Bathinda Officials Interact With Students: ਪੁਲੀਸ ਅਧਿਕਾਰੀਆਂ ਵੱਲੋਂ ’ਵਰਸਿਟੀ ਵਿਦਿਆਰਥੀਆਂ ਨਾਲ ਗੱਲਬਾਤ
ਵਿਦਿਆਰਥੀਆਂ ਨੂੰ ਅਫ਼ਵਾਹਾਂ ’ਤੇ ਯਕੀਨ ਨਾ ਕਰਨ ਲਈ ਕਿਹਾ
ਡੀ ਆਈ ਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਅਤੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ’ਚ ਵਿਦਿਆਰਥੀਆਂ ਦੇ ਰੂ-ਬ-ਰੂ ਹੋਏ। ਨਾਲ ਹੀ ਕੇਂਦਰੀ ਯੂਨੀਵਰਸਿਟੀ ਘੁੱਦਾ ਵਿੱਚ ਵੀ ਡੀ ਆਈ ਜੀ ਹਰਜੀਤ ਸਿੰਘ ਅਤੇ ਐੱਸ ਐੱਸ ਪੀ ਸੁਹੇਲ ਕਾਸਿਮ ਮੀਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਵਿੱਚ ਵਿਦਿਆਰਥੀਆਂ ਨਾਲ ਗੱਲਬਾਤ ਕਰਦਿਆਂ ਅਧਿਕਾਰੀਆਂ ਨੇ ਕਿਹਾ ਕਿ ਕਿਸੇ ਵੀ ਪ੍ਰਕਾਰ ਦੀਆਂ ਅਫ਼ਵਾਹਾਂ ਉੱਤੇ ਵਿਸ਼ਵਾਸ ਨਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਅੱਜ ਦੇ ਯੁੱਗ ਵਿੱਚ ਇੱਕ ਥਾਂ ਉੱਤੇ ਵਾਪਰੀ ਘਟਨਾ ਦੀ ਜਾਣਕਾਰੀ ਦੂਜੀ ਥਾਂ ਉੱਤੇ ਬਹੁਤ ਤੇਜ਼ੀ ਨਾਲ ਪਹੁੰਚ ਜਾਂਦੀ ਹੈ, ਜਿਸ ਦੌਰਾਨ ਜਾਣਕਾਰੀ ਦੀ ਪ੍ਰਮਾਣਿਕਤਾ ਦੀ ਜਾਂਚ ਕਰਨ ਦਾ ਸਮਾਂ ਘੱਟ ਮਿਲਦਾ ਹੈ। ਇਸ ਕਰਕੇ ਇਹ ਜ਼ਰੂਰੀ ਹੈ ਕਿ ਕਿਸੇ ਵੀ ਖ਼ਬਰ, ਖਾਸਕਰ ਸੋਸ਼ਲ ਮੀਡੀਆ ਉੱਤੇ ਨਸ਼ਰ ਹੋਈਆਂ ਖ਼ਬਰਾਂ ਉੱਤੇ ਕਿਸੇ ਵੀ ਕਿਸਮ ਦੀ ਪ੍ਰਤੀਕਿਰਿਆ ਦੇਣ ਤੋਂ ਪਹਿਲਾਂ ਉਸ ਦੀ ਪ੍ਰਮਾਣਿਕਤਾ ਦੀ ਜਾਂਚ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਠਿੰਡਾ ਦਾ ਸਿਵਲ ਪ੍ਰਸ਼ਾਸਨ ਅਤੇ ਪੁਲੀਸ ਵਿਦਿਆਰਥੀਆਂ ਲਈ ਹਰ ਵੇਲੇ ਉਪਲਬਧ ਹੈ। ਜੇਕਰ ਵਿਦਿਆਰਥੀਆਂ ਨੂੰ ਕਿਸੇ ਪ੍ਰਕਾਰ ਦੀ ਮਦਦ ਦੀ ਲੋੜ ਹੈ ਤਾਂ ਉਹ 112 ਜਾਂ 0164-2214006 ਨੰਬਰ ’ਤੇ ਪੁਲੀਸ ਨਾਲ ਸੰਪਰਕ ਕਰ ਸਕਦੇ ਹਨ। ਨਾਲ ਹੀ ਜੇਕਰ ਕੋਈ ਵਟਸਐਪ ਉੱਤੇ ਪੁਲੀਸ ਨਾਲ ਸੰਪਰਕ ਕਰਨਾ ਚਾਹੇ ਤਾਂ ਉਹ 75080-09080, 98784-21400 ’ਤੇ ਸੁਨੇਹਾ ਭੇਜ ਸਕਦਾ ਹੈ। ਗੁਰੂ ਕਾਸ਼ੀ ਯੂਨੀਵਰਸਿਟੀ ਅਤੇ ਕੇਂਦਰੀ ਯੂਨੀਵਰਸਿਟੀ ਪੰਜਾਬ ਘੁੱਦਾ ਦੇ ਵਿਦਿਆਰਥੀਆਂ ਨੇ ਆਪਣੀ ਸਮੱਸਿਆਵਾਂ ਸਾਂਝੀਆਂ ਕੀਤੀਆਂ। ਇਸ ਮੌਕੇ ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਡਾ. ਬਲਰਾਜ ਸਿੰਘ ਵਾਈਸ ਚਾਂਸਲਰ, ਡਾ. ਜਗਤਾਰ ਸਿੰਘ ਧੀਮਾਨ ਪ੍ਰੋ. ਵਾਈਸ ਚਾਂਸਲਰ ਹਾਜ਼ਰ ਸਨ।

