ਜੋਗਿੰਦਰ ਸਿੰਘ ਮਾਨ
ਮਾਨਸਾ, 25 ਜੁਲਾਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਅਕਲੀਆ ਦੀ ਅਗਵਾਈ ਵਿੱਚ ਕੋਆਪ੍ਰੇਟਿਵ ਬੈਂਕ ਮਾਨਸਾ ਦਾ ਘਿਰਾਓ ਕੀਤਾ ਗਿਆ। ਇਸ ਸਮੇਂ ਸੰਬੋਧਨ ਕਰਦੇ ਹੋਏ ਜਥੇਬੰਦੀ ਦੇ ਜ਼ਿਲ੍ਹਾ ਜਨਰਲ ਸਕੱਤਰ ਮੱਖਣ ਸਿੰਘ ਭੈਣੀਬਾਘਾ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਕੋਆਪ੍ਰੇਟਿਵ ਸੁਸਾਇਟੀਆਂ ਵੱਲੋਂ ਮ੍ਰਿਤਕ ਕਿਸਾਨਾਂ ਦੇ ਵਾਰਿਸਾਂ ਦੇ ਨਵੇਂ ਸਿਰੇ ਤੋਂ ਹੱਦ ਕਰਜ਼ੇ ਬਣਾਉਣ ਤੋਂ ਟਾਲਾ ਵੱਟਿਆ ਜਾ ਰਿਹਾ ਹੈ, ਜਿਸ ਕਾਰਨ ਕਿਸਾਨਾਂ ਨੂੰ ਕਈ ਪ੍ਰਕਾਰ ਦੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬੈਂਕ ਪ੍ਰਸ਼ਾਸਨ ਨੇ ਭਰੋਸ਼ੇ ਵਿੱਚ ਦਿੱਤੀਆਂ ਮੰਗਾਂ ’ਤੇ ਪੂਰਾ ਨਾ ਉੱਤਰਿਆ ਤਾਂ ਆਉਣ ਵਾਲੇ ਸਮੇਂ ਵਿੱਚ ਜ਼ਿਲ੍ਹਾ ਪੱਧਰੀ ਸੰਘਰਸ਼ ਵਿੱਢਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਪਾਲਣ ਲਈ ਰੇਅ ਸਪਰੇਅ ਦੀ ਸਖਤ ਜ਼ਰੂਰਤ ਹੁੰਦੀ ਹੈ, ਲੋੜ ਸਮੇਂ ਇਹ ਕਿਸਾਨਾਂ ਨੂੰ ਨਹੀਂ ਦਿੱਤੀ ਜਾਂਦੀ, ਜਿਸ ਦੇ ਨਾਲ ਕਿਸਾਨ ਪ੍ਰੇਸ਼ਾਨ ਹੁੰਦਾ ਹੈ।
ਇਸ ਮੌਕੇ ਜਗਦੇਵ ਸਿੰਘ ਭੈਣੀਬਾਘਾ, ਅਮਰਜੀਤ ਜੌੜਕੀਆਂ, ਜਗਦੇਵ ਸਿੰਘ ਕੋਟਲੀ, ਰੂਪ ਸਿੰਘ ਖਿਆਲਾ, ਗੁਰਵਿੰਦਰ ਅਤੇ ਜਗਸੀਰ ਬੁਰਜ ਰਾਠੀ, ਨਾਜਰ ਭੈਣੀ ਬਾਘਾ, ਗੁਰਮੇਲ ਚਕੇਰੀਆਂ, ਲੀਲਾ ਮੂਸਾ, ਸੁਖਦੇਵ ਮੂਸਾ ਅਤੇ ਗੱਗੀ ਖਿਆਲਾ ਨੇ ਵੀ ਸੰਬੋਧਨ ਕੀਤਾ।