ਮਾਨਸਾ ਜ਼ਿਲ੍ਹੇ ਦੇ ਪਿੰਡ ਕੁਲਰੀਆਂ ਵਿੱਚ ਬੁੱਧਵਾਰ ਦੇਰ ਰਾਤ ਇੱਕ ਵਿਅਕਤੀ ’ਤੇ ਪੁਰਾਣੀ ਰੰਜਿਸ਼ ਕਾਰਨ ਹਮਲਾ ਕੀਤਾ ਗਿਆ। ਹਮਲਾਵਰਾਂ ਨੇ ਨੌਜਵਾਨ ਦੀਆਂ ਲੱਤਾਂ ਤੋੜ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ਵਿੱਚ ਪਟਿਆਲਾ ਦੇ ਹਸਪਤਾਲ ਰੈਫਰ ਕਰ ਦਿੱਤਾ ਗਿਆ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਰਵੀ ਨਾਂ ਦਾ ਵਿਅਕਤੀ ਆਪਣੇ ਨਵੇਂ ਘਰ ਵਿੱਚ ਕੰਮ ਕਰ ਰਿਹਾ ਸੀ। ਇਸੇ ਦੌਰਾਨ ਕੁੱਝ ਲੋਕ ਕੰਧ ਟੱਪ ਕੇ ਉਸ ਦੇ ਘਰ ਵਿੱਚ ਦਾਖ਼ਲ ਹੋ ਗਏ। ਹਮਲਾਵਰਾਂ ਨੇ ਰਵੀ ’ਤੇ ਹਮਲਾ ਕਰ ਦਿੱਤਾ ਅਤੇ ਡਾਂਗਾਂ ਨਾਲ ਉਸ ਦੀਆਂ ਲੱਤਾਂ ਤੋੜ ਦਿੱਤੀਆਂ।
ਘਟਨਾ ਸਮੇਂ ਉੱਥੇ ਮੌਜੂਦ ਨੌਜਵਾਨ ਜੱਸੀ ਸਿੰਘ ਨੇ ਦੱਸਿਆ ਕਿ ਪਹਿਲਾਂ ਹਮਲਾਵਰਾਂ ਨੇ ਗੋਲੀਆਂ ਚਲਾਈਆਂ ਅਤੇ ਫਿਰ ਡਾਂਗਾਂ ਨਾਲ ਹਮਲਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸਨੇ ਭੱਜਕੇ ਆਪਣੀ ਜਾਨ ਬਚਾਈ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਰਵੀ ਨੂੰ ਪਹਿਲਾਂ ਬੁਢਲਾਡਾ ਹਸਪਤਾਲ ਲਿਜਾਇਆ ਗਿਆ, ਉੱਥੋਂ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਪਟਿਆਲਾ ਲਈ ਰੈਫਰ ਕਰ ਦਿੱਤਾ ਗਿਆ। ਪੁਲੀਸ ਦੇ ਏਐੱਸਆਈ ਅਵਤਾਰ ਸਿੰਘ ਨੇ ਦੱਸਿਆ ਕਿ ਇਹ ਘਟਨਾ ਪੁਰਾਣੀ ਦੁਸ਼ਮਣੀ ਕਾਰਨ ਵਾਪਰੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਘਟਨਾ ਵਿੱਚ ਗੋਲੀਬਾਰੀ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲੀਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਹਮਲਾ ਕਰਨ ਵਾਲਿਆਂ ਦੀ ਭਾਲ ਕੀਤੀ ਜਾ ਰਹੀ ਹੈ।