ਪੱਤਰ ਪ੍ਰੇਰਕ
ਸੰਘਾ, ਦਸੰਬਰ
ਆਸ਼ਾ ਵਰਕਰਜ਼ ਐਂਡ ਫੈਸਿਲੀਟੇਟਰ ਯੂਨੀਅਨ ਨੇ ਆਪਣੀਆਂ ਮੰਗਾਂ ਦੇ ਹੱਕ ’ਚ ਸ਼ਹਿਰ ਵਿੱਚ ਰੋਸ ਮਾਰਚ ਕੱਢਿਆ ਅਤੇ ਚੰਨੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਉਪਰੰਤ ਉਨ੍ਹਾਂ ਮੁਜ਼ਾਹਰਾ ਚੌਕ ਵਿਖੇ ਸੂਬਾ ਸਰਕਾਰ ਦਾ ਪੁਤਲਾ ਸਾੜਿਆ। ਇਸ ਦੌਰਾਨ ਬਲਾਕ ਪ੍ਰਧਾਨ ਰੁਪਿੰਦਰ ਕੌਰ ਰਿੰਪੀ ਅਤੇ ਯੂਨੀਅਨ ਆਗੂ ਵੀਰਪਾਲ ਕੌਰ ਨੇ ਕਿਹਾ ਕਿ ਉਨ੍ਹਾਂ ਕਰੋਨਾ ਕਾਲ ਦੌਰਾਨ ਫਰੰਟ ਲਾਈਨ ’ਤੇ ਕੰਮ ਕੀਤਾ ਪਰ 24 ਘੰਟੇ ਸੇਵਾਵਾਂ ਦੇਣ ਦੇ ਬਾਵਜੂਦ ਉਨ੍ਹਾਂ ਨੂੰ ਸਿਰਫ਼ 2500 ਰੁਪਏ ਮਾਸਿਕ ਮਾਣਭੱਤਾ ਮਿਲਦਾ ਹੈ। ਉਨ੍ਹਾਂ ਮੰਗ ਕੀਤੀ ਕਿ ਉਨ੍ਹਾਂ ਨੂੰ ਰੈਗੂਲਰ ਕੀਤਾ ਜਾਵੇ, ਹਰਿਆਣਾ ਪੈਟਰਨ ਦੇ ਆਧਾਰ ’ਤੇ ਤਨਖਾਹ ਲਾਗੂ ਕੀਤੀ ਜਾਵੇਗੀ, ਵਾਰਡ ਅਟੈਂਡੈਂਟ ਦੀਆਂ ਅਸਾਮੀਆਂ ਵਿੱਚ ਆਸ਼ਾ ਵਰਕਰਾਂ ਦਾ 10 ਪ੍ਰਤੀਸ਼ਤ ਕੋਟਾ ਜਾਰੀ ਕੀਤਾ ਜਾਵੇ, ਰੋਜ਼ਾਨਾ ਹਾਜ਼ਰੀ ਯਕੀਨੀ ਬਣਾਈ ਜਾਵੇ ਅਤੇ ਟੀ.ਏ, ਡੀ.ਏ ਤੋਂ ਇਲਾਵਾ ਹੋਰ ਬਣਦੀਆਂ ਸਹੂਲਤਾਂ ਦਿੱਤੀਆਂ ਜਾਣ। ਆਸ਼ਾ ਵਰਕਰਾਂ ਨੇ ਚਿਤਾਵਨੀ ਦਿੱਤੀ ਕਿ ਉਨ੍ਹਾਂ ਦੀਆਂ ਮੰਗਾਂ ਮੰਨਕੇ ਨੋਟੀਫਿਕੇਸ਼ਨ ਜਲਦੀ ਲਾਗੂ ਨਾ ਕੀਤਾ ਗਿਆ ਤਾਂ ਮੁੱਖ ਮੰਤਰੀ, ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦਾ ਘਿਰਾਓ ਕੀਤਾ ਜਾਵੇਗਾ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਦੂਲਗੜ੍ਹ ਫੇਰੀ ਦੌਰਾਨ ਘੱਗਰ ਪੁਲ ’ਤੇ ਧਰਨਾ ਦਿੱਤਾ ਜਾਵੇਗਾ। ਇਸ ਮੌਕੇ ਦਵਿੰਦਰਜੀਤ ਕੌਰ ਭੂੰਦੜ, ਸ਼ੀਲਾ ਰਾਣੀ ਕਰੰਡੀ, ਅਮਰਜੀਤ ਕੌਰ, ਸੁਰਿੰਦਰ ਕੌਰ ਜਟਾਣਾ, ਸਰਬਜੀਤ ਕੌਰ, ਜਸਵੀਰ ਕੌਰ ਫੱਤਾ, ਬੇਅੰਤ ਕੌਰ ਔਤਾਂਵਾਲੀ, ਬਲਜੀਤ ਕੌਰ, ਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ’ਚ ਯੂਨੀਅਨ ਵਰਕਰ ਹਾਜ਼ਰ ਸਨ।
ਆਂਗਣਵਾੜੀ ਵਰਕਰਾਂ ਵੱਲੋਂ ਸਰਕਾਰੀ ਸਕੀਮਾਂ ਦੇ ਬਾਈਕਾਟ ਦਾ ਫ਼ੈਸਲਾ
ਮੋਗਾ: ਇੱਥੇ ਸ਼ਹੀਦ ਨਛੱਤਰ ਸਿੰਘ ਯਾਦਗਾਰੀ ਭਵਨ ਵਿੱਚ ਆਲ ਇੰਡੀਆ ਆਂਗਣਵਾੜੀ ਵਰਕਰਜ਼ ਹੈਲਪਰਜ਼ ਯੂਨੀਅਨ ਪੰਜਾਬ ਏਟਕ ਦੀ ਮੀਟਿੰਗ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਨਾ ਕਰਨ ’ਤੇ ਰੋਸ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀਆਂ ਸਕੀਮਾਂ ਦੇ ਬਾਈਕਾਟ ਦਾ ਫ਼ੈਸਲਾ ਲਿਆ ਗਿਆ। ਇਸ ਮੌਕੇ ਸੂਬਾ ਜਨਰਲ ਸਕੱਤਰ ਸੁਨੀਲ ਕੌਰ ਬੇਦੀ, ਗੁਰਚਰਨ ਕੌਰ ਮੋਗਾ, ਬਲਵਿੰਦਰ ਖੋਸਾ,ਪਿਆਰ ਕੌਰ ਜ਼ੀਰਾ, ਗੁਰਪ੍ਰੀਤ ਕੌਰ ਚੁਗਾਵਾਂ, ਸੁਨੀਤਾ ਜੋਸ਼ੀ, ਛਿੰਦਰ ਕੌਰ ਦੁਨੇਕੇ, ਹਰਦੀਪ ਕੌਰ ਸੁਖਦੀਪ ਕੌਰ ਅਤੇ ਸੰਦੀਪ ਕੌਰ ਨੇ ਮੰਗ ਕੀਤੀ ਕਿ ਜੋ ਆਂਗਣਵਾੜੀ ਵਰਕਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਸਰਕਾਰ ਨਾਲ ਗੱਲਬਾਤ ਰਾਹੀਂ ਮੰਨੀਆਂ ਗਈਆਂ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਦਿਨਾਂ ਵਿੱਚ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਮਜਬੂਰ ਹੋਣਗੀਆਂ। ਉਨ੍ਹਾਂ ਕਿਹਾ ਕਿ 15 ਦਸੰਬਰ ਤੋਂ ਮੰਤਰੀਆਂ ਅਤੇ ਵਿਧਾਇਕਾਂ ਦੇ ਘਿਰਾਓ ਕਰ ਕੇ ਹੱਕੀ ਆਵਾਜ਼ ਬੁਲੰਦ ਕੀਤੀ ਜਾਵੇਗੀ। ਉਨ੍ਹਾਂ ਰੋਸ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੀਆਂ ਸਕੀਮਾਂ ਦੇ ਬਾਈਕਾਟ ਦਾ ਫ਼ੈਸਲਾ ਲਿਆ। ਉਨ੍ਹਾਂ ਦੱਸਿਆ ਕਿ ਸਿੱਖਿਆ ਮੰਤਰੀ ਨੇ ਭਰੋਸਾ ਦਿੱਤਾ ਸੀ ਕਿ ਪ੍ਰੀ-ਨਰਸਰੀ ਜਮਾਤਾਂ ਆਂਗਣਵਾੜੀ ਵਰਕਰਾਂ ਨੂੰ ਦੇਣ, ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਰਾਜ ਦੀ ਤਰਜ਼ ਉੱਤੇ ਮਾਣਭੱਤੇ ਵਿੱਚ ਵਾਧਾ ਕਰਨ, ਤਿੰਨ ਸਾਲਾਂ ਦਾ ਬਕਾਇਆ ਦੇਣ ਆਦਿ ਮੰਨੀਆਂ ਮੰਗਾਂ ਲਾਗੂ ਨਾ ਕਰਨ ਤੋਂ ਆਂਗਣਵਾੜੀ ਵਰਕਰਾਂ ਵਿੱਚ ਭਾਰੀ ਰੋਸ ਹੈ। -ਨਿੱਜੀ ਪੱਤਰ ਪ੍ਰੇਰਕ