ਪੱਤਰ ਪ੍ਰੇਰਕ
ਭਗਤਾ ਭਾਈ, 9 ਅਕਤੂਬਰ
ਸ਼ਹਿਰ ਦੇ ਮਾਰਕੀਟ ਕਮੇਟੀ ਦਫ਼ਤਰ ਵਿਖੇ ਆਪ ਦੇ ਹਲਕਾ ਰਾਮਪੁਰਾ ਫੂਲ ਤੋਂ ਵਿਧਾਇਕ ਬਲਕਾਰ ਸਿੰਘ ਸਿੱਧੂ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਬਲਾਕ ਭਗਤਾ ਭਾਈ ਦੇ ਪਿੰਡਾਂ ਦੇ ਪੰਚਾਇਤੀ ਨੁਮਾਇੰਦਿਆਂ ਨਾਲ ਵੀ ਪਿੰਡਾਂ ਦੇ ਵਿਕਾਸ ਬਾਰੇ ਵਿਚਾਰ ਚਰਚਾ ਕੀਤੀ। ਵਿਧਾਇਕ ਬਲਕਾਰ ਸਿੱਧੂ ਨੇ ਕਿਹਾ ਕਿ ਜਲਦ ਹੀ ਹਲਕਾ ਰਾਮਪੁਰਾ ਫੂਲ ਦੇ ਪਿੰਡਾਂ ਵਿਚ ਵੱਡੀ ਪੱਧਰ ‘ਤੇ ਵਿਕਾਸ ਕਾਰਜ ਸ਼ੁਰੂ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਆਪ ਸਰਕਾਰ ਦੇ ਕੰਮਾਂ ਤੋਂ ਹਲਕੇ ਦੇ ਲੋਕ ਬਹੁਤ ਖੁਸ਼ ਹਨ ਕਿਉਂਕਿ ਉਨ੍ਹਾਂ ਦੇ ਕੰਮ ਬਿਨਾਂ ਕਿਸੇ ਪੱਖਪਾਤ ਅਤੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੀ ਖੁਸ਼ਹਾਲੀ ਲਈ ਜੋ ਫੈਸਲੇ ਲਏ ਹਨ ਉਨ੍ਹਾਂ ਤੋਂ ਸੂਬੇ ਦੇ ਲੋਕ ਪੂਰੀ ਤਰ੍ਹਾਂ ਸੰਤੁਸ਼ਟ ਹਨ। ਇਸ ਮੌਕੇ ਪਾਰਟੀ ਦੇ ਸੂਬਾ ਜੁਆਇੰਟ ਸਕੱਤਰ ਨਛੱਤਰ ਸਿੰਘ ਸਿੱਧੂ, ਬੂਟਾ ਸਿੰਘ ਜਲਾਲ, ਰਾਜਵਿੰਦਰ ਭਗਤਾ, ਡਾ. ਕੇਵਲ ਸਿੰਘ, ਬਹਾਦਰ ਬਰਾੜ ਆਦਿ ਹਾਜ਼ਰ ਸਨ।