ਨਿਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 30 ਮਾਰਚ
ਗੁਲਾਬੀ ਸੁੰਢੀ ਕਾਰਨ ਨਰਮੇ ਦੇ ਹੋਏ ਖਰਾਬੇ ਦਾ ਮੁਆਵਜ਼ਾ ਸਮੇਂ ਸਿਰ ਨਾ ਦੇਣ ਤੇ ਬਹੁ-ਗਿਣਤੀ ਕਿਸਾਨਾਂ ਨੂੰ ਸਰਵੇ ਤੋਂ ਬਾਹਰ ਕੱਢਣ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਮੁਕਤਸਰ ਦੇ ਡੀਸੀ ਦਫਤਰ ਅੱਗੇ ਅਣਮਿਥੇ ਸਮੇਂ ਦਾ ਧਰਨਾ ਸ਼ੁਰੂ ਕਰ ਦਿੱਤਾ ਹੈ| ਧਰਨੇ ਵਿੱਚ ਵੱਡੀ ਗਿਣਤੀ ’ਚ ਔਰਤਾਂ ਤੇ ਬੱਚੇ ਵੀ ਸ਼ਾਮਲ ਹੋਏ| ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ-ਉਗਰਾਹਾਂ ਦੇ ਬਠਿੰਡਾ ਜ਼ਿਲ੍ਹੇ ਦੇ ਆਗੂ ਬਸੰਤ ਸਿੰਘ ਕੋਠਾ ਗੁਰੂ, ਤੀਰਥ ਸਿੰਘ, ਅਮਰੀਕ ਸਿੰਘ ਸਿਵੀਆ, ਬਲਜੀਤ ਸਿੰਘ ਪੂਹਲਾ, ਮੁਕਤਸਰ ਬਲਾਕ ਦੇ ਆਗੂ ਹਰਫੂਲ ਸਿੰਘ, ਗਿਦੜਬਾਹਾ ਦੇ ਪ੍ਰਧਾਨ ਬਿੱਟੂ ਮੱਲਣ ਆਦਿ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਹੁਣੇ ਹੀ ਐਲਾਨ ਕੀਤਾ ਗਿਆ ਹੈ ਕਿ ਖਰਾਬੇ ਦਾ ਮੁਆਵਜ਼ਾ ਗਿਰਦਾਵਰੀ ਤੋਂ ਪਹਿਲਾਂ ਦਿੱਤਾ ਜਾਵੇਗਾ ਪਰ ਦੂਜੇ ਪਾਸੇ ਨਰਮੇ ਦਾ ਖਰਾਬਾ ਸਾਲ ਬਾਅਦ ਵੀ ਨਹੀਂ ਦਿੱਤਾ ਜਾ ਰਿਹਾ| ਉਤੋਂ ਲੰਬੀ ਵਿੱਚ ਕਿਸਾਨ ਤੇ ਮਜ਼ਦੂਰ ਆਗੂਆਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਹਨ| ਉਨ੍ਹਾਂ ਮੰਗ ਕੀਤੀ ਕਿ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ, ਲੰਬੀ ਵਿੱਚ ਦਰਜ ਹੋਏ ਕੇਸ ਰੱਦ ਕੀਤੇ ਜਾਣ ਤੇ ਜ਼ਿੰਮੇਵਾਰ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ| ਉਨ੍ਹਾਂ ਚਿਤਾਵਨੀ ਦਿੱਤੀ ਕਿ 1 ਅਪਰੈਲ ਨੂੰ ਪੰਜਾਬ ਸਰਕਾਰ ਖ਼ਿਲਾਫ਼ ਸੂਬਾ ਪੱਧਰੀ ਧਰਨਾ ਦਿੱਤਾ ਜਾਵੇਗਾ ਜੋ ਮੰਗਾਂ ਦੀ ਪੂਰਤੀ ਤੱਕ ਜਾਰੀ ਰਹੇਗਾ।