ਪੱਤਰ ਪ੍ਰੇਰਕ
ਮਾਨਸਾ, 23 ਅਗਸਤ
ਕਿਸਾਨੀ ਸੰਘਰਸ਼ਾਂ ਦਾ ਗੜ੍ਹ ਮੰਨੇ ਜਾਂਦੇ ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਰੈਲੀ ਕੀਤੀ ਗਈ, ਜਿਸ ਵਿੱਚ ਨੌਜਵਾਨਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਰੈਲੀ ਦੌਰਾਨ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਨੇ ਕਿਹਾ ਕਿ ਨਸ਼ੇ ਦੇ ਨੇ ਬਹੁਤ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ ਅਤੇ ਉਨ੍ਹਾਂ ਫ਼ਸਲਾਂ ਦੇ ਨਾਲ-ਨਾਲ ਇਕਜੁੱਟ ਹੋਕੇ ਨਸਲਾਂ ਬਚਾਉਣ ਦੀ ਲੜਾਈ ਵੀ ਲੜਨੀ ਪਏਗੀ, ਕਿਉਂਕਿ ਸਰਕਾਰ ਨਸ਼ਾ ਦੇ ਸੌਦਾਗਰਾਂ ਨੂੰ ਠੱਲ੍ਹ ਪਾਉਣ ’ਚ ਪੂਰੀ ਤਰ੍ਹਾਂ ਨਾਕਾਮ ਸਿੱਧ ਹੋਈ ਹੈ। ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਅੱਜ ਵੱਡਾ ਹਿੱਸਾ ਨੌਜਵਾਨਾਂ ਦਾ ਨਸ਼ਿਆਂ ਦੀ ਦਲਦਲ ਵਿੱਚ ਫਸ ਚੁੱਕਾ ਹੈ, ਉਨ੍ਹਾਂ ਨੂੰ ਬਗੈਰ ਪੱਖਪਾਤ ਕੀਤਿਆਂ ਸਮਾਜ ਦੀ ਮੁੱਖ ਧਾਰਾ ਦੇ ਵਿੱਚ ਲਿਆਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਮਾਜ ਨੂੰ ਇਕੱਠੇ ਹੋ ਕੇ ਨਸ਼ੇ ਦੀ ਜੜ੍ਹ ਪੁੱਟਣੀ ਪਵੇਗੀ। ਇਸ ਮੌਕੇ ਜਗਦੇਵ ਸਿੰਘ, ਬਲਵਿੰਦਰ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ ਤੇ ਰਾਜਿੰਦਰ ਕੌਰ ਨੇ ਵੀ ਸੰਬੋਧਨ ਕੀਤਾ।