ਪਵਨ ਗੋਇਲ
ਭੁੱਚੋ ਮੰਡੀ, 4 ਜੂਨ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਅਤੇ ਪਾਵਰਕੌਮ ਜ਼ੋਨ ਬਠਿੰਡਾ ਦੇ ਠੇਕਾ ਮੁਲਾਜ਼ਮਾਂ ਨੇ ਪਰਿਵਾਰਾਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੂਰਾ ਦਿਨ ਬਠਿੰਡਾ-ਜ਼ੀਰਕਪੁਰ ਕੌਮੀ ਮਾਰਗ ’ਤੇ ਮੁਕੰਮਲ ਜਾਮ ਕੀਤਾ।
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ। ਉਨ੍ਹਾਂ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਹੋਰ ਹੱਕੀ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ ਅਤੇ ਮੰਗਾਂ ਦੀ ਪੂਰਤੀ ਤੱਕ ਜਾਮ ਜਾਰੀ ਰੱਖਣ ਦਾ ਐਲਾਨ ਕੀਤਾ। ਜਾਮ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਵੀ ਸ਼ਾਮਲ ਹੋਏ। ਪ੍ਰਸ਼ਾਸਨ ਨੇ ਆਵਾਜਾਈ ਦੇ ਬਦਲਵੇਂ ਪ੍ਰਬੰਧ ਕੀਤੇ ਪਰ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਨਾਇਬ ਤਹਿਸੀਲਦਾਰ ਅਵਤਾਰ ਸਿੰਘ ਜਾਮ ਖੁਲ੍ਹਵਾਉਣ ਦੇ ਯਤਨ ਕਰ ਰਹੇ ਸਨ ਪਰ ਸਾਢੇ ਪੰਜ ਵਜੇ ਵੀ ਜਾਮ ਜਾਰੀ ਸੀ।
ਮੋਰਚੇ ਦੇ ਸੂਬਾਈ ਆਗੂ ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਜਗਸੀਰ ਸਿੰਘ ਭੰਗੂ ਅਤੇ ਖੁਸ਼ਦੀਪ ਸਿੰਘ ਨੇ ਕਿਹਾ ਕਿ ਕੈਪਟਨ ਸਰਕਾਰ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਆਪਣੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਕੈਪਟਨ ਸਰਕਾਰ ਨੇ ਕੋਈ ਚੋਣ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨਿੱਜੀਕਰਨ ਅਤੇ ਵਿਭਾਗਾਂ ਦੇ ਪੁਨਰਗਠਨ ਦੇ ਨਾਮ ’ਤੇ ਇੱਕ ਲੱਖ ਦੇ ਕਰੀਬ ਅਸਾਮੀਆਂ ਦਾ ਖਾਤਮਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਸਮੂਹ ਵਿਭਾਗਾਂ ਵਿੱਚ ਪਿਛਲੇ ਕਰੀਬ 20 ਸਾਲਾਂ ਤੋਂ ਠੇਕਾ ਪ੍ਰਣਾਲੀ ਤਹਿਤ ਕੰਮ ਕਰਦੇ ਮੁਲਾਜ਼ਮਾਂ ਦੀ ਕਿਰਤ ਦੀ ਲੁੱਟ ਕੀਤੀ ਜਾ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਮਹਿੰਗਾਈ ਭੱਤਾ ਦਿੱਤਾ ਜਾਵੇ, ਡਿਊਟੀ ਦੌਰਾਨ ਮੌਤ ਜਾਂ ਨਕਾਰਾ ਹੋਣ ਅਤੇ ਸੇਵਾ ਮੁਕਤੀ ਮੌਕੇ ਘੱਟੋ-ਘੱਟ 10 ਲੱਖ ਰੁਪਏ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਪਿਛਲੇ ਦੋ ਸਾਲਾਂ ਤੋਂ ਰੁਕੇ ਵਜ਼ੀਫੇ ਦੇ ਪੈਸੇ ਠੇਕਾ ਮੁਲਾਜ਼ਮਾਂ ਦੇ ਬੈਂਕ ਖਾਤਿਆਂ ਵਿੱਚ ਪਵਾਏ ਜਾਣ, ਨਵੇਂ ਕਾਲੇ ਖੇਤੀ ਤੇ ਕਿਰਤ ਕਾਨੂੰਨ, ਬਿਜਲੀ ਐਕਟ 2003 ਅਤੇ 2020 ਨੂੰ ਰੱਦ ਕੀਤਾ ਜਾਵੇ, ਨਿੱਜੀ ਕੰਪਨੀਆਂ ਨਾਲ ਕੀਤੇ ਮਹਿੰਗੇ ਬਿਜਲੀ ਸਮਝੌਤੇ ਰੱਦ ਕਰਕੇ ਨਿੱਜੀ ਥਰਮਲਾਂ ਨੂੰ ਸਰਕਾਰੀ ਹੱਥਾਂ ਵਿੱਚ ਲਿਆ ਜਾਵੇ ਅਤੇ ਸਰਕਾਰੀ ਥਰਮਲਾਂ ਨੂੰ ਲਗਾਤਾਰ ਚਲਾਇਆ ਜਾਵੇ ਅਤੇ ਨਵੀਂ ਕੌਮੀ ਸਿੱਖਿਆ ਨੀਤੀ ਰੱਦ ਕੀਤੀ ਜਾਵੇ।
ਇਸ ਮੌਕੇ ਵੱਖ ਵੱਖ ਜਥੇਬੰਦੀਆਂ ਦੇ ਆਗੂ ਮੋਠੂ ਸਿੰਘ ਕੋਟੜਾ, ਬਲਜੀਤ ਸਿੰਘ ਪੂਹਲਾ, ਜੋਰਾ ਸਿੰਘ ਨਸਰਾਲੀ, ਵਰਿੰਦਰ ਸਿੰਘ ਬੀਬੀਵਾਲਾ, ਗਗਨਦੀਪ ਸਿੰਘ, ਮਾਸਟਰ ਗੁਰਮੁੱਖ ਸਿੰਘ, ਮਾਸਟ ਰੇਸ਼ਮ ਸਿੰਘ, ਜਗਜੀਤ ਸਿੱਧੂ, ਜਗਦੇਵ ਸਿੰਘ, ਚੰਦਰ ਸ਼ਰਮਾ, ਪੂਰਨ ਸਿੰਘ ਅਤੇ ਚਮਕੌਰ ਸਿੰਘ ਨੇ ਸਰਕਾਰਾਂ ਦੀਆਂ ਮਾੜੀਆਂ ਨੀਤੀਆਂ ਦੀ ਪੋਲ ਖੋਲ੍ਹੀ।