ਜੋਗਿੰਦਰ ਸਿੰਘ ਮਾਨ
ਮਾਨਸਾ, 15 ਦਸੰਬਰ
ਆਸ਼ਾ ਵਰਕਰਜ਼ ਤੇ ਫੈਸਿਲੀਟੇਟਰ ਯੂਨੀਅਨ ਦੇ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਮੰਗਾਂ ਨਾ ਮੰਨੇ ਜਾਣ ਦਾ ਰੋਸ ਜਿਤਾਉਂਦੇ ਹੋਏ ਪੁਲੀਸ ਵੱਲੋਂ ਲਗਾਏ ਗਏ ਬੈਰੀਕੇਡਾਂ ਨੂੰ ਤੋੜਕੇ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨਜ਼ਦੀਕ ਸਿਰਸਾ-ਲੁਧਿਆਣਾ ਮੁੱਖ ਮਾਰਗ ’ਤੇ ਚੱਕਾ ਜਾਮ ਕਰ ਦਿੱਤਾ। ਇਸ ਦੌਰਾਨ ਕਈ ਆਉਣ-ਜਾਣ ਵਾਲੇ ਲੋਕਾਂ ਨਾਲ ਬਹਿਸਬਾਜ਼ੀ ਹੁੰਦੀ ਵੀ ਦਿਖਾਈ ਦਿੱਤੀ। ਲੰਘਣ-ਟੱਪਣ ਵਾਲਿਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਅਤੇ ਗੱਡੀਆਂ ਨੂੰ ਬਦਲਵੇਂ ਰਸਤਿਆਂ ਰਾਹੀਂ ਲੰਘਾਉਣਾ ਪਿਆ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆ ਜਥੇਬੰਦੀ ਦੀ ਜ਼ਿਲ੍ਹਾ ਆਗੂ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨਾਲ ਧੰਕਾ ਅਤੇ ਸ਼ੋਸਣ ਕਰਕੇ ਟਲਕਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਾਰ-ਵਾਰ ਜਥੇਬੰਦੀ ਵੱਲੋਂ ਸਰਕਾਰ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਪਰ ਭਰੋਸਾ ਦੇਕੇ ਟਾਲ ਦਿੱਤਾ ਜਾਂਦਾ ਹੈ, ਜਿਸ ਕਾਰਨ ਅੱਜ ਉਨ੍ਹਾਂ ਨੂੰ ਮਜਬੂਰ ਹੋਕੇ ਮੁੱਖ ਮਾਰਗ ’ਤੇ ਜਾਮ ਲਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਲੜਕੀਆਂ ਵੱਲੋਂ ਜਾਮ ਲਾਉਣੇ, ਸ਼ੌਕ ਨਹੀਂ, ਮਜ਼ਬੂਰੀ ਹੈ। ਇਸ ਤੋਂ ਪਹਿਲਾਂ ਅੱਜ ਸਵੇਰ ਤੋਂ ਹੀ ਜੱਚਾ-ਬੱਚਾ ਹਸਪਤਾਲ ਵਿਚ ਆਸ਼ਾ ਵਰਕਰਾਂ ਤੇ ਫੈਸਿਲੀਟੇਟਰ ਇਕੱਠੀਆਂ ਹੋਣੀਆਂ ਸ਼ੁਰੂ ਹੋ ਗਈਆਂ ਸਨ ਤੇ ਉਸ ਦੇ ਬਾਅਦ ਉਨ੍ਹਾਂ ਵੱਲੋਂ ਸ਼ਹਿਰ ਵਿੱਚ ਮਾਰਚ ਕਰਨ ਬਾਅਦ ਪੁਲੀਸ ਵੱਲੋਂ ਬੈਰੀਕੇਡ ਲਾ ਕੇ ਰੋਕ ਲਿਆ ਸੀ। ਆਗੂਆਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਸਬੰਧੀ ਨੋਟੀਫਿਕੇਸ਼ਨ ਨਹੀਂ ਕੀਤਾ ਜਾਂਦਾ, ਸੰਘਰਸ਼ ਜਾਰੀ ਰੱਖਣਗੀਆਂ।