ਪੱਤਰ ਪ੍ਰੇਰਕ
ਮਾਨਸਾ, 6 ਅਕਤੂਬਰ
ਅਕਾਲੀ ਦਲ (ਅੰਮ੍ਰਿਤਸਰ) ਦੇ ਜ਼ਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਨੇ ਦੱਸਿਆ ਕਿ ਬਰਗਾੜੀ ਬੇਅਦਬੀ ਕਾਂਡ ਤੇ ਬਹਬਿਲ ਕਲਾਂ ਗੋਲੀ ਕਾਂਡ ਲਈ ਇਨਸਾਫ਼ ਲੈਣ ਵਾਸਤੇ 10 ਅਕਤੂਬਰ ਨੂੰ ਮਾਨਸਾ ਦਾ ਜੱਥਾ ਜਰਨਲ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਦੀ ਅਗਵਾਈ ਹੇਠ ਗ੍ਰਿਫ਼ਤਾਰੀ ਦੇਵੇਗਾ।
ਉਨ੍ਹਾਂ ਕਿਹਾ ਕਿ ਇਹ ਜੱਥਾ ਸਿੱਖ ਸੰਗਤ ਸਮੇਤ ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਬਰਗਾੜੀ ਤੋਂ ਅਰਦਾਸ ਬੇਨਤੀ ਕਰਕੇ ਜਥੇ ਦੇ ਰੂਪ ਵਿੱਚ ਚੱਲ ਕੇ ਮੋਰਚੇ ਵਾਲੇ ਸਥਾਨ ਦੇ ਨੇੜੇ ਦਾਣਾ ਮੰਡੀ ਵਿਖੇ ਗ੍ਰਿਫ਼ਤਾਰੀ ਦੇਵੇਗਾ। ਜਾਣਕਾਰੀ ਅਨੁਸਾਰ ਪੰਜਾਬ ਵਿਚ ਵਾਪਰੇ ਬੇਅਦਬੀ ਕਾਂਡ ਤੇ ਬਹਬਿਲ ਕਲਾਂ ਤੇ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਸਰਕਾਰ ’ਤੇ ਦਬਾਅ ਬਣਾਇਆ ਜਾ ਰਿਹਾ ਹੈ।