ਨਾਲ ਮੁਲਾਕਾਤ
ਅਬੋਹਰ ਹਲਕੇ ਤੋਂ ਆਪ ਦੇ ਇੰਚਾਰਜ ਅਰੁਣ ਨਾਰੰਗ ਨੇ ਅੱਜ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਨਾਲ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਦਫ਼ਤਰ ਵਿਖੇ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਅਬੋਹਰ ਸ਼ਹਿਰ ਦੀ ਸਥਿਤੀ ਤੋਂ ਜਾਣੂ ਕਰਵਾਇਆ। ਇਸ ਦੌਰਾਨ ਆਉਣ ਵਾਲੀਆਂ ਚੋਣਾਂ ਬਾਰੇ ਵੀ ਚਰਚਾ ਕੀਤੀ ਗਈ। ਅਰੁਣ ਨਾਰੰਗ ਨੇ ਉਨ੍ਹਾਂ ਨੂੰ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਸ਼ਹਿਰ ਵਿੱਚ ਭਾਰੀ ਮੀਂਹ ਪਿਆ ਹੈ, ਜਿਸ ਕਾਰਨ ਅਬੋਹਰ ਸਬ-ਡਿਵੀਜ਼ਨ ਦੇ ਕਈ ਪਿੰਡਾਂ ਵਿੱਚ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਅਤੇ ਕਿਸਾਨਾਂ ਦੀਆਂ ਫ਼ਸਲਾਂ ਪਾਣੀ ਵਿੱਚ ਡੁੱਬ ਗਈਆਂ ਹਨ, ਜਦੋਂ ਕਿ ਸ਼ਹਿਰ ਅਤੇ ਪਿੰਡਾਂ ਦੇ ਕਈ ਲੋਕਾਂ ਦੇ ਘਰ ਵੀ ਮੀਂਹ ਕਾਰਨ ਢਹਿ ਗਏ ਹਨ। ਇੰਨਾ ਹੀ ਨਹੀਂ, ਕਈ ਪਿੰਡਾਂ ਵਿੱਚ ਅਜੇ ਵੀ ਹੜ੍ਹ ਵਰਗੇ ਹਾਲਾਤ ਹਨ। ਉਨ੍ਹਾਂ ਨੂੰ ਜਲਦੀ ਹੀ ਮੁਆਵਜ਼ਾ ਜਾਰੀ ਕਰ ਕੇ ਰਾਹਤ ਪ੍ਰਦਾਨ ਕੀਤੀ ਜਾਣੀ ਚਾਹੀਦੀ ਹੈ। ਸ੍ਰੀ ਸਿਸੋਦੀਆ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਜਲਦੀ ਹੀ ਇਨ੍ਹਾਂ ਮੁੱਦਿਆਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ ਅਤੇ ਇਨ੍ਹਾਂ ਦਾ ਹੱਲ ਕਰਵਾਉਣਗੇ। -ਪੱਤਰ ਪ੍ਰੇਰਕ