ਲਖਵਿੰਦਰ ਸਿੰਘ
ਮਲੋਟ, 13 ਅਗਸਤ
ਕੈਬਨਿਟ ਮੰਤਰੀ ਤੇ ਮਲੋਟ ਤੋਂ ਵਿਧਾਇਕ ਡਾਕਟਰ ਬਲਜੀਤ ਕੌਰ ਨੇ ਅੱਜ ਪਿੰਡ ਦਾਨੇਵਾਲਾ ਦੇ ਸਰਕਾਰੀ ਕਾਲਜ ਵਿੱਚ 2.86 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਰਹੇਗੀ ਕਿ ਕਿਸੇ ਵੀ ਪਰਿਵਾਰ ਦਾ ਬੱਚਾ ਵਿੱਦਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਕਾਲਜ ਵਿੱਚ ਅਧਿਆਪਕਾਂ ਦੀ ਕਮੀ ਹੈ, ਜੋ ਜਲਦੀ ਪੂਰੀ ਕਰ ਦਿੱਤੀ ਜਾਵੇਗੀ। ਇਸ ਮਗਰੋਂ ਉਨ੍ਹਾਂ ਜੰਡੀਵਾਲਾ ਚੌਕ ਵਿੱਚ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਦੌਰਾਨ ਕਰਿਆਨਾ ਯੂਨੀਅਨ ਮਲੋਟ ਨੇ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਨਿਵਾਜਿਆ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰ ਯੂਨੀਅਨ ਨਾਲ ਵੀ ਮੀਟਿੰਗ ਕੀਤੀ ਤੇ ਮੁਸ਼ਕਲਾਂ ਸੁਣੀਆਂ।
ਆਂਗਣਵਾੜੀ ਵਰਕਰਾਂ ਨੇ ਬਲਜੀਤ ਕੌਰ ਨੂੰ ਮੰਗ ਪੱਤਰ ਸੌਂਪਿਆ
ਲੰਬੀ (ਪੱਤਰ ਪ੍ਰੇਰਕ): ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਮੁਲਾਜ਼ਮਾਂ ਅਤੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਤਿੰਨ ਮਹੀਨੇ ਤੋਂ ਤਨਖ਼ਾਹਾਂ ਤੋਂ ਵਾਂਝੀਆਂ ਹਨ। ਇਸ ਸਬੰਧੀ ਮਨੀਸਟਰੀਅਲ ਸਟਾਫ਼ ਐਸੋਸੀਏਸ਼ਨ ਪੰਜਾਬ ਦੇ ਵਫ਼ਦ ਨੇ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਨਿਸ਼ਾਨ ਸਿੰਘ ਚੰਨੂ ਦੀ ਅਗਵਾਈ ਹੇਠ ਮੰਗ ਪੱਤਰ ਸੌਂਪ ਕੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਤਨਖ਼ਾਹਾਂ ਦਾ ਮਸਲਾ ਉਠਾਇਆ। ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਛੇਤੀ ਹੀ ਉਕਤ ਮੰਗਾਂ ਦਾ ਨਿਪਟਾਰਾ ਕੀਤਾ ਜਾਵੇਗਾ।