ਨਿੱਜੀ ਪੱਤਰ ਪ੍ਰੇਰਕ
ਫ਼ਰੀਦਕੋਟ, 8 ਅਗਸਤ
ਇੱਥੋਂ ਦੇ ਬਾਬਾ ਫਰੀਦ ਪਬਲਿਕ ਸਕੂਲ ਦੇ ਗਿਆਰਵੀਂ ਜਮਾਤ ਦੇ ਵਿਦਿਆਰਥੀ ਦੀ ਸਕੂਲ ਦੇ ਬਾਹਰ ਅੱਧੀ ਦਰਜਨ ਨੌਜਵਾਨਾਂ ਨੇ ਕੁੱਟਮਾਰ ਕੀਤੀ। ਪੀੜਤ ਵਿਦਿਆਰਥੀ ਕਰਨਵੀਰ ਸਿੰਘ ਨੂੰ ਕੁੱਝ ਅਧਿਆਪਕਾਂ ਅਤੇ ਰਾਹਗੀਰਾਂ ਨੇ ਛੁਡਾਉਣ ਦੀ ਕੋਸ਼ਿਸ਼ ਕੀਤੀ ਪਰ ਹਮਲਾਵਰਾਂ ਨੇ ਉਸ ਦੀਆਂ ਦੋਵੇਂ ਲੱਤਾਂ ਤੋੜ ਦਿੱਤੀਆਂ। ਕਰਨਵੀਰ ਸਿੰਘ ਘਟਨਾ ਤੋਂ ਬਾਅਦ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਵਿੱਚ ਇਲਾਜ ਅਧੀਨ ਹੈ। ਕਰਨਵੀਰ ਸਿੰਘ ਦੇ ਕਰੀਬੀ ਰਿਸ਼ਤੇਦਾਰ ਸੁਰਿੰਦਰ ਸਿੰਘ ਨੇ ਦੋਸ਼ ਲਾਇਆ ਕਿ ਜਿਹੜੇ ਨੌਜਵਾਨਾਂ ਨੇ ਵਿਦਿਆਰਥੀ ਉੱਪਰ ਹਮਲਾ ਕੀਤਾ ਹੈ ਉਹ ਖ਼ੁਦ ਨੂੰ ਗੈਂਗਸਟਰਾਂ ਦੇ ਕਰੀਬੀ ਮੰਨਦੇ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਵਿਦਿਆਰਥੀ ਦੀ ਕੁੱਟਮਾਰ ਕਰਨ ਤੋਂ ਬਾਅਦ ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵਾਇਰਲ ਕਰਕੇ ਸ਼ਹਿਰ ਵਿੱਚ ਦਹਿਸ਼ਤ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਹੈ। ਘਟਨਾ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਜੀਤ ਸਿੰਘ ਸੇਖੋਂ ਨੇ ਇੱਥੇ ਪ੍ਰੈੱਸ ਕਾਨਫਰੰਸ ਕਰਕੇ ਦੋਸ਼ ਲਾਇਆ ਕਿ ਮਾਲਵੇ ਦੇ ਅੱਧੀ ਦਰਜਨ ਜ਼ਿਲ੍ਹੇ ਗੈਂਗਸਟਰ ਚਲਾ ਰਹੇ ਹਨੇ ਐੱਸ.ਐੱਸ.ਪੀ ਸਵਰਨਦੀਪ ਸਿੰਘ ਨੇ ਕਿਹਾ ਕਿ ਵਿਦਿਆਰਥੀ ਦੀ ਕੁੱਟਮਾਰ ਦੇ ਮਾਮਲੇ ਵਿੱਚ ਇੱਕ ਦਰਜਨ ਹਮਲਾਵਰਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।