ਜਸਵੰਤ ਜੱਸ
ਫ਼ਰੀਦਕੋਟ, 23 ਜਨਵਰੀ
ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਅਵਤਾਰ ਸਿੰਘ ਬਰਾੜ ਦੇ ਪਰਿਵਾਰ ਨੇ ਫ਼ਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਹਮਾਇਤ ਦਾ ਐਲਾਨ ਕੀਤਾ ਹੈ। ਅਵਤਾਰ ਸਿੰਘ ਬਰਾੜ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਿਆ ਸੀ ਪ੍ਰੰਤੂ ਕੁਝ ਸਮਾਂ ਪਹਿਲਾਂ ਹੀ ਉਨ੍ਹਾਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਮੁੜ ਸ਼ਮੂਲੀਅਤ ਕਰ ਲਈ ਸੀ। ਸਾਬਕਾ ਸਿੱਖਿਆ ਮੰਤਰੀ ਅਵਤਾਰ ਸਿੰਘ ਬਰਾੜ ਦੇ ਬੇਟੇ ਤੇ ਪੀਆਰਟੀਸੀ ਦੇ ਸਾਬਕਾ ਚੇਅਰਮੈਨ ਨਵਦੀਪ ਸਿੰਘ ਬੱਬੂ ਬਰਾੜ ਨੇ ਕਿਹਾ ਕਿ ਉਹ ਫਰੀਦਕੋਟ ਵਿਧਾਨ ਸਭਾ ਹਲਕੇ ਵਿੱਚ ਕਾਂਗਰਸੀ ਉਮੀਦਵਾਰ ਦੀ ਜਿੱਤ ਲਈ ਹਰ ਸੰਭਵ ਕੋਸ਼ਿਸ਼ ਕਰ ਰਹੇ ਹਨ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਕੁਸ਼ਲਦੀਪ ਸਿੰਘ ਢਿੱਲੋਂ ਦੀ ਚੋਣ ਮੁਹਿੰਮ ਵਿੱਚ ਸ਼ਾਮਲ ਹੈ। ਦੱਸਣਯੋਗ ਹੈ ਕਿ ਅਵਤਾਰ ਸਿੰਘ ਬਰਾੜ ਅਤੇ ਕੁਸ਼ਲਦੀਪ ਸਿੰਘ ਢਿੱਲੋਂ ਆਪਸ ਵਿੱਚ ਕਈ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਇਹ ਦੋਵੇਂ ਉਮੀਦਵਾਰ ਇੱਕ ਦੂਜੇ ਨੂੰ ਹਰਾ ਵੀ ਚੁੱਕੇ ਹਨ। ਪ੍ਰੰਤੂ ਹੁਣ ਦੋਵੇਂ ਪਰਿਵਾਰ ਕਾਂਗਰਸੀ ਹੋਣ ਨਾਲ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਹਾਲਾਤ ਬਦਲ ਗਏ ਹਨ। ਕੁਸ਼ਲਦੀਪ ਸਿੰਘ ਢਿੱਲੋਂ ਨੇ ਦਾਅਵਾ ਕੀਤਾ ਕਿ ਨਵਦੀਪ ਸਿੰਘ ਬੱਬੂ ਬਰਾੜ ਦੇ ਪਰਿਵਾਰ ਵੱਲੋਂ ਕਾਂਗਰਸ ਦੀ ਹਮਾਇਤ ਵਿੱਚ ਆਉਣ ਨਾਲ ਫ਼ਰੀਦਕੋਟ ਜ਼ਿਲ੍ਹੇ ਵਿੱਚ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋ ਗਈ ਹੈ ਅਤੇ ਇਹਨਾਂ ਵਿਧਾਨ ਸਭਾ ਚੋਣਾਂ ਜਿੱਤੀ ਯਕੀਨੀ ਹੈ।