ਪਰਸ਼ੋਤਮ ਬੱਲੀ
ਬਰਨਾਲਾ, 25 ਜੁਲਾਈ
ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਐੱਮਐੱਸਪੀ ਦੀ ਗਾਰੰਟੀ ਦੇਣ ਵਾਲਾ ਨਵਾਂ ਕਾਨੂੰਨ ਬਣਵਾਉਣ ਲਈ ਰੇਲਵੇ ਸਟੇਸ਼ਨ ‘ਤੇ ਕਿਸਾਨੀ ਧਰਨਾ ਅੱਜ 298ਵੇਂ ਦਿਨ ਵੀ ਜਾਰੀ ਰਿਹਾ। ਬਰਨਾਲਾ ਧਰਨੇ ਦੀ ਸੰਚਾਲਨ ਕਮੇਟੀ ਨੇ ਵੀ ਫੈਸਲਾ ਕੀਤਾ ਹੈ ਕਿ ਕੱਲ੍ਹ ਨੂੰ ਧਰਨੇ ਦੇ ਪੂਰਾ ਸੰਚਾਲਨ ਔਰਤਾਂ ਹੀ ਕਰਨਗੀਆਂ। ਧਰਨੇ ਤੋਂ ਬਾਅਦ ਵਿੱਚ ਸ਼ਹਿਰ ਵਿੱਚ ਪ੍ਰਦਰਸ਼ਨ ਕੀਤਾ ਜਾਵੇਗਾ। ਅੱਜ ਧਰਨੇ ਨੂੰ ਬਲਵੰਤ ਸਿੰਘ ਉਪਲੀ, ਕਰਨੈਲ ਸਿੰਘ ਗਾਂਧੀ, ਗੁਰਨਾਮ ਸਿੰਘ ਠੀਕਰੀਵਾਲਾ, ਮੇਲਾ ਸਿੰਘ ਕੱਟੂ, ਗੁਰਮੇਲ ਸ਼ਰਮਾ, ਬੂਟਾ ਸਿੰਘ ਫਰਵਾਹੀ,ਰਮਨਦੀਪ ਕੌਰ ਖੁੱਡੀ ਕਲਾਂ, ਗੁਰਚਰਨ ਸਿੰਘ ਸੁਰਜੀਤਪੁਰਾ,ਅਮਰਜੀਤ ਕੌਰ, ਵਰਿੰਦਰ ਸ਼ਰਮਾ, ਬਲਵੀਰ ਕੌਰ ਕਰਮਗੜ੍ਹ, ਰਣਧੀਰ ਸਿੰਘ ਰਾਜਗੜ੍ਹ ਤੇ ਬਿੱਕਰ ਸਿੰਘ ਔਲਖ ਨੇ ਸੰਬੋਧਨ ਕੀਤਾ।
ਬੁਲਾਰਿਆਂ ਨੇ ਨਵ-ਨਿਯੁਕਤ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਨੂੰ ਖੂਹ ਤੇ ਕਿਸਾਨਾਂ ਨੂੰ ਪਿਆਸੇ ਕਹਿਣ ਵਾਲੇ ਬਿਆਨ ਦੀ ਸਖਤ ਨਿਖੇਧੀ ਕਰਦਿਆਂ ਸਿੱਧੂ ਦੀ ਹੰਕਾਰੀ ਮਾਨਸਿਕਤਾ ਦਾ ਮੁਜਾਹਰਾ ਦੱਸਿਆ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਬਲਬੂਤੇ ਖੇਤੀ ਕਾਨੂੰਨ ਰੱਦ ਕਰਵਾਉਣ ਦਾ ਦਮ ਰੱਖਦੇ ਹਨ। ਸਿੱਧੂ ਤੋਂ ਬਿਆਨ ਲਈ ਮੁਆਫ਼ੀ ਦੀ ਮੰਗ ਕੀਤੀ। ਬਲਵਿੰਦਰ ਸਿੰਘ ਠੁੱਲੀਵਾਲ ਤੇ ਨਰਿੰਦਰਪਾਲ ਸਿੰਗਲਾ ਨੇ ਗੀਤ ਤੇ ਕਵਿਤਾਵਾਂ ਸੁਣਾਈਆਂ।