ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 4 ਅਕਤੂਬਰ
ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਨੇ ਮੰਗਾਂ ਦੀ ਪੂਰਤੀ ਲਈ ਸਥਾਨਕ ਸ਼ਹੀਦ ਬਾਬਾ ਦੀਪ ਸਿੰਘ ਸਿਵਲ ਹਸਪਤਾਲ ਵਿਚ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਕੇ ਸਰਕਾਰ ਦੀ ਅਰਥੀ ਸਾੜੀ।
ਯੂਨੀਅਨ ਆਗੂ ਸੁਖਜੀਤ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਉਨ੍ਹਾਂ ਨੂੰ 2500 ਰੁਪਏ ਮਾਸਿਕ ਕੋਵਿਡ ਭੱਤਾ ਦੇਣ ਬਾਰੇ ਮੰਗ ਮੰਨੀ ਸੀ ਜੋ ਅਜੇ ਤਕ ਪੂਰੀ ਨਹੀਂ ਹੋਈ। ਇਸ ਦੇ ਉਲਟ ਵਰਕਰਾਂ ਤੋਂ ਲਗਾਤਾਰ ਕੋਵਿਡ ਦੇ ਮੈਗਾ ਕੈਂਪਾਂ ਵਿੱਚ ਸੌ ਫ਼ੀਸਦੀ ਕਵਰੇਜ਼ ਕਰਨ ਲਈ ਦਬਾਅ ਪਾਇਆ ਜਾ ਰਿਹਾ ਹੈ। ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਿਸ ਵਰਕਰ ਦਾ 3500 ਤੋਂ ਘੱਟ ਇਨਸੈਂਟਿਵ ਹੋਇਆ ਉਸ ਦਾ ਕੋਵਿਡ ਭੱਤਾ 2500 ਰੁਪਏ ਕੱਟ ਲਿਆ ਜਾਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਯੂਨੀਅਨ 14 ਅਕਤੂਬਰ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ।
ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰਨ ਦੀ ਚਿਤਾਵਨੀ
ਜ਼ੀਰਾ (ਹਰਮੇਸ਼ਪਾਲ ਨੀਲੇਵਾਲਾ): ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਬਲਾਕ ਪ੍ਰਧਾਨ ਰਾਜਵਿੰਦਰ ਕੌਰ ਕੱਸੋਆਣਾ ਦੀ ਅਗਵਾਈ ਹੇਠ ਪੀਐੱਚਸੀ ਕੱਸੋਆਣਾ ਵਿਚ ਸਰਕਾਰ ਵਿਰੁੱਧ ਮੁਜ਼ਾਹਰਾ ਕੀਤਾ ਗਿਆ। ਇਸ ਸਮੇਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਸ਼ੋਸ਼ਣ ਬੰਦ ਕੀਤਾ ਜਾਵੇ ਅਤੇ ਚਿਰ ਤੋਂ ਲਮਕ ਰਹੀਆਂ ਮੰਗਾਂ ਮੰਨੀਆਂ ਜਾਣ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਉਨ੍ਹਾਂ ਦੀਆਂ ਮੰਗਾਂ ਜਲਦ ਨਾ ਮੰਨੀਆਂ ਤਾਂ ਯੂਨੀਅਨ 14 ਅਕਤੂਬਰ ਨੂੰ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕਰੇਗੀ।