Beadbi Case: ਨਿਹੰਗਾਂ ਵੱਲੋਂ ਚੱਕਾ ਜਾਮ
ਸਾਬਕਾ ਗ੍ਰੰਥੀ ਦੀ ਖ਼ੁਦਕੁਸ਼ੀ ਮਗਰੋਂ ਇਨਸਾਫ਼ ਲਈ ਧਰਨਾ ਲਾਇਆ; ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ
ਇੱਥੋਂ ਦੇ ਪਿੰਡ ਬੀਰੇਵਾਲਾ ਜੱਟਾਂ ਦੇ ਗੁਰਦੁਆਰੇ ਵਿੱਚ ਹੋਈ ਬੇਅਦਬੀ ਦੇ ਮਾਮਲੇ ਕਾਰਨ ਭਾਰੀ ਮਾਨਸਿਕ ਪ੍ਰੇਸ਼ਾਨੀ ਝੱਲਦਿਆਂ ਗੁਰੂ ਘਰ ਦੇ ਸਾਬਕਾ ਗ੍ਰੰਥੀ ਵੱਲੋਂ ਕੀਤੀ ਗਈ ਖੁਦਕੁਸ਼ੀ ਤੋਂ ਤਿੰਨ ਦਿਨ ਬਾਅਦ ਅੱਜ ਹਾਲਾਤ ਤਣਾਅਪੂਰਨ ਹੋ ਗਏ। ਰੋਹ ਵਿੱਚ ਆਏ ਨਿਹੰਗ ਸਿੰਘਾਂ ਨੇ ਮਾਨਸਾ ਵਿੱਚ ਡਿਪਟੀ ਕਮਿਸ਼ਨਰ ਦੀ ਰਿਹਾਇਸ਼ ਨੇੜੇ ਸਿਰਸਾ-ਲੁਧਿਆਣਾ ਮੁੱਖ ਮਾਰਗ ਉੱਤੇ ਧਰਨਾ ਲਾ ਦਿੱਤਾ ਤੇ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ।
ਧਰਨਾਕਾਰੀਆਂ ਨੇ ਪ੍ਰਸ਼ਾਸਨ ਤੋਂ ਬੇਅਦਬੀ ਦੇ ਅਸਲ ਕਸੂਰਵਾਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਗੁਰੂ ਘਰ ਦੇ ਮੌਜੂਦਾ ਗ੍ਰੰਥੀ ਖ਼ਿਲਾਫ਼ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ ਕਿਉਂਕਿ ਉਸ ਨੇ ਦੋ ਹਫ਼ਤੇ ਪਹਿਲਾਂ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਮਾਨਸਾ ਪੁਲੀਸ ਨੂੰ ਇਸ ਮਾਮਲੇ ਦੀ ਜਾਣਕਾਰੀ ਦੇ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸਿਰਫ਼ ਸੰਕੇਤਕ ਵਿਰੋਧ ਹੈ। ਜੇ ਇਸ ਮਾਮਲੇ ਵਿੱਚ ਪੁਲੀਸ ਅਤੇ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀਆਂ ਮੰਗਾਂ ਜਲਦੀ ਨਾ ਮੰਨੀਆਂ, ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਦੋਸ਼ ਲਾਇਆ ਕਿ ਜੇ ਸਮੇਂ ਸਿਰ ਕਾਰਵਾਈ ਕੀਤੀ ਹੁੰਦੀ, ਤਾਂ ਸਾਬਕਾ ਗ੍ਰੰਥੀ ਦੀ ਜਾਨ ਨਹੀਂ ਜਾਣੀ ਸੀ।
ਜ਼ਿਕਰਯੋਗ ਹੈ ਕਿ ਪਿੰਡ ਬੀਰੇਵਾਲਾ ਜੱਟਾਂ ਵਿੱਚ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਦੇ ਅੰਗਾਂ ’ਤੇ ਭੱਦੀ ਸ਼ਬਦਾਵਲੀ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਮਗਰੋਂ ਗ੍ਰੰਥੀ ਸਿੰਘ ਵੱਲੋਂ ਇਹ ਮਾਮਲਾ ਨਿਹੰਗ ਸਿੰਘ ਜਥੇਬੰਦੀਆਂ ਅਤੇ ਪਿੰਡ ਦੇ ਲੋਕਾਂ ਦੇ ਧਿਆਨ ਵਿੱਚ ਲਿਆਂਦਾ ਗਿਆ। ਪਿੰਡ ਵਿੱਚ ਵੱਡਾ ਇਕੱਠ ਹੋਣ ਤੋਂ ਬਾਅਦ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕੀਤੀ ਸੀ। ਧਰਨੇ ਨੂੰ ਸੰਬੋਧਨ ਕਰਦਿਆਂ ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਬਾਬਾ ਰਾਜਵਿੰਦਰ ਸਿੰਘ ਘਰਾਂਗਣਾ, ਸਤਵਿੰਦਰ ਸਿੰਘ ਅਤੇ ਧਰਸੇਮ ਸਿੰਘ ਨੇ ਕਿਹਾ ਕਿ ਮਾਮਲਾ ਧਿਆਨ ਵਿੱਚ ਲਿਆਉਣ ਵਾਲੇ ਗ੍ਰੰਥੀ ਸਿੰਘ ਬਲਵਿੰਦਰ ਸਿੰਘ ’ਤੇ ਹੀ ਪਿੰਡ ਦੀ ਕਮੇਟੀ ਦੇ ਮੈਂਬਰ ਮੇਵਾ ਸਿੰਘ ਵੱਲੋਂ ਦੋਸ਼ ਲਾਏ ਗਏ ਸਨ। ਆਗੂਆਂ ਅਨੁਸਾਰ ਹਾਲੇ ਤੱਕ ਮਾਮਲੇ ਦੀ ਕੋਈ ਨਿਰਪੱਖ ਜਾਂਚ ਨਹੀਂ ਹੋਈ ਅਤੇ ਨਾ ਹੀ ਸ਼੍ਰੋਮਣੀ ਕਮੇਟੀ ਵੱਲੋਂ ਬਣਦੀ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਵਾ ਸਿੰਘ ਵੱਲੋਂ ਬਿਨਾਂ ਵਜ੍ਹਾ ਬਣਾਏ ਗਏ ਦਬਾਅ ਕਾਰਨ ਹੀ ਗ੍ਰੰਥੀ ਬਲਵਿੰਦਰ ਸਿੰਘ ਨੇ ਤਿੰਨ ਦਿਨ ਪਹਿਲਾਂ ਖੁਦਕੁਸ਼ੀ ਕਰ ਲਈ ਸੀ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਨੇ ਮੇਵਾ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਹੈ, ਪਰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਅਜੇ ਤੱਕ ਨਹੀਂ ਮਿਲਿਆ।
ਮੁਲਜ਼ਮ ਬਖਸ਼ਿਆ ਨਹੀਂ ਜਾਵੇਗਾ: ਪੁਲੀਸ
ਧਰਨੇ ਵਾਲੀ ਥਾਂ ’ਤੇ ਪੁੱਜੇ ਥਾਣਾ ਜੋੜਕੀਆਂ ਦੇ ਮੁਖੀ ਬਲਵੀਰ ਸਿੰਘ ਨੇ ਦੱਸਿਆ ਕਿ ਬੇਅਦਬੀ ਦਾ ਮਾਮਲਾ ਧਿਆਨ ਵਿੱਚ ਆਉਂਦਿਆਂ ਹੀ ਉਨ੍ਹਾਂ ਵੱਲੋਂ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਸੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੀ ਆਪਣੇ ਪੱਧਰ ’ਤੇ ਇਸ ਮਾਮਲੇ ਦੀ ਵੱਖਰੀ ਜਾਂਚ-ਪੜਤਾਲ ਕਰ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਜੋ ਵੀ ਅਸਲ ਮੁਲਜ਼ਮ ਹੋਇਆ, ਉਸ ਨੂੰ ਬਿਲਕੁਲ ਬਖਸ਼ਿਆ ਨਹੀਂ ਜਾਵੇਗਾ। ਪੁਲੀਸ ਅਧਿਕਾਰੀ ਨੇ ਪੁਸ਼ਟੀ ਕੀਤੀ ਕਿ ਸਾਬਕਾ ਗ੍ਰੰਥੀ ਬਲਵਿੰਦਰ ਸਿੰਘ ਦੇ ਖੁਦਕੁਸ਼ੀ ਮਾਮਲੇ ਵਿੱਚ ਮੇਵਾ ਸਿੰਘ ਖ਼ਿਲਾਫ਼ ਬੀ ਐੱਨ ਐੱਸ ਦੀ ਧਾਰਾ 108 ਤਹਿਤ ਕੇਸ ਦਰਜ ਕਰਕੇ ਉਸ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

