ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ
ਬਠਿੰਡਾ, 5 ਮਾਰਚ
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕੀ ਬੋਰਡ (ਬੀਬੀਐੱਮਬੀ) ’ਚੋਂ ਪੰਜਾਬ ਦੀ ਮੈਂਬਰੀ ਰੱਦ ਕੀਤੇ ਜਾਣ ਖ਼ਿਲਾਫ਼ ਅੱਜ ਸ਼ਹਿਰ ’ਚ ਰੋਸ ਮੁਜ਼ਾਹਰਾ ਕੀਤਾ। ਮੈਂਬਰੀ ਦੀ ਮੁੜ ਬਹਾਲੀ ਲਈ ਜਥੇਬੰਦੀ ਨੇ ਡੀਸੀ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਵੀ ਸੌਂਪਿਆ। ਜਥੇਬੰਦੀ ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਅਤੇ ਮੋਠੂ ਸਿੰਘ ਕੋਟੜਾ ਨੇ ਆਖਿਆ ਕਿ ਬਿਜਲੀ ਪੈਦਾਵਾਰ ਦੇ ਇਸ ਪ੍ਰਦੂਸ਼ਣ ਰਹਿਤ ਪ੍ਰਾਜੈਕਟ ਵਿੱਚ ਪੰਜਾਬ ਦੇ ਪੁਨਰਗਠਨ ਵੇਲੇ ਪੰਜਾਬ ਨੂੰ 60 ਫੀਸਦੀ ਨੁਮਾਇੰਦਗੀ ਦੇਣ ਦੇ ਦੋ ਠੋਸ ਆਧਾਰ ਸਨ। ਪਹਿਲਾ ਇਹ ਕਿ ਪ੍ਰਾਜੈਕਟ ਪੰਜਾਬ ਵਿੱਚ ਸਥਿਤ ਹੋਣਾ ਅਤੇ ਦੂਜਾ ਭਾਰੀ ਮੀਂਹ ਮੌਕੇ ਵਾਧੂ ਪਾਣੀ ਛੱਡਣ ਨਾਲ ਆਉਣ ਵਾਲੇ ਭਾਰੀ ਹੜ੍ਹਾਂ ਦੀ ਤਬਾਹੀ ਦੀ ਮਾਰ ਇਕੱਲੇ ਪੰਜਾਬ ਨੂੰ ਹੀ ਝੱਲਣੀ ਪੈਂਦੀ ਹੈ। ਬੁਲਾਰਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਨਵੇਂ ਤਾਨਾਸ਼ਾਹੀ ਹੁਕਮਾਂ ਰਾਹੀਂ ਘੋਰ ਬੇ-ਇਨਸਾਫ਼ੀ ਇਹ ਕੀਤੀ ਗਈ ਹੈ ਕਿ ਇਸ ਪ੍ਰਾਜੈਕਟ ਦੇ ਹਿੱਸੇਦਾਰ ਸੂਬਿਆਂ ਤੋਂ ਇਲਾਵਾ ਕਿਸੇ ਵੀ ਰਾਜ ਦੇ ਨੁਮਾਇੰਦੇ ਪ੍ਰਬੰਧਕ/ਚੇਅਰਮੈਨ ਨਿਯੁਕਤ ਕੀਤੇ ਜਾ ਸਕਣਗੇ।
ਆਗੂਆਂ ਪੁਰਜ਼ੋਰ ਮੰਗ ਕੀਤੀ ਕਿ ਬੀਬੀਐਮਬੀ ਦੀ ਬਣਤਰ ਦੀ ਪਹਿਲੀ ਸਥਿਤੀ ਬਹਾਲ ਕੀਤੀ ਜਾਵੇ ਅਤੇ ਇਸ ਦਾ ਕੰਟਰੋਲ ਪੰਜਾਬ ਅਤੇ ਹੋਰ ਹਿੱਸੇਦਾਰ ਸੂਬਿਆਂ ਦੇ ਹੱਥਾਂ ਵਿੱਚ ਹੀ ਰਹਿਣ ਦੀ ਗਾਰੰਟੀ ਕੀਤੀ ਜਾਵੇ। ਆਗੂਆਂ ਨੇ ਦੱਸਿਆ ਕਿ ਨਿੱਜੀਕਰਨ ਦੀ ਨੀਤੀ, ‘ਸੰਸਾਰ ਵਪਾਰ ਸੰਸਥਾ’ ਦੀਆਂ ਆਰਥਿਕ ਨੀਤੀਆਂ ’ਚੋਂ ਸਭ ਤੋਂ ਪ੍ਰਮੁੱਖ ਸਾਮਰਾਜ ਪੱਖੀ ਨੀਤੀਆਂ ਵਿੱਚੋਂ ਇੱਕ ਹੈ ਅਤੇ ਇਨ੍ਹਾਂ ਨੂੰ ਮੋਦੀ ਹਕੂਮਤ ਤੇਜ਼ੀ ਨਾਲ ਲਾਗੂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਜਨ ਅੰਦੋਲਨ ਦੇ ਦਬਾਅ ਹੇਠਾਂ ਭਾਵੇਂ ਮੋਦੀ ਸਰਕਾਰ ਨੇ ਤਿੰਨੋਂ ਖੇਤੀ ਕਾਨੂੰਨ ਵਾਪਸ ਲੈ ਲਏ ਪਰ ਇਨ੍ਹਾਂ ਨੀਤੀਆਂ ਨੂੰ ਲਾਗੂ ਕਰਨ ਦੀ ਧੁੱਸ ਉਸੇ ਤਰ੍ਹਾਂ ਹੀ ਜਾਰੀ ਹੈ।
ਮਾਨਸਾ (ਪੱਤਰ ਪ੍ਰੇਰਕ): ਭਾਖੜਾ-ਬਿਆਸ ਪ੍ਰਬੰਧਕੀ ਬੋਰਡ ’ਚੋਂ ਪੰਜਾਬ-ਹਰਿਆਣਾ ਦੀ ਮੈਂਬਰੀ ਖ਼ਤਮ ਕਰਨ ਖ਼ਿਲਾਫ਼ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਇਥੇ ਰੋਸ ਪ੍ਰਦਰਸ਼ਨ ਕੀਤਾ ਗਿਆ। ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਕਿਹਾ ਕਿ ਇਹ ਕਾਰਵਾਈ ਪੰਜਾਬ ਦੇ ਹੱਕਾਂ ’ਤੇ ਡਾਕਾ ਹੈ। ਉਨ੍ਹਾਂ ਆਖਿਆ ਕਿ ਕੇਂਦਰ ਦੀ ਕਾਰਵਾਈ ਨੂੰ ਸਹਿਣ ਨਹੀਂ ਕੀਤਾ ਜਾਵੇਗਾ।
ਫ਼ਰੀਦਕੋਟ (ਨਿੱਜੀ ਪੱਤਰ ਪ੍ਰੇਰਕ): ਭਾਖੜਾ ਬਿਆਸ ਪ੍ਰਬੰਧਕੀ ਬੋਰਡ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖ਼ਤਮ ਕਰਨ ਦੇ ਰੋਸ ਵਜੋਂ ਕੇਂਦਰ ਸਰਕਾਰ ਖਿਲਾਫ਼ ਅੱਜ ਇੱਥੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫਤਰ ਸਾਹਮਣੇ ਰੋਸ ਧਰਨਾ ਦਿੱਤਾ। ਧਰਨੇ ਨੂੰ ਸੰਬੋਧਨ ਕਰਦਿਆਂ ਜਸਪਾਲ ਸਿੰਘ ਨੰਗਲ, ਨੱਥਾ ਸਿੰਘ, ਬਲਵਿੰਦਰ ਸਿੰਘ ਮੱਤਾ, ਜਸਪ੍ਰੀਤ ਸਿੰਘ, ਜਗਜੀਤ ਸਿੰਘ, ਪੰਜਾਬ ਖੇਤ ਮਜਦੂਰ ਯੂਨੀਅਨ ਦੇ ਆਗੂ ਗੁਰਪਾਲ ਸਿੰਘ ਨੰਗਲ ਨੇ ਕੇਂਦਰ ਸਰਕਾਰ ਦੇ ਫ਼ੈਸਲੇ ਦੀ ਨਿਖੇਧੀ ਕੀਤੀ।
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਕਿਯੂ ਏਕਤਾ ਉਗਰਾਹਾਂ ਨੇ ਬੀਬੀਐਮਬੀ ਵਿੱਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕੀਤੇ ਜਾਣ ਦੇ ਵਿਰੋਧ ’ਚ ਸ਼ਹਿਰ ’ਚ ਰੋਸ ਮਾਰਚ ਕਰਦਿਆਂ ਡੀ.ਸੀ. ਦਫ਼ਤਰ ਪੁੱਜ ਕੇ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਮੀਤ ਬੁੱਕਣ ਸਿੰਘ ਸੱਦੋਵਾਲ, ਜ਼ਿਲ੍ਹਾ ਜਨਰਲ ਸਕੱਤਰ ਜਰਨੈਲ ਸਿੰਘ ਬਦਰਾ, ਭਗਤ ਸਿੰਘ ਛੰਨਾ, ਦਰਸ਼ਨ ਸਿੰਘ ਭੈਣੀ ਮਹਿਰਾਜ ਨੇ ਕਿਹਾ ਕਿ ਨਵੀਆਂ ਹਦਾਇਤਾਂ ਪੰਜਾਬ ਹਰਿਆਣੇ ਦੇ ਲੋਕਾਂ ਨੂੰ ਪ੍ਰਵਾਨ ਨਹੀਂ ਹਨ।
ਸ੍ਰੀ ਮੁਕਤਸਰ ਸਾਹਿਬ (ਨਿੱਜੀ ਪੱਤਰ ਪ੍ਰੇਰਕ): ਭਾਖੜਾ-ਬਿਆਸ ਪ੍ਰਬੰਧਕੀ ਬੋਰਡ ਦੀ ਬਣਤਰ ਵਿੱਚ ਕੇਂਦਰ ਸਰਕਾਰ ਵੱਲੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਖ਼ਿਲਾਫ਼ ਰੋਸ ਜ਼ਾਹਿਰ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਸ ਤਬਦੀਲੀ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ| ਕਿਸਾਨ ਆਗੂ ਪੂਰਨ ਸਿੰਘ ਦੋਦਾ, ਗੁਰਭਗਤ ਸਿੰਘ ਭਲਾਈਆਣਾ, ਹਰਬੰਸ ਸਿੰਘ ਕੋਟਲੀ, ਸੁਖਰਾਜ ਸਿੰਘ ਰਹੂੜਿਆਂ ਵਾਲੀ ਨੇ ਕਿਹਾ ਕਿ ਪੰਜਾਬ ਨਾਲ ਧੱਕਾ ਕੀਤਾ ਜਾ ਰਿਹਾ ਹੈ|
ਫਾਜ਼ਿਲਕਾ (ਪੱਤਰ ਪ੍ਰੇਰਕ): ਬੀਬੀਐੱਮਬੀ ਮਾਮਲੇ ਸਬੰਧੀ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵੱਲੋਂ ਜ਼ਿਲ੍ਹਾ ਪ੍ਰਧਾਨ ਗੁਰਭੇਜ ਸਿੰਘ ਰੋਹੀ ਵਾਲਾ ਦੀ ਪ੍ਰਧਾਨਗੀ ’ਚ ਅੱਜ ਡਿਪਟੀ ਕਮਿਸ਼ਨਰ ਦਫ਼ਤਰ ਫਾਜ਼ਿਲਕਾ ਦੇ ਸਾਹਮਣੇ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ।
ਕਿਸਾਨਾਂ ਨੂੰ ਮੁੜ ਸੰਘਰਸ਼ ਲਈ ਮਜਬੂਰ ਕਰ ਰਿਹੈ ਕੇਂਦਰ: ਆਗੂ
ਡੱਬੀ ਮੋਗਾ (ਨਿੱਜੀ ਪੱਤਰ ਪ੍ਰੇਰਕ): ਇਥੇ ਜ਼ਿਲ੍ਹਾ ਸਕੱਤਰੇਤ ਅੱਗੇ ਬੀਕੇਯੂ ਏਕਤਾ ਉਗਰਾਹਾਂ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਨਿਯਮਾਂ ਵਿੱਚ ਬਦਲਾਅ ਖ਼ਿਲਾਫ਼ ਰੋਸ ਰੈਲੀ ਕੀਤੀ। ਇਸ ਦੌਰਾਨ ਕੇਂਦਰ ਦੇ ਇਸ ਫ਼ੈਸਲੇ ਨੂੰ ਨਿਜੀਕਰਨ ਵੱਲ ਵਧਦਾ ਕਦਮ ਕਰਾਰ ਦਿੱਤਾ ਗਿਆ। ਇਸ ਮੌਕੇ ਐੱਸਡੀਐੱਮ ਸਤਵੰਤ ਸਿੰਘ ਨੂੰ ਮੰਗ ਪੱਤਰ ਵੀ ਸੌਂਪਿਆ। ਜਥੇਬੰਦੀ ਦੇ ਸੂਬਾਈ ਜਨਰਲ ਸਕੱਤਰ ਸੁਖਦੇਵ ਸਿਘ ਕੋਕਰੀ ਕਲਾਂ, ਜ਼ਿਲ੍ਹਾ ਪ੍ਰਧਾਨ ਅਮਰਜੀਤ ਸਿੰਘ ਸੈਦੋਕੇ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਮੁੜ ਹੱਕ ਸੱਚਾਈ ਦੀ ਲੜਾਈ ਲੜਨ ਲਈ ਮਜਬੂਰ ਕਰ ਰਹੀ ਹੈ।