ਰਾਜਵਿੰਦਰ ਰੌਂਤਾ
ਨਿਹਾਲ ਸਿੰਘ ਵਾਲਾ/ਮੋਗਾ, 9 ਅਗਸਤ
ਕਿਸਾਨ ਸੰਘਰਸ਼ ਦੌਰਾਨ ਜ਼ਿੰਦਗੀ ਲੇਖੇ ਲਾਉਣ ਵਾਲੇ ਜ਼ਿਲ੍ਹੇ ਦੇ 69 ਕਿਸਾਨਾਂ ’ਚੋਂ ਬਾਕੀ ਰਹਿੰਦੇ 14 ਕਿਸਾਨ ਪਰਿਵਾਰਾਂ ਨੂੰ 70 ਲੱਖ ਰੁਪਏ (ਪ੍ਰਤੀ ਪਰਿਵਾਰ 5 ਲੱਖ ਰੁਪਏ) ਦੇ ਚੈੱਕ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਭੇਟ ਕੀਤੇ।
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਪੀੜਤ ਪਰਿਵਾਰਾਂ ਨਾਲ ਪੰਜਾਬ ਸਰਕਾਰ ਤਰਫ਼ੋਂ ਦੁੱਖ ਜ਼ਾਹਿਰ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਮ੍ਰਿਤਕ ਕਿਸਾਨਾਂ ਦੀ ਦੇਣ ਦਾ ਕੋਈ ਵੀ ਪੰਜਾਬ ਵਾਸੀ ਮੁੱਲ ਤਾਂ ਨਹੀਂ ਦੇ ਸਕਦਾ। ਇਨ੍ਹਾਂ ਕਿਸਾਨਾਂ ਨੇ ਆਪਣੀ ਜਾਨ ਦੇ ਕੇ ਪੰਜਾਬ ਦੀ ਆਰਥਿਕਤਾ ਅਤੇ ਕਿਸਾਨੀ ਨੂੰ ਬਚਾਇਆ ਹੈ। ਸਰਕਾਰੇ ਦਰਬਾਰੇ ਇਨ੍ਹਾਂ ਪਰਿਵਾਰਾਂ ਦਾ ਪੂਰਾ ਸਤਿਕਾਰ ਹੋਵੇਗਾ। ਸਰਕਾਰ ਇਹਨਾਂ ਨਾਲ ਚੱਟਾਨ ਵਾਂਗ ਖੜ੍ਹੀ ਹੈ। ਦੱਸਣਯੋਗ ਹੈ ਕਿ ਕਿਸਾਨ ਸੰਘਰਸ਼ ਵਿੱਚ ਜ਼ਿਲ੍ਹਾ ਮੋਗਾ ਨਾਲ ਸਬੰਧਤ 69 ਕਿਸਾਨਾਂ ਨੇ ਆਪਣੀ ਜਾਨ ਲੇਖੇ ਲਾਈ ਸੀ। ਜਿਨ੍ਹਾਂ ਵਿੱਚੋਂ 55 ਪਰਿਵਾਰਾਂ ਨੂੰ ਪਹਿਲਾਂ ਹੀ ਇਹ ਰਾਸ਼ੀ ਵੰਡੀ ਜਾ ਚੁੱਕੀ ਸੀ। ਬਾਕੀ ਰਹਿੰਦੇ 14 ਪਰਿਵਾਰਾਂ ਨੂੰ ਰਾਸ਼ੀ ਚੈੱਕ ਵੰਡੇ ਗਏ ਹਨ। ਇਸ ਮੌਕੇ ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਹਲਕਾ ਮੋਗਾ ਦੀ ਵਿਧਾਇਕਾ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਬਾਘਾਪੁਰਾਣਾ ਦੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਵੀ ਹਾਜ਼ਰ ਸਨ।