ਪੱਤਰ ਪ੍ਰੇਰਕ
ਮਾਨਸਾ, 28 ਨਵੰਬਰ
ਆਸ਼ਾ ਫੈਸੀਲੀਟੇਟਰ ਅਤੇ ਆਸ਼ਾ ਵਰਕਰਜ਼ ਯੂਨੀਅਨ ਮਾਨਸਾ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖਿਲਾਫ਼ ਮਾਨਸਾ-ਪਟਿਆਲਾ ਮੁੱਖ ਮਾਰਗ ’ਤੇ ਪਿੰਡ ਖਿਆਲਾ ਕਲਾਂ ਵਿਖੇ ਜਾਮ ਲਾ ਕੇ ਧਰਨਾ ਦਿੱਤਾ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਕੌਰ ਭੈਣੀਬਾਘਾ ਨੇ ਚਿਤਾਵਨੀ ਦਿੱਤੀ ਕਿ ਜਿੰਨਾ ਚਿਰ ਤੱਕ ਉਨ੍ਹਾਂ ਦੇ ਮਸਲੇ ਦਾ ਹੱਲ ਸਰਕਾਰ ਨਹੀਂ ਕਰਦੀ, ਓਨਾ ਚਿਰ ਤੱਕ ਕੰਮ ਛੱਡੋ ਹੜਤਾਲ ਜਾਰੀ ਰਹੇਗੀ।
ਇਸੇ ਦੌਰਾਨ ਹੀ ਐਨਐਚਐਮ ਐਪਲਾਈਜ਼ ਯੂਨੀਅਨ ਮਾਨਸਾ ਵੱਲੋਂ ਪੰਜਾਬ ਸਰਕਾਰ ਖਿਲਾਫ਼ ਵੱਖਰੇ ਤੌਰ ’ਤੇ ਇਥੇ ਧਰਨਾ ਲਾਇਆ ਗਿਆ। ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਵਿੰਦਰ ਕੁਮਾਰ ਨੇ ਕਿਹਾ ਕਿ ਐਨਐਚਐਮ ਮੁਲਾਜ਼ਮਾਂ ਵਿੱਚ 30 ਨਵੰਬਰ ਦੀ ਖਰੜ ਵਿਖੇ ਰੋਸ ਰੈਲੀ ਲਈ ਭਾਰੀ ਜੋਸ਼ ਪਾਇਆ ਜਾ ਰਿਹਾ ਹੈ। ਆਗੂ ਨੇ ਕਿਹਾ ਕਿ ਇੱਕ ਪਾਸੇ ਤਾਂ ਮੁੱਖ ਮੰਤਰੀ ਪੰਜਾਬ 36000 ਕੱਚੇ ਕਰਮਚਾਰੀਆਂ ਨੂੰ ਰੈਗੂਲਰ ਕਰਨ ਦੇ ਫੋਕੇ ਦਾਅਵੇ ਕਰ ਰਹੇ ਹਨ ਅਤੇ ਸੜਕਾਂ ’ਤੇ ਵੱਡੇ-ਵੱਡੇ ਹੋਰਡਿੰਗ ਲਗਾਕੇ ਪੰਜਾਬ ਦੇ ਲੋਕਾਂ ਅਤੇ ਕੱਚੇ ਮੁਲਾਜ਼ਮਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ, ਪ੍ਰੰਤੂ ਦੂਜੇ ਪਾਸੇ ਸੜਕਾਂ ’ਤੇ ਆਪਣੇ ਦੁੱਖੜੇ ਸੁਣਾਉਣ ਪਹੁੰਚੇ ਨਿਹੱਥੇ ਕੱਚੇ ਕਰਮਚਾਰੀਆਂ ’ਤੇ ਲਾਠੀਚਾਰਜ ਕੀਤਾ ਜਾ ਰਿਹਾ ਹੈ ਅਤੇ ਸਟੇਜਾਂ ਤੋਂ ਪਰਚੇ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਖਰੜ ਵਿੱਚ ਰੋਸ ਰੈਲੀ ਕਰਕੇ ਪੰਜਾਬ ਸਰਕਾਰ ਦੇ ਖੋਖਲੇ ਦਾਅਵਿਆਂ ਦੀ ਪੋਲ ਖੋਲ੍ਹੀ ਜਾਵੇਗੀ। ਇਸ ਮੌਕੇ ਜਗਦੇਵ ਸਿੰਘ ਮਾਨ, ਮਿਨਾਕਸ਼ੀ, ਸੰਦੀਪ ਸਿੰਘ ਨੇ ਵੀ ਸੰਬੋਧਨ ਕੀਤਾ।