ਜੋਗਿੰਦਰ ਸਿੰਘ ਮਾਨ
ਮਾਨਸਾ, 18 ਮਈ
ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਹੋਂਦ ’ਚ ਆਈ ਭਗਵੰਤ ਮਾਨ ਦੀ ਸਰਕਾਰ ਵੱਲੋਂ ਲੋਕਾਂ ਨੂੰ ਆਸ ਅਨੁਸਾਰ ਇਨਸਾਫ ਦੇਣ ਦੇ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਗਈ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਵੀ ਦਰ-ਦਰ ਦੀਆਂ ਠੋਕਰਾਂ ਖਾ ਰਹੇ ਹਨ, ਜਦੋਂਕਿ ਉਨ੍ਹਾਂ ਦੀ ਅਕਾਲੀਆਂ ਤੇ ਕਾਂਗਰਸੀਆਂ ਦੀ ਹਕੂਮਤਾਂ ਵਾਂਗ ਕੋਈ ਸੁਣਵਾਈ ਨਹੀਂ ਰਹੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੂੰ ਵੇਖਕੇ ਜਾਪਦਾ ਹੈ ਕਿ ਪੰਜਾਬ ਵਿੱਚ ਇਨਸਾਫ਼ ਪਸੰਦ ਜਥੇਬੰਦੀਆਂ ਇਨਸਾਫ ਦੀ ਲੜਾਈ ਲੜਦੀਆਂ ਰਹਿਣਗੀਆਂ ਤੇ ਦੱਬੇ-ਕੁਚਲੇ ਲੋਕਾਂ ਨੂੰ ਇਨਸਾਫ਼ ਦਿਵਾਕੇ ਹੀ ਦਮ ਲਿਆ ਜਾਵੇਗਾ। ਉਹ ਅੱਜ ਇਥੇ ਕਿਸਾਨਾਂ ਵੱਲੋਂ ਦਿੱਤੇ ਇੱਕ ਧਰਨੇ ਨੂੰ ਸੰਬੋਧਨ ਕਰ ਰਹੇ ਸਨ। ਇਹ ਧਰਨਾ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਪਿੰਡ ਕੁਲਰੀਆਂ ਦੇ ਆੜ੍ਹਤੀਆਂ ਤੋਂ ਸਤਾਏ ਹੋਏ ਕਿਸਾਨ ਜੱਗਾ ਸਿੰਘ ਵੱਲੋਂ ਕੀਤੀ ਗਈ ਖੁਦਕੁਸ਼ੀ ਲਈ ਜ਼ਿੰਮੇਵਾਰ ਲੋਕਾਂ ਨੂੰ ਨਾ ਫੜ੍ਹਨ ਦੇ ਵਿਰੋਧ ’ਚ ਪੁਲੀਸ ਖ਼ਿਲਾਫ਼ ਲਗਾਇਆ ਗਿਆ ਸੀ।
ਧਰਨਾਕਾਰੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਬੁਰਜਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਅਣਗੌਲਿਆ ਕਰ ਰਹੀ ਹੈ ਤੇ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਨੂੰ ਮੁਆਵਜ਼ਾ ਤੇ ਨੌਕਰੀਆਂ ਦੇਣ ਤੋਂ ਕੰਨੀ ਕਤਰਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਲ ਸਰੋਤ ਤੇ ਗੁਰੂ ਗੋਬਿੰਦ ਸਿੰਘ ਰਿਫਾਇਨਰੀ ਮਹਿਕਮੇ ਵੱਲੋਂ ਕੱਢੇ ਮੁਲਾਜ਼ਮਾਂ ਦੀ ਬਹਾਲੀ ਲਈ ਕੀਤੇ ਜਾ ਰਹੇ ਸੰਘਰਸ਼ ਦੀ ਹਮਾਇਤ ਕੀਤੀ ਗਈ।
ਇਸ ਤੋਂ ਪਹਿਲਾਂ ਧਰਨੇ ਦੌਰਾਨ ਸੰਯੁਕਤ ਕਿਸਾਨ ਮੋਰਚੇ ਦੇ ਪ੍ਰਮੁੱਖ ਆਗੂ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਦੱਸਿਆ ਕਿ ਜਿਸ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਇਨਸਾਫ਼ ਲਈ ਇਹ ਧਰਨਾ ਦਿੱਤਾ ਗਿਆ ਹੈ, ਉਸ ਨੂੰ ਲੰਮੇ ਸਮੇਂ ਤੋਂ ਆੜਤੀਆਂ ਵੱਲੋਂ ਜ਼ਲੀਲ ਕੀਤਾ ਜਾ ਰਿਹਾ ਸੀ ਤੇ ਉਸ ਦੀ ਕਣਕ ਦੀ ਫ਼ਸਲ ਮੰਡੀ ਦੇ ਥੜ੍ਹੇ ਤੋਂ ਚੁੱਕਣ ਦੀ ਕੋਸ਼ਿਸ਼ ਕੀਤੀ, ਜਿਸ ਤੋਂ ਅੱਕਕੇ ਉਸ ਨੇ ਜ਼ਹਿਰੀਲੀ ਦਵਾਈ ਪੀ ਲਈ। ਉਨ੍ਹਾਂ ਕਿਹਾ ਕਿ ਭਾਵੇਂ ਪੁਲੀਸ ਨੇ ਕਸੂਰਵਾਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ ਪਰ ਹਾਲੇ ਤੱਕ ਦੋ ਜਣਿਆਂ ਦੀ ਗ੍ਰਿਫ਼ਤਾਰੀ ਨਹੀਂ ਕੀਤੀ।
ਇਸ ਮੌਕੇ ਕੁਲਵੰਤ ਸਿੰਘ ਕਿ੍ਰਸ਼ਨਗੜ੍ਹ, ਮਹਿੰਦਰ ਸਿੰਘ ਭੈਣੀਬਾਘਾ, ਐਡਵੋਕੇਟ ਬਲਵੀਰ ਕੌਰ, ਗੁਰਨਾਮ ਸਿੰਘ ਭੀਖੀ ਆਦਿ ਨੇ ਸੰਬੋਧਨ ਕੀਤਾ।