ਭਗਵੰਤ ਮਾਨ ਦਿੱਲੀ ਵਾਲਿਆਂ ਦੀ ਕਠਪੁਤਲੀ: ਹਰਸਿਮਰਤ ਬਾਦਲ
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ, 6 ਜੂਨ
ਲੋਕ ਸਭਾ ਹਲਕਾ ਬਠਿੰਡਾ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਇੱਥੇ ਪੁੱਜਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਪਾਰਟੀ ਵਰਕਰਾਂ ਨੇ ਨਿੱਘਾ ਸਵਾਗਤ ਕੀਤਾ।
ਹਰਸਿਮਰਤ ਕੌਰ ਬਾਦਲ ਨੇ ਪਹਿਲਾਂ ਤਖ਼ਤ ਸਾਹਿਬ ਅਤੇ ਇੱਥੇ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਵਿਖੇ ਮੱਥਾ ਟੇਕਿਆ। ਉਪਰੰਤ ਅਕਾਲੀ ਵਰਕਰਾਂ ਦੇ ਪਰਿਵਾਰਾਂ ਵਿੱਚ ਵਾਪਰੀਆਂ ਘਟਨਾਵਾਂ ਦੌਰਾਨ ਪਰਿਵਾਰਕ ਮੈਂਬਰਾਂ ਦੀਆਂ ਹੋਈਆਂ ਮੌਤਾਂ ’ਤੇ ਉਨ੍ਹਾਂ ਦੇ ਘਰਾਂ ਵਿੱਚ ਪੁੱਜ ਕੇ ਦੁੱਖ ਸਾਂਝਾ ਕੀਤਾ। ਉਨ੍ਹਾਂ ਲੁਧਿਆਣਾ ਜ਼ਿਮਨੀ ਚੋਣ ਸਬੰਧੀ ਪਾਰਟੀ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੂਨ 1984 ਵਿੱਚ ਮਰਹੂਮ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਤਤਕਾਲੀ ਕਾਂਗਰਸ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਉਪਰ ਤੋਪਾਂ-ਟੈਂਕਾਂ ਨਾਲ ਹਮਲਾ ਕਰ ਕੇ ਸਿੱਖਾਂ ਨੂੰ ਨਾ ਭੁੱਲਣਯੋਗ ਜ਼ਖ਼ਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਤੇ ਕਾਂਗਰਸ ਇਕੱਠੇ ਹਨ ਜੋ ਮਿਲ ਕੇ ਸ਼੍ਰੋਮਣੀ ਅਕਾਲੀ ਦਲ ਨੂੰ ਭੰਡਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਸੂਬੇ ਵਿੱਚ ਬਣੀਆਂ ਕਾਂਗਰਸੀ ਸਰਕਾਰਾਂ ਨੇ ਵੀ ਪੰਜਾਬ ਦਾ ਘਾਣ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਉਹ ਦਿੱਲੀ ਵਾਲਿਆਂ ਦੀ ਕਠਪੁਤਲੀ ਬਣੇ ਹੋਏ ਹਨ ਅਤੇ ਪੰਜਾਬੀਆਂ ਦੇ ਹੱਕ ਬਾਹਰਲੇ ਸੂਬਿਆਂ ਨੂੰ ਦਿੱਤੇ ਜਾ ਰਹੇ ਹਨ।
ਲੁਧਿਆਣਾ ਪੱਛਮੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਭਾਰਤ ਭੂਸ਼ਣ ਆਸ਼ੂ ਨੂੰ ਸੰਮਨ ਦੇਣ ਦੇ ਮਾਮਲੇ ਵਿੱਚ ਕਾਂਗਰਸ ਅਤੇ ਸੱਤਾਧਾਰੀ ਪਾਰਟੀ ਆਪ ਦੀ ਮਿਲੀ ਭੁਗਤ ਹੈ ਕਿਉਂਕਿ ਸਰਕਾਰ ਨੇ ਪਹਿਲਾਂ ਆਸ਼ੂ ਦਾ ਸੰਮਨ ਜਾਰੀ ਕਰਵਾ ਦਿੱਤਾ ਅਤੇ ਫਿਰ ਸੰਮਨ ਜਾਰੀ ਕਰਨ ਵਾਲੇ ਅਫਸਰ ਨੂੰ ਮੁਅੱਤਲ ਕਰ ਦਿੱਤਾ ਗਿਆ। ਇਸ ਮੌਕੇ ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਨਿੱਜੀ ਸਹਾਇਕ ਹਰਤਾਬਲ ਸਿੰਘ ਸੁੱਖੀ, ਜਸਵਿੰਦਰ ਸਿੰਘ ਜੈਲਦਾਰ, ਹਰਮੋਹਿੰਦਰ ਸਿੰਘ ਸਿੱਧੂ, ਰਣਜੀਤ ਸਿੰਘ ਮਲਕਾਣਾ ਤੇ ਪਾਰਟੀ ਆਗੂ ਤੇ ਵਰਕਰ ਸ਼ਾਮਲ ਸਨ।