ਲਖਵੀਰ ਸਿੰਘ ਚੀਮਾ
ਟੱਲੇਵਾਲ, 17 ਜੂਨ
ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਪ੍ਰਚਾਰ ਲਈ ਅੱਜ ਭਾਜਪਾ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵੱਲੋਂ ਪਿੰਡ ਚੀਮਾ ਅਤੇ ਗਹਿਲ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ ਗਿਆ। ਕੱਲ੍ਹ ਭਗਵੰਤ ਮਾਨ ਵੱਲੋਂ ਕੇਵਲ ਢਿੱਲੋਂ ਤੇ ਜੈਕਟ ਦੇ ਰੰਗ ’ਤੇ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਕੇਵਲ ਢਿੱਲੋਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੇਰੀ ਜੈਕਟ ਦਾ ਫ਼ਿਕਰ ਛੱਡ ਕੇ ਪੰਜਾਬ ਦੇ ਲੋਕਾਂ ਦਾ ਫ਼ਿਕਰ ਕਰਨਾ ਚਾਹੀਦਾ ਹੈ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਵਿਵਸਥਾ ਪੂਰੀ ਤਰ੍ਹਾਂ ਨਾਲ ਵਿਗੜੀ ਹੋਈ ਹੈ। ਪੰਜਾਬ ਦੇ ਕਿਸਾਨ, ਮਜ਼ਦੂਰ, ਮੁਲਾਜ਼ਮ, ਅਧਿਆਪਕਾਂ ਸਣੇ ਹਰ ਵਰਗ ਸਰਕਾਰ ਦੀ ਕਾਰਗੁਜ਼ਾਰੀ ਤੋਂ ਦੁਖੀ ਹੋ ਚੁੱਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਜਾਬ ਦੇ ਇਸ ਹਾਲਾਤ ਵੱਲ ਧਿਆਨ ਦੇਣਾ ਚਾਹੀਦਾ ਹੈ।