ਪੱਤਰ ਪ੍ਰੇਰਕ
ਮਾਨਸਾ, 2 ਮਾਰਚ
ਸੰਯੁਕਤ ਕਿਸਾਨ ਮੋਰਚਾ ਦੇ ਪ੍ਰਮੁੱਖ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਬੀਬੀਐੱਮ ਵਿਚ ਪੰਜਾਬ ਨੂੰ ਨੁਮਾਇੰਦਗੀ ਨਾ ਦੇ ਕੇ ਪੰਜਾਬ ਦੇ ਪਾਣੀਆਂ ਅਤੇ ਹੱਕਾਂ ’ਤੇ ਵੱਡਾ ਡਾਕਾ ਮਾਰਿਆ ਹੈ, ਜੋ ਬਰਦਾਸ਼ਤ ਯੋਗ ਨਹੀਂ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ਸ਼ੀਲ ਜਥੇਬੰਦੀਆਂ ਵੱਲੋਂ 7 ਮਾਰਚ ਤੋਂ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਧਰਨੇ ਦੌਰਾਨ ਮੰਗ ਪੱਤਰ ਦੇ ਕੇ ਸੰਘਰਸ਼ ਵਿੱਢਿਆ ਜਾਵੇਗਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਨੇ ਸਥਾਨਕ ਪਾਰਕ ਵਿੱਚ ਮੀਟਿੰਗ ਕਰ ਕੇ ਕੇਂਦਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿੱਚ ਪੰਜਾਬ ਦੀ ਪ੍ਰਤੀਨਿਧਤਾ ਖ਼ਤਮ ਕਰਨ ਦਾ ਤਿੱਖਾ ਵਿਰੋਧ ਕਰਦਿਆਂ ਮੋਦੀ ਸਰਕਾਰ ਦੀ ਨਿਖੇਧੀ ਕੀਤੀ। ਇਸ ਮੌਕੇ ਕਿਸਾਨ ਆਗੂ ਬਲਵਿੰਦਰ ਸਿੰਘ ਜੇਠੂਕੇ ਅਤੇ ਗੁਰਦੀਪ ਸਿੰਘ ਸੇਲਵਰਾ ਨੇ ਐਲਾਨ ਕੀਤਾ ਕਿ ਇਸ ਖ਼ਿਲਾਫ਼ 7 ਮਾਰਚ ਨੂੰ ਬਠਿੰਡਾ ਵਿੱਚ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਸ਼ਹਿਣਾ (ਪੱਤਰ ਪ੍ਰੇਰਕ): ਇਥੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਨਾਮਧਾਰੀ ਦੀ ਅਗਵਾਈ ਹੇਠ ਹੋਈ, ਜਿਸ ਵਿੱਚ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਚਰਚਾ ਕੀਤੀ ਗਈ।ਜ਼ਿਲ੍ਹਾ ਪ੍ਰਧਾਨ ਨਾਮਧਾਰੀ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੇ ਪਾਣੀ ਤੇ ਬਿਜਲੀ ਖੋਹਣ ਜਾ ਰਹੀ ਹੈ । ਉਨ੍ਹਾਂ ਕਿਹਾ ਕਿ 7 ਮਾਰਚ ਨੂੰ ਸਰਕਾਰੀ ਦਫਤਰਾਂ ਅੱਗੇ ਰੋਸ ਮੁਜ਼ਾਹਰਾ ਕਰਕੇ ਕੇਂਦਰ ਖਿਲਾਫ ਵਿਰੋਧ ਦਰਜ ਕੀਤਾ ਜਾਵੇ।