ਕੁਲਦੀਪ ਸਿੰਘ ਬਰਾੜ
ਮੰਡੀ ਘੁਬਾਇਆ, 28 ਅਕਤੂਬਰ
ਜਲਾਲਾਬਾਦ ਦੇ ਐੱਸਡੀਐੱਮ ਰਵਿੰਦਰ ਸਿੰਘ ਅਰੋੜਾ ਨੇ ਅੱਜ ਪਿੰਡ ਮਾਨੇਵਾਲਾ ਪਹੁੰਚ ਕੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੇ ਪਏ ਗੜਿਆਂ ਕਾਰਨ ਨੁਕਸਾਨੀਆਂ ਫਸਲਾਂ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਇੱਕ-ਦੋ ਦਿਨਾਂ ਵਿੱਚ ਸਾਰੀਆਂ ਗਿਰਦਾਵਰੀਆਂ ਕਰ ਲਈਆਂ ਜਾਣਗੀਆਂ।
ਉਨ੍ਹਾਂ ਖੇਤੀਬਾੜੀ ਅਧਿਕਾਰੀਆਂ ਅਤੇ ਪਟਵਾਰੀਆਂ ਨੂੰ ਵੀ ਇਸ ਗੱਲ ਦੀ ਹਦਾਇਤ ਕੀਤੀ ਕਿ ਉਹ ਕਿਸਾਨਾਂ ਦੀ ਫਸਲ ਦਾ ਜੋ ਵੀ ਨੁਕਸਾਨ ਹੋਇਆ ਹੈ, ਦੀ ਤੁਰੰਤ ਰਿਪੋਰਟ ਬਣਾ ਕੇ ਭੇਜਣ ਤਾਂ ਜੋ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਨਿਰਾਸ਼ਾ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਵੀ ਹਦਾਇਤ ਕੀਤੀ ਕਿ ਉਹ ਦੋ ਦਿਨ ਤਕ ਆਪਣੀ ਫਸਲ ਦੀ ਕਟਾਈ ਨਾ ਕਰਨ ਤਾਂ ਜੋ ਖੇਤੀਬਾੜੀ ਅਧਿਕਾਰੀ ਜਾਂ ਪਟਵਾਰੀ ਪਹੁੰਚ ਕੇ ਉਨ੍ਹਾਂ ਦੀਆਂ ਫਸਲਾਂ ਦਾ ਜਾਇਜ਼ਾ ਲੈ ਸਕਣ। ਜਿਸ ਨਾਲ ਜਾਇਜ਼ਾ ਲੈਣ ਆਏ ਅਧਿਕਾਰੀਆਂ ਦੀ ਵੀ ਮਦਦ ਹੋ ਸਕਦੀ ਹੈ। ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਖਿਆ ਕਿ ਐਸਡੀਐਮ ਦੇ ਪਹੁੰਚਣ ਨਾਲ ਉਨ੍ਹਾਂ ਨੂੰ ਆਸ ਬੱਝੀ ਹੈ ਕਿ ਸਰਕਾਰ ਖਰਾਬ ਹੋਈਆਂ ਫਸਲਾਂ ਦਾ ਮੁਆਵਜ਼ਾ ਮੁਹੱਈਆ ਕਰਵਾਏਗੀ।